Crime News: ਅੰਮ੍ਰਿਤਸਰ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਰਿਵਾਰ ਨੇ ਰੰਜਿਸ਼ ਦਾ ਲਾਇਆ ਦੋਸ਼
ਮ੍ਰਿਤਕ ਦੀ ਪਛਾਣ ਗੁਰਅਵਤਾਰ ਸਿੰਘ ਵਜੋਂ ਹੋਈ
ਅੰਮ੍ਰਿਤਸਰ (ਸੱਚ ਕਹੂੰ ਨਿਊਜ਼/ਹਿੰ.ਸ.)। ਅੰਮ੍ਰਿਤਸਰ ਦੇ ਪਿੰਡ ਸ਼ਹੂਰਾ ’ਚ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਗੁਰਅਵਤਾਰ ਸਿੰਘ ਵਜੋਂ ਹੋਈ ਹੈ, ਜੋ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਘਟਨਾ ਤੋਂ ਬਾਅਦ ਪਿੰਡ ’ਚ ਦਹਿਸ਼ਤ ਦਾ ਮਾਹੌਲ ਹੈ, ਜਦਕਿ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਮ੍ਰਿਤਕ ਦੇ ਪਿਤਾ ਲਾਹੌਰਾ ਸਿੰਘ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਪਿੰਡ ਦੇ ਹੀ ਗੁਰਜੰਟ ਸਿੰਘ, ਹਨੀ ਤੇ ਉਨ੍ਹਾਂ ਦੇ ਹੋਰ ਸਾਥੀਆਂ ਨਾਲ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਮੁਲਜ਼ਮ ਮੋਟਰਸਾਈਕਲ ’ਤੇ ਉਨ੍ਹਾਂ ਦੇ ਘਰ ਬਾਹਰ ਪਹੁੰਚੇ ਤੇ ਗੁਰਅਵਤਾਰ ਸਿੰਘ ਨੂੰ ਬਾਹਰ ਆਉਣ ਲਈ ਆਵਾਜ਼ਾਂ ਮਾਰੀਆਂ। ਪਰਿਵਾਰ ਮੁਤਾਬਕ, ਜਿਵੇਂ ਹੀ ਗੁਰਅਵਤਾਰ ਬਾਹਰ ਆਇਆ ਤਾਂ ਦੋਵਾਂ ਧਿਰਾਂ ਵਿਚਾਲੇ ਬਹਿਸ ਸ਼ੁਰੂ ਹੋ ਗਈ।
ਦੋਸ਼ ਹੈ ਕਿ ਵਿਵਾਦ ਵਧਣ ’ਤੇ ਗੁਰਜੰਟ ਸਿੰਘ ਤੇ ਹਨੀ ਨੇ ਕਥਿਤ ਤੌਰ ’ਤੇ ਪਿਸਤੌਲ ਕੱਢ ਕੇ ਗੁਰਅਵਤਾਰ ਸਿੰਘ ’ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਨ ਉਹ ਗੰਭੀਰ ਰੂਪ ’ਚ ਜ਼ਖ਼ਮੀ ਹੋ ਕੇ ਮੌਕੇ ’ਤੇ ਹੀ ਡਿੱਗ ਪਿਆ। ਪਰਿਵਾਰਕ ਮੈਂਬਰ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਕੇ ਪਹੁੰਚੇ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਤੇ ਮਾਮਲੇ ਦੀ ਜਾਂਚ ਜਾਰੀ ਹੈ।