Jaskaran Singh Patiala Wrestler: ਵਰਲਡ ਚੈਂਪੀਅਨਸ਼ਿਪ ’ਚ ਕਾਂਸੀ ਦਾ ਤਗ਼ਮਾ ਜਿੱਤੋਣ ਵਾਲੇ ਪਹਿਲਵਾਨ ਜਸਕਰਨ ਸਿੰਘ ਦਾ ਪਟਿਆਲਾ ਪੁੱਜਣ ’ਤੇ ਭਰਵਾਂ ਸਵਾਗਤ
ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਕੀਤਾ ਸਨਮਾਨਿਤ
Jaskaran Singh Patiala Wrestler: ਪਟਿਆਲਾ, (ਸੱਚ ਕਹੂੰ ਨਿਊਜ਼/ਹਿੰ.ਸ.)। ਅਮਰੀਕਾ ਵਿੱਚ ਹੋਈ ਵਰਲਡ ਚੈਂਪੀਅਨਸ਼ਿਪ ਦੌਰਾਨ ਕਾਂਸੀ ਦਾ ਤਗ਼ਮਾ ਜਿੱਤ ਕੇ ਪੰਜਾਬ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਪਟਿਆਲਾ ਦੇ ਪਹਿਲਵਾਨ ਜਸਕਰਨ ਸਿੰਘ ਦਾ ਸ਼ਹਿਰ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਗੁਰਲਾਲ ਸਿੰਘ ਘਨੌਰ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਜਸਕਰਨ ਸਿੰਘ ਨੂੰ ਸਨਮਾਨਿਤ ਕਰਦਿਆਂ ਉਸ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ।
ਇਹ ਵੀ ਪੜ੍ਹੋ: Starlink Speed: ਆਖਰਕਾਰ ਯੂਕਰੇਨ 'ਚ ਸਟਾਰਲਿੰਕ ਦੀ ਸਪੀਡ ਬਹਾਲ
ਵਿਧਾਇਕ ਗੁਰਲਾਲ ਸਿੰਘ ਘਨੌਰ ਨੇ ਕਿਹਾ ਕਿ ਜਸਕਰਨ ਸਿੰਘ ਨੇ ਕੌਮਾਂਤਰੀ ਪੱਧਰ ’ਤੇ ਤਗ਼ਮਾ ਜਿੱਤ ਕੇ ਪੰਜਾਬ ਦੇ ਖੇਡ ਜਗਤ ਦਾ ਮਾਣ ਵਧਾਇਆ ਹੈ। ਉਸ ਦੀ ਇਸ ਪ੍ਰਾਪਤੀ ਪਿੱਛੇ ਕੀਤੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਹੋਰਨਾਂ ਨੌਜਵਾਨਾਂ ਲਈ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਜਸਕਰਨ ਦੀ ਸਫ਼ਲਤਾ ਨਾਲ ਨੌਜਵਾਨ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਆਪਣੀ ਪਛਾਣ ਬਣਾਉਣ ਦਾ ਹੌਸਲਾ ਮਿਲੇਗਾ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਵੀ ਪਹਿਲਵਾਨ ਨੂੰ ਮੁਬਾਰਕਬਾਦ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਨਾਲ ਜਸਕਰਨ ਦੀ ਇਸ ਪ੍ਰਾਪਤੀ ਦੀ ਖੇਡ ਜਗਤ ਵਿੱਚ ਸ਼ਲਾਘਾ ਕੀਤੀ ਗਈ।
ਇਸ ਮੌਕੇ ਜ਼ਿਲ੍ਹਾ ਕੁਸ਼ਤੀ ਸੰਸਥਾ ਪਟਿਆਲਾ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ, ਕੇਸਰ ਕੁਸ਼ਤੀ ਅਖਾੜਾ ਪਟਿਆਲਾ ਦੇ ਕੋਚ ਸਰਜ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਹਾਜ਼ਰ ਸਨ। ਉਨ੍ਹਾਂ ਨੇ ਵੀ ਜਸਕਰਨ ਸਿੰਘ ਨੂੰ ਵਧਾਈ ਦਿੰਦਿਆਂ ਭਵਿੱਖ ਵਿੱਚ ਹੋਰ ਵੱਡੀਆਂ ਖੇਡ ਪ੍ਰਾਪਤੀਆਂ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
