Thunderstorm Alert Punjab: ਪੰਜਾਬ ਦੇ ਇਹ ਜ਼ਿਲ੍ਹਿਆਂ ’ਚ ਮੀਂਹ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਦਾ ਯੈਲੋ ਅਲਰਟ
ਮੌਸਮ ਵਿਭਾਗ ਵੱਲੋਂ ਨਵੀਂ ਭਵਿੱਖਬਾਣੀ ਜਾਰੀ
Thunderstorm Alert Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼/ਹਿੰ.ਸ.)। ਪੰਜਾਬ ’ਚ ਮੌਸਮ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਲਈ ਮੀਂਹ, ਤੇਜ਼ ਹਵਾਵਾਂ ਤੇ ਬਿਜਲੀ ਡਿੱਗਣ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ ’ਚ ਗਰਜ-ਚਮਕ ਨਾਲ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਨ੍ਹਾਂ ਜ਼ਿਲ੍ਹਿਆਂ ’ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ਤੇ ਕੁਝ ਥਾਵਾਂ ’ਤੇ ਬਿਜਲੀ ਡਿੱਗਣ ਦੀਆਂ ਘਟਨਾਵਾਂ ਵੀ ਵਾਪਰ ਸਕਦੀਆਂ ਹਨ।
ਲੋਕਾਂ ਨੂੰ ਖਰਾਬ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਦੌਰਾਨ ਚੰਡੀਗੜ੍ਹ ’ਚ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਬੁੱਧਵਾਰ ਦੇ ਮੁਕਾਬਲੇ ਵੀਰਵਾਰ ਨੂੰ ਸੂਬੇ ਦੇ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ ’ਚ 1.2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਿਸ ਕਾਰਨ ਤਾਪਮਾਨ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਸੂਬੇ ’ਚ ਸਭ ਤੋਂ ਵੱਧ ਤਾਪਮਾਨ 42.2 ਡਿਗਰੀ ਸੈਲਸੀਅਸ ਬਠਿੰਡਾ ’ਚ ਦਰਜ ਕੀਤਾ ਗਿਆ, ਜਦਕਿ ਚੰਡੀਗੜ੍ਹ ਦਾ ਤਾਪਮਾਨ 39.2 ਡਿਗਰੀ ਸੈਲਸੀਅਸ ਰਿਹਾ। ਗਰਮੀ ਵਧਣ ਦੇ ਨਾਲ ਹੀ ਪੰਜਾਬ ’ਚ ਬਿਜਲੀ ਦੀ ਮੰਗ ’ਚ ਵੀ ਤੇਜ਼ੀ ਨਾਲ ਵਾਧਾ ਹੋਇਆ ਹੈ। ਬੁੱਧਵਾਰ ਸ਼ਾਮ ਕਰੀਬ ਪੌਣੇ ਅੱਠ ਵਜੇ ਬਿਜਲੀ ਦੀ ਮੰਗ 13,290 ਮੈਗਾਵਾਟ ਤੱਕ ਪਹੁੰਚ ਗਈ। Thunderstorm Alert Punjab
ਸੂਬਾ ਆਪਣੇ ਬਿਜਲੀ ਘਰਾਂ ਤੋਂ 4,358 ਮੈਗਾਵਾਟ ਬਿਜਲੀ ਉਤਪਾਦਨ ਕਰ ਰਿਹਾ ਹੈ, ਜਦਕਿ ਕੇਂਦਰ ਤੋਂ ਲਗਭਗ 8,800 ਮੈਗਾਵਾਟ ਬਿਜਲੀ ਖਰੀਦੀ ਜਾ ਰਹੀ ਹੈ। ਚੰਡੀਗੜ੍ਹ ਮੌਸਮ ਕੇਂਦਰ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਦੱਸਿਆ ਕਿ ਪੱਛਮੀ ਵਿਕਸ਼ੋਭ ਤੇ ਦੱਖਣੀ ਪੰਜਾਬ ਉੱਪਰ ਬਣੇ ਚੱਕਰਵਾਤੀ ਸਿਸਟਮ ਕਾਰਨ ਸੂਬੇ ’ਚ ਮੌਸਮ ਸਰਗਰਮ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ 22 ਜੂਨ ਤੱਕ ਵੱਖ-ਵੱਖ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਇਸ ਦੌਰਾਨ ਗਰਜ-ਚਮਕ, ਬਿਜਲੀ ਡਿੱਗਣ ਤੇ ਤੇਜ਼ ਹਵਾਵਾਂ ਚੱਲਣ ਦੀ ਵੀ ਸੰਭਾਵਨਾ ਬਣੀ ਰਹੇਗੀ। Thunderstorm Alert Punjab
ਅਗਲੇ ਤਿੰਨ ਦਿਨਾਂ ਦਾ ਮੌਸਮ | Thunderstorm Alert Punjab
20 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ ਅਤੇ ਸ੍ਰੀ ਮੁਕਤਸਰ ਸਾਹਿਬ ’ਚ ਮੀਂਹ, ਤੇਜ਼ ਹਵਾਵਾਂ ਤੇ ਬਿਜਲੀ ਚਮਕਣ ਦੀ ਸੰਭਾਵਨਾ। 21 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਮੋਹਾਲੀ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ। 22 ਜੂਨ ਨੂੰ ਪਠਾਨਕੋਟ, ਹੁਸ਼ਿਆਰਪੁਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਤੇ ਮਾਨਸਾ ’ਚ ਮੀਂਹ ਤੇ ਤੂਫਾਨ ਦੀ ਸੰਭਾਵਨਾ ਜਾਰੀ ਰਹੇਗੀ।