Punjab
Punjab News: ਦੀਵਾਲੀ ਤੱਕ ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਕੰਮਕਾਜ ਠੱਪ ਰਹਿਣ ਦੇ ਆਸਾਰ
5 ਅਤੇ 6 ਨਵੰਬਰ ਨੂੰ ‘ਕਲਮ ਛੋੜੋ, ਕੰਪਿਊਟਰ ਬੰਦ’ ਹੜਤਾਲ; ਪੁਰਾਣੀ ਪੈਨਸ਼ਨ ਸਕੀਮ ਸਮੇਤ ਕਈ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਵੱਲੋਂ ਸੰਘਰਸ਼ ਦਾ ਐਲਾਨ
ਚੰਡੀਗੜ੍ਹ (ਹਿੰ.ਸ.)। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਕਥਿਤ ਤੌਰ ’ਤੇ ਅਣਗੌਲਿਆ ਕਰਨ ਦੇ ਵਿਰੋਧ ਵਿੱਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਨੇ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਯੂਨੀਅਨ ਦੀ ਸੂਬਾ ਬਾਡੀ ਦੇ ਸੱਦੇ ’ਤੇ 5 ਅਤੇ 6 ਨਵੰਬਰ ਨੂੰ ਸੂਬੇ ਭਰ ਵਿੱਚ ਦੋ ਰੋਜ਼ਾ ‘ਕਲਮ ਛੋੜੋ ਅਤੇ ਕੰਪਿਊਟਰ ਬੰਦ’ ਹੜਤਾਲ ਕੀਤੀ ਜਾਵੇਗੀ।
ਇਸ ਤੋਂ ਬਾਅਦ ਸ਼ਨੀਵਾਰ ਅਤੇ ਐਤਵਾਰ ਦੀ ਛੁੱਟੀ ਅਤੇ ਫਿਰ ਵਿਸ਼ਵਕਰਮਾ ਦਿਵਸ ਦੀ ਛੁੱਟੀ ਕਾਰਨ ਅਗਲੇ ਕਰੀਬ ਪੰਜ ਦਿਨ ਸਰਕਾਰੀ ਦਫ਼ਤਰਾਂ ਵਿੱਚ ਪ੍ਰਸ਼ਾਸਨਿਕ ਕੰਮਕਾਜ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਲੋਕਾਂ ਨੂੰ ਆਪਣੇ ਸਰਕਾਰੀ ਕੰਮ ਕਰਵਾਉਣ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਪਠਾਨਕੋਟ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਵਿਸ਼ਾਲਵੀਰ ਸਿੰਘ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਤੋਂ ਮੁਲਾਜ਼ਮ ਜਥੇਬੰਦੀਆਂ ਸਰਕਾਰ ਨੂੰ ਵਾਰ-ਵਾਰ ਮੰਗ ਪੱਤਰ ਸੌਂਪ ਰਹੀਆਂ ਹਨ। ਮੰਗਾਂ ਸਬੰਧੀ ਮੈਮੋਰੰਡਮ ਅਤੇ ਮੀਟਿੰਗਾਂ ਰਾਹੀਂ ਵੀ ਸਰਕਾਰ ਤੱਕ ਆਪਣੀ ਗੱਲ ਪਹੁੰਚਾਈ ਗਈ ਹੈ, ਪਰ ਇਸ ਦੇ ਬਾਵਜੂਦ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਪਠਾਨਕੋਟ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਦੇ ਮਨਿਸਟੀਰੀਅਲ ਮੁਲਾਜ਼ਮ ਹੜਤਾਲ ਵਿੱਚ ਪੂਰੀ ਤਰ੍ਹਾਂ ਸ਼ਾਮਲ ਹੋਣਗੇ ਅਤੇ ਆਪਣੇ ਦਫ਼ਤਰੀ ਕੰਮਕਾਜ ਤੋਂ ਦੂਰ ਰਹਿ ਕੇ ਸਰਕਾਰ ਪ੍ਰਤੀ ਰੋਸ ਦਰਜ ਕਰਵਾਉਣਗੇ।
ਯੂਨੀਅਨ ਵੱਲੋਂ ਸਰਕਾਰ ਅੱਗੇ ਹੇਠ ਲਿਖੀਆਂ ਮੁੱਖ ਮੰਗਾਂ ਰੱਖੀਆਂ ਗਈਆਂ ਹਨ : 17 ਜੁਲਾਈ 2020 ਨੂੰ ਜਾਰੀ ਕੀਤਾ ਗਿਆ ਮੁਲਾਜ਼ਮਾਂ ਦੇ ਹਿੱਤਾਂ ਦੇ ਵਿਰੁੱਧ ਪੱਤਰ ਤੁਰੰਤ ਰੱਦ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ (ਓਪੀਐੱਸ) ਪੂਰੀ ਤਰ੍ਹਾਂ ਬਹਾਲ ਕੀਤੀ ਜਾਵੇ, ਮਹਿੰਗਾਈ ਭੱਤੇ (ਡੀਏ) ਦੀਆਂ ਬਕਾਇਆ ਕਿਸ਼ਤਾਂ ਤੁਰੰਤ ਜਾਰੀ ਕਰਕੇ ਭੁਗਤਾਨ ਕੀਤਾ ਜਾਵੇ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਕੀਤਾ ਜਾਵੇ, ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਅਤੇ ਅਸਥਾਈ ਮੁਲਾਜ਼ਮਾਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਪ੍ਰਸ਼ਾਸਨਿਕ ਕੰਮਕਾਜ ਦੀ ਰੀੜ੍ਹ ਦੀ ਹੱਡੀ ਹਨ। ਮੁਲਾਜ਼ਮ ਵਿਸ਼ਾਲਵੀਰ ਸਿੰਘ ਅਤੇ ਹੋਰ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਮਨਿਸਟੀਰੀਅਲ ਮੁਲਾਜ਼ਮ ਸਰਕਾਰ ਦੇ ਸਮੁੱਚੇ ਪ੍ਰਸ਼ਾਸਨਿਕ ਕੰਮਕਾਜ ਦੀ ਰੀੜ੍ਹ ਦੀ ਹੱਡੀ ਹਨ। ਇਹ ਮੁਲਾਜ਼ਮ ਜਨਤਾ ਅਤੇ ਸਰਕਾਰ ਵਿਚਕਾਰ ਇੱਕ ਅਹਿਮ ਕੜੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਅਣਗੌਲਿਆ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Read Also : ਦੇਸ਼ ’ਚ ਘੁਸਪੈਠੀਆਂ ਲਈ ਕੋਈ ਜਗ੍ਹਾ ਨਹੀਂ: ਅਮਿਤ ਸ਼ਾਹ
Comments