Punjab Weather Update: ਪੰਜਾਬ ਦੇ 3 ਜ਼ਿਲ੍ਹਿਆਂ ’ਚ ਭਾਰੀ ਮੀਂਹ ਦਾ ਯੈਲੋ ਅਲਰਟ, ਹਨ੍ਹੇਰੀ ਤੇ ਬਿਜਲੀ ਚਮਕਣ ਦੀ ਵੀ ਚੇਤਾਵਨੀ

9 ਤੋਂ 12 ਅਗਸਤ ਅਤੇ 14 ਅਗਸਤ ਨੂੰ ਵੀ ਪੰਜਾਬ ਦੇ ਕੁਝ ਹਿੱਸਿਆਂ 'ਚ ਮੀਂਹ ਪੈ ਸਕਦਾ ਹੈ

Ravinder Sharma Picture
Published On

ਚੰਡੀਗੜ੍ਹ (ਹਿੰ.ਸ.)। ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋਣ ਕਾਰਨ ਮੌਸਮ ਵਿਭਾਗ ਨੇ ਸੂਬੇ ਦੇ ਤਿੰਨ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੋਪੜ ਵਿੱਚ ਭਾਰੀ ਮੀਂਹ, ਹਨੇਰੀ ਤੇ ਬਿਜਲੀ ਚਮਕਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ ਸੂਬੇ ਦੇ ਹੋਰ ਜ਼ਿਲ੍ਹਿਆਂ ਵਿੱਚ ਵੀ ਕੁਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਅੰਸ਼ਕ ਤੌਰ ’ਤੇ ਬੱਦਲ ਛਾਏ ਰਹਿਣਗੇ ਅਤੇ ਇੱਕ-ਦੋ ਵਾਰ ਮੀਂਹ ਜਾਂ ਗਰਜ-ਚਮਕ ਨਾਲ ਛਿੱਟੇ ਪੈਣ ਦੀ ਸੰਭਾਵਨਾ ਹੈ।

ਪੰਜਾਬ ਦੇ ਕਈ ਇਲਾਕਿਆਂ ਵਿੱਚ ਪਏ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 1.2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.4 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਗਿਆ ਹੈ। ਇਸ ਦੌਰਾਨ ਬਠਿੰਡਾ ਵਿੱਚ ਸਭ ਤੋਂ ਵੱਧ 34 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। 8 ਅਗਸਤ ਨੂੰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤੱਕ ਲੁਧਿਆਣਾ ਵਿੱਚ ਸਭ ਤੋਂ ਵੱਧ 6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ।

Read Also : ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਦਾ ਸੰਕਲਪ ਲੜੀ ’ਚ ਪਰਥ ’ਚ ਸਾਧ-ਸੰਗਤ ਨੇ ਲਾਏ 3000 ਬੂਟੇ

ਇਸ ਤੋਂ ਇਲਾਵਾ ਸੰਗਰੂਰ ਵਿੱਚ 4 ਮਿਲੀਮੀਟਰ, ਪਟਿਆਲਾ ਅਤੇ ਫਰੀਦਕੋਟ ਵਿੱਚ 3-3 ਮਿਲੀਮੀਟਰ, ਅੰਮ੍ਰਿਤਸਰ ਵਿੱਚ 0.8 ਮਿਲੀਮੀਟਰ, ਜਦਕਿ ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਫਿਰੋਜ਼ਪੁਰ ਵਿੱਚ 1-1 ਮਿਲੀਮੀਟਰ ਮੀਂਹ ਪਿਆ। ਪਠਾਨਕੋਟ ਏਡਬਲਿਉਐਸ, ਥੀਨ ਡੈਮ ਅਤੇ ਹੁਸ਼ਿਆਰਪੁਰ ਵਿੱਚ 0.5-0.5 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ। ਚੰਡੀਗੜ੍ਹ ਏਅਰਪੋਰਟ ’ਤੇ ‘ਟ੍ਰੇਸ ਰੇਨਫਾਲ’ ਯਾਨੀ ਬਹੁਤ ਹੀ ਮਾਮੂਲੀ ਮੀਂਹ ਦਰਜ ਕੀਤਾ ਗਿਆ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਨਿਰਦੇਸ਼ਕ ਸੁਰਿੰਦਰ ਪਾਲ ਅਨੁਸਾਰ ਮਾਨਸੂਨ ਟਰਫ਼ ਆਪਣੀ ਆਮ ਸਥਿਤੀ ਵਿੱਚ ਬਣੀ ਹੋਈ ਹੈ ਅਤੇ ਉੱਤਰੀ ਭਾਰਤ ਵਿੱਚੋਂ ਲੰਘ ਰਹੀ ਹੈ।

ਇਸ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਅਗਲੇ 24 ਘੰਟਿਆਂ ਦੌਰਾਨ ਕਈ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਉਨ੍ਹਾਂ ਦੱਸਿਆ ਕਿ 9 ਤੋਂ 12 ਅਗਸਤ ਅਤੇ 14 ਅਗਸਤ ਨੂੰ ਵੀ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ ਇੱਕ ਪੱਛਮੀ ਵਿਗਾੜ ਵੀ ਸਰਗਰਮ ਹੈ, ਜਿਸ ਕਾਰਨ ਕੁਝ ਥਾਵਾਂ ’ਤੇ ਭਾਰੀ ਮੀਂਹ, ਗਰਜ-ਚਮਕ ਅਤੇ ਆਕਾਸ਼ੀ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਬਿਜਲੀ ਦੀ ਚਮਕ ਅਤੇ ਤੇਜ਼ ਹਨੇਰੀ ਦੌਰਾਨ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ।

About The Author

Related Posts