ਪੰਜਾਬੀ ਦੀ ਥਾਂ ਸੰਸਕ੍ਰਿਤ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣਾ ਪੰਜਾਬੀ ਭਾਸ਼ਾ ਦਾ ਤ੍ਰਿਸਕਾਰ : ਹਰਜੀਤ ਸਿੰਘ ਗਰੇਵਾਲ
ਚੰਡੀਗੜ (ਅਸ਼ਵਨੀ ਚਾਵਲਾ)। ਪੰਜਾਬੀ ਕਲਚਰਲ ਕੌਂਸਲ ਨੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਬਹੁਗਿਣਤੀ ਲੋਕਾਂ ਦੀ ਬੋਲੀ ਪੰਜਾਬੀ ਭਾਸ਼ਾ ਦੀ ਥਾਂ ਸੰਸਕ੍ਰਿਤ ਨੂੰ ਦੂਜੀ ਭਾਸ਼ਾ ਦਾ ਦਰਜਾ ਦੇਣ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਹੈ ਕਿ ਇਹ ਕਦਮ ਪੰਜਾਬ ਦਾ ਹਿੱਸਾ ਰਹੇ ਹਿਮਾਚਲ ਪ੍ਰਦੇਸ਼ ਵਿੱਚ ਵਸਦੇ ਪੰਜਾਬੀਆਂ ਨਾਲ ਬਹੁਤ ਵੱਡਾ ਧੱਕਾ ਅਤੇ ਧੋਖਾ ਹੈ।
ਇੱਥੋਂ ਜਾਰੀ ਇੱਕ ਬਿਆਨ ਵਿਚ ਪੰਜਾਬੀ ਕਲਚਰਲ ਕੌਂਸਲ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਕਿਹਾ ਕਿ ਦਹਾਕਾ ਪਹਿਲਾਂ ਪ੍ਰਦੇਸ਼ ਸਰਕਾਰ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਸੀ ਪਰ ਮੌਜੂਦਾ ਸਰਕਾਰ ਨੇ ਉਸ ਇਤਿਹਾਸਕ ਫ਼ੈਸਲੇ ਨੂੰ ਪਲਟਦਿਆਂ ਘੱਟ ਗਿਣਤੀ ਵਿੱਚ ਬੋਲੀ ਜਾਂਦੀ ਇੱਕ ਭਾਸ਼ਾ ਨੂੰ ਬਹੁਗਿਣਤੀ ਭਾਸ਼ਾਈ ਗਿਣਤੀ ਦੇ ਲੋਕਾਂ ਉੱਪਰ ਥੋਪ ਦਿੱਤਾ ਹੈ ਜੋ ਕਿ ਸੰਵਿਧਾਨ ਕਦਰਾਂ-ਕੀਮਤਾਂ ਦੇ ਬਿਲਕੁਲ ਉਲਟ ਹੈ। ਉਨ੍ਹਾਂ ਕਿਹਾ ਕਿ ਕੌਂਸਲ ਕਿਸੇ ਵੀ ਭਾਸ਼ਾ ਦੇ ਵਿਰੁੱਧ ਨਹੀਂ ਪਰ ਗੁਰੂਆਂ-ਪੀਰਾਂ ਵੱਲੋਂ ਵਰੋਸਾਈ ਗੁਰਮੁਖੀ ਭਾਸ਼ਾ ਨਾਲ ਵਿਤਕਰਾ ਸਹਿਣ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਹਿਮਾਚਲ ਦੇ ਪੰਜਾਬੀ ਪ੍ਰੇਮੀ ਸ਼ੁਰੂ ਤੋਂ ਹੀ ਪੰਜਾਬੀ ਨੂੰ ਬਣਦਾ ਰੁਤਬਾ ਦੇਣ ਅਤੇ ਇਸ ਦੀ ਪ੍ਰਫੁੱਲਤਾ ਦੀ ਮੰਗ ਕਰਦੇ ਆ ਰਹੇ ਹਨ ਪਰ ਮੌਜੂਦਾ ਸਰਕਾਰ ਨੇ ਪੰਜਾਬੀ ਪ੍ਰੇਮੀਆਂ ਦੀ ਮੰਗ ਨੂੰ ਦਰਕਿਨਾਰ ਕਰਦਿਆਂ ਪੰਜਾਬੀ ਵਿਰੋਧੀ ਫੈਸਲਾ ਲਿਆ ਹੈ, ਜਿਸ ਦੀ ਸਮੂਹ ਪੰਜਾਬੀਆਂ ਨੂੰ ਨਿੰਦਾ ਕਰਨੀ ਚਾਹੀਦੀ ਹੈ। ਉਨ੍ਹਾਂ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਅਤੇ ਮੁੱਖ ਮੰਤਰੀ ਸਮੇਤ ਭਾਜਪਾ ਦੇ ਕੇਂਦਰੀ ਆਗੂਆਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਹਿਮਾਚਲ ਸਰਕਾਰ ਦੇ ਇਸ ਤਾਜ਼ਾ ਫ਼ੈਸਲੇ ਨੂੰ ਬਦਲਦੇ ਹੋਏ ਪੁਰਾਤਨ ਅਤੇ ਬਹੁ ਗਿਣਤੀ ਦੀ ਬੋਲੀ ਨੂੰ ਬਣਦਾ ਰੁਤਬਾ ਦੇ ਕੇ ਦੂਜੀ ਭਾਸ਼ਾ ਵਜੋਂ ਮੁੜ ਲਾਗੂ ਕਰਵਾਉਣ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।