Punjab
Asian Hockey Champions Trophy 2026: ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਪੰਜਾਬ ’ਚ ਹੋਣਗੇ ਵਿਸ਼ਵ ਪੱਧਰੀ ਪ੍ਰਬੰਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
27 ਅਕਤੂਬਰ ਤੋਂ 5 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ, ਟਰਾਫੀ ਟੂਰ ਰਾਹੀਂ ਪੂਰੇ ਪੰਜਾਬ ’ਚ ਪੈਦਾ ਕੀਤਾ ਜਾਵੇਗਾ ਉਤਸ਼ਾਹ
Asian Hockey Champions Trophy 2026: ਚੰਡੀਗੜ੍ਹ, (ਸੱਚ ਕਹੂੰ ਨਿਊਜ਼/ਹਿੰ.ਸ.)| ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਵਿਸ਼ਵ ਪੱਧਰ ਦੇ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਟੂਰਨਾਮੈਂਟ ਦੌਰਾਨ ਖਿਡਾਰੀਆਂ, ਅਧਿਕਾਰੀਆਂ, ਦਰਸ਼ਕਾਂ ਅਤੇ ਵਿਦੇਸ਼ੀ ਮਹਿਮਾਨਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਪੰਜਾਬ ਦੀ ਹਾਕੀ ਵਿਰਾਸਤ ਤੇ ਮਹਿਮਾਨਨਵਾਜ਼ੀ ਨੂੰ ਵਿਸ਼ਵ ਪੱਧਰ ’ਤੇ ਉਭਾਰਿਆ ਜਾਵੇ।
ਇਸ ਸਬੰਧੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਵੱਕਾਰੀ ਖੇਡ ਸਮਾਗਮ ਪੰਜਾਬ ਦੇ ਖੇਡ ਇਤਿਹਾਸ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਣਾ ਚਾਹੀਦਾ ਹੈ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਇਹ ਵੀ ਪੜ੍ਹੋ: Poppy: 52 ਕਿੱਲੋ ਭੁੱਕੀ ਸਮੇਤ ਔਰਤ ਗ੍ਰਿਫ਼ਤਾਰ, ਪਤੀ ਦੀ ਭਾਲ ਜਾਰੀ
ਮੁੱਖ ਮੰਤਰੀ ਨੇ ਦੱਸਿਆ ਕਿ ਟੂਰਨਾਮੈਂਟ ਦਾ ਉਦਘਾਟਨੀ ਸਮਾਰੋਹ 27 ਅਕਤੂਬਰ ਨੂੰ ਜਲੰਧਰ ਵਿੱਚ ਹੋਵੇਗਾ, ਜਦਕਿ ਮੁਕਾਬਲੇ 27 ਅਕਤੂਬਰ ਤੋਂ 5 ਨਵੰਬਰ ਤੱਕ ਕਰਵਾਏ ਜਾਣਗੇ। ਭਾਰਤ, ਚੀਨ, ਮਲੇਸ਼ੀਆ, ਜਾਪਾਨ, ਬੰਗਲਾਦੇਸ਼ ਅਤੇ ਦੱਖਣੀ ਕੋਰੀਆ ਸਮੇਤ ਪ੍ਰਮੁੱਖ ਹਾਕੀ ਦੇਸ਼ਾਂ ਦੀ ਸ਼ਮੂਲੀਅਤ ਨਾਲ ਪੰਜਾਬ ਨੂੰ ਅੰਤਰਰਾਸ਼ਟਰੀ ਖੇਡ ਮੰਚ ’ਤੇ ਆਪਣੀ ਪਛਾਣ ਹੋਰ ਮਜ਼ਬੂਤ ਕਰਨ ਦਾ ਮੌਕਾ ਮਿਲੇਗਾ।
ਉਨ੍ਹਾਂ ਨਗਰ ਨਿਗਮ ਜਲੰਧਰ ਅਤੇ ਮੋਹਾਲੀ ਨੂੰ ਸਫ਼ਾਈ ਮੁਹਿੰਮਾਂ ਚਲਾਉਣ, ਜਨਤਕ ਥਾਵਾਂ ਦੀ ਸਾਂਭ-ਸੰਭਾਲ ਅਤੇ ਸ਼ਹਿਰਾਂ ਦੇ ਸੁੰਦਰੀਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਸਟੇਡੀਅਮਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ ਨੂੰ ਜਾਣ ਵਾਲੀਆਂ ਸੜਕਾਂ ਦੀ ਮੁਰੰਮਤ ਅਤੇ ਬਿਹਤਰ ਆਵਾਜਾਈ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।
ਮੁੱਖ ਮੰਤਰੀ ਨੇ ਕਿਹਾ ਕਿ ਖਿਡਾਰੀਆਂ ਅਤੇ ਉਨ੍ਹਾਂ ਦੇ ਸਹਾਇਕ ਅਮਲੇ ਲਈ ਮਿਆਰੀ ਰਿਹਾਇਸ਼, ਸੁਰੱਖਿਆ, ਭੋਜਨ ਅਤੇ ਆਵਾਜਾਈ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣ। ਹੋਟਲਾਂ ਅਤੇ ਮੈਚ ਸਥਾਨਾਂ ਵਿਚਕਾਰ ਆਵਾਜਾਈ ਸੁਚਾਰੂ ਬਣਾਈ ਜਾਵੇ, ਤਾਂ ਜੋ ਕਿਸੇ ਨੂੰ ਵੀ ਬੇਲੋੜੀ ਦੇਰੀ ਜਾਂ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਮੁੱਖ ਮੰਤਰੀ ਨੇ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਮੈਚ ਦੇਖਣ ਦੇ ਮੌਕੇ ਦੇਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀਆਂ ਨੂੰ ਖੇਡਦਿਆਂ ਦੇਖ ਕੇ ਨੌਜਵਾਨਾਂ ਵਿੱਚ ਅਨੁਸ਼ਾਸਨ, ਟੀਮ ਵਰਕ ਅਤੇ ਖੇਡ ਭਾਵਨਾ ਨੂੰ ਉਤਸ਼ਾਹ ਮਿਲੇਗਾ।
ਟੂਰਨਾਮੈਂਟ ਤੋਂ ਪਹਿਲਾਂ ਲੋਕਾਂ ਵਿੱਚ ਉਤਸ਼ਾਹ ਪੈਦਾ ਕਰਨ ਲਈ ਪੂਰੇ ਪੰਜਾਬ ਵਿੱਚ ਟਰਾਫੀ ਟੂਰ ਕਰਵਾਉਣ ਦੀ ਯੋਜਨਾ ਵੀ ਬਣਾਈ ਜਾਵੇਗੀ। ਇਸ ਤਹਿਤ ਟਰਾਫੀ ਜਾਂ ਉਸ ਦੇ ਮਾਡਲ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਐਸ.ਯੂ.ਵੀ. ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਿਜਾਇਆ ਜਾਵੇਗਾ। ਇਸ ਤੋਂ ਇਲਾਵਾ ਪ੍ਰਬੰਧਾਂ ਵਿੱਚ ਤਾਲਮੇਲ ਲਈ ਵਿਸ਼ੇਸ਼ ਕਮੇਟੀ ਦਾ ਗਠਨ ਵੀ ਕੀਤਾ ਜਾਵੇਗਾ। ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਖੇਡ ਸਕੱਤਰ ਵਰੁਣ ਰੂਜਮ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।