ਹੰਬੜਾਂ ਕਤਲ ਤੇ ਜ਼ਬਰ ਕਾਂਡ ਵਿਰੁੱਧ ਰੋਹ ਭਰਪੂਰ ਮੁਜ਼ਾਹਰਾ

Strong Protests, Hamburger, Murders , Repression

ਮੌਕੇ ‘ਤੇ ਪਹੁੰਚੇ ਏਸੀਪੀ ਪੱਛਮੀ ਸਮੀਰ ਵਰਮਾ ਨੇ ਮੰਗਾਂ ਮੰਨੇ ਜਾਣ ਦਾ ਭਰੋਸਾ ਦਿੱਤਾ

ਰਾਮ ਗੋਪਾਲ ਰਾਏਕੋਟੀ/ਲੁਧਿਆਣਾ। ਪੰਦਰਾਂ ਵਰ੍ਹਿਆਂ ਦੇ ਨਾਬਾਲਗ ਮਜ਼ਦੂਰ ਲਵਕੁਸ਼ ਦੇ ਕਾਤਲ ਨੂੰ ਗ੍ਰਿਫ਼ਤਾਰ ਨਾ ਕਰਕੇ ਇਨਸਾਫ਼ ਲਈ ਸੰਘਰਸ਼ ਕਰ ਰਹੀਆਂ ਜੱਥਬੰਦੀਆਂ ਦੇ ਆਗੂਆਂ ਨੂੰ ਹੀ ਝੂਠਾ ਪਰਚਾ ਦਰਜ ਕਰਕੇ ਜੇਲ੍ਹ ‘ਚ ਬੰਦ ਕਰ ਦੇਣ ਖਿਲਾਫ਼ ਅੱਜ ਹੰਬੜਾਂ ਦੀਆਂ ਸੜਕਾਂ ‘ਤੇ  ਉੱਤਰੇ ਸੈਂਕੜੇ ਮਜ਼ਦੂਰਾਂ, ਕਿਸਾਨਾਂ, ਹੋਰ ਕਿਰਤੀਆਂ ਤੇ ਨੌਜਵਾਨਾਂ ਦੇ ਰੋਹ ਭਰਪੂਰ ਮੁਜ਼ਾਹਰੇ ਰਾਹੀਂ ਅੱਜ ਹੰਬੜਾਂ ਕਤਲ ਕਾਂਡ ਜ਼ਬਰ ਵਿਰੋਧੀ ਸੰਘਰਸ਼ ਕਮੇਟੀ ਨੇ ਇਨਸਾਫ਼ ਦੀ ਮੰਗ ਕੀਤੀ ਹੈ ਲੋਕ ਰੋਹ ਨੂੰ ਵੇਖਦੇ ਹੋਏ ਮੌਕੇ ‘ਤੇ ਪਹੁੰਚੇ ਏਸੀਪੀ ਪੱਛਮੀ ਸਮੀਰ ਵਰਮਾ ਨੇ ਭਰੋਸਾ ਦਿੱਤਾ ਕਿ ਮੰਗਾਂ ਮੰਨ ਲਈਆਂ ਜਾਣਗੀਆਂ ਜੱਥੇਬੰਦੀਆਂ ਨੇ ਨਾਲ਼ੇ ਇਹ ਚਿਤਾਵਨੀ ਵੀ ਪੁਲਿਸ ਪ੍ਰਸ਼ਾਸਨ ਨੂੰ ਦਿੱਤੀ ਹੈ ਕਿ ਜੇਕਰ ਦੋ ਦਿਨ ‘ਚ ਮੰਗਾਂ ਨਾ ਪੂਰੀਆਂ ਕੀਤੀਆਂ ਗਈਆਂ ਤਾਂ ਸੰਘਰਸ਼ ਹੋਰ ਤਿੱਖਾ ਹੋਵੇਗਾ ਤੇ ਇਸਦਾ ਜਿੰਮੇਵਾਰ ਪ੍ਰਸ਼ਾਸਨ ਹੋਵੇਗਾ ਲੋਕਾਂ ਨੇ ਰੋਹ ਭਰਪੂਰ ਨਾਅਰੇ ਬੁਲੰਦ ਕਰਦੇ ਹੋਏ ਬਿਜਲੀ ਘਰ ਤੋਂ ਪੁਲਿਸ ਚੌਂਕੀ ਤੱਕ ਮੁਜ਼ਾਹਰਾ ਵੀ ਕੀਤਾ।

ਸੰਘਰਸ਼ ਕਮੇਟੀ ‘ਚ ਸ਼ਾਮਲ ਜਨਤਕ ਜਮਹੂਰੀ ਜੱਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਇਹ ਕੇਹੀ ਜਮਹੂਰੀਅਤ ਹੈ, ਜਿੱਥੇ ਦੋਸ਼ੀ ਅਜ਼ਾਦ ਘੁੰਮਦੇ ਹਨ ਤੇ ਇਨਸਾਫ਼ ਮੰਗਦੇ ਲੋਕਾਂ ਨੂੰ ਜੇਲ੍ਹਾਂ ‘ਚ ਡੱਕਿਆ ਗਿਆ ਹੈ ।ਇੱਕਮੁਠ ਹੋਣਾ, ਹੱਕਾਂ ਲਈ ਅਵਾਜ਼ ਬੁਲੰਦ ਕਰਨਾ, ਰੋਸ ਜ਼ਾਹਰ ਕਰਨਾ ਲੋਕਾਂ ਦਾ ਜਮਹੂਰੀ-ਸੰਵਿਧਾਨਕ ਹੱਕ ਹੈ। ਹੰਬੜਾਂ ਕਤਲ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਕਰਵਾਉਣ ਤੇ ਪੀੜਤ ਪਰਿਵਾਰ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਰੋਸ ਪ੍ਰਗਟਾ ਰਹੇ ਲੋਕਾਂ ‘ਤੇ ਜ਼ਬਰ, ਝੂਠਾ ਕੇਸ ਪਾਉਣ ਤੇ 10 ਆਗੂਆਂ ਨੂੰ ਜੇਲ੍ਹ ਵਿੱਚ ਡੱਕਣ ਨਾਲ਼ ਲੁਧਿਆਣਾ ਪੁਲਿਸ ਨੇ ਸਪੱਸ਼ਟ ਰੂਪ ‘ਚ ਲੋਕਾਂ ਦੇ ਇਸ ਜਮਹੂਰੀ-ਸੰਵਿਧਾਨਿਕ ਹੱਕ ਦਾ ਘਾਣ ਕੀਤਾ ਹੈ।

ਉਨ੍ਹਾਂ ਮੰਗ ਕੀਤੀ ਕਿ  ਹੰਬੜਾਂ ਦੀ ਮੈਂਸਰ ਪਲਾਈਵੁੱਡ ਫੈਕਟਰੀ ਵਿੱਚ ਕੰਮ ਕਰਨ ਵਾਲੇ 15 ਸਾਲਾ ਮਜ਼ਦੂਰ ਲਵਕੁਸ਼ ਦੀ ਵਹਿਸ਼ੀ ਕੁੱਟਮਾਰ ਕਰਕੇ ਕਤਲ ਕਰਨ ਵਾਲੇ ਠੇਕੇਦਾਰ ਵਿਰੁੱਧ ਧਾਰਾ 302 ਤਹਿਤ ਪਰਚਾ ਦਰਜ ਕੀਤਾ ਜਾਵੇ, ਉਸਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕਰ ਰਹੀਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਆਗੂਆਂ ‘ਤੇ ਦਰਜ ਕੀਤਾ ਝੂਠਾ ਪਰਚਾ ਰੱਦ ਕੀਤਾ ਜਾਵੇ ਤੇ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ ਸੰਘਰਸ਼ ਕਮੇਟੀ ਦੀ ਮੰਗ ਹੈ ਕਿ ਹੰਬੜਾਂ ਕਤਲ ਕਾਂਡ ਦੇ ਦੋਸ਼ੀ ਨਾਲ਼ ਮਿਲੀਭੁਗਤ ਕਰਨ ਵਾਲ਼ੇ ਪੁਲਿਸ ਅਫਸਰਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ ਤੇ ਲੋਕਾਂ ਦਾ ਰੋਸ ਜ਼ਾਹਰ ਕਰਨ ਦਾ ਹੱਕ ਬਹਾਲ ਕੀਤਾ ਜਾਵੇ।

ਸੰਘਰਸ਼ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ 10 ਲੋਕ ਆਗੂਆਂ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਸੁਖਦੇਵ ਭੂੰਦੜੀ, ਮੇਜ਼ਰ ਭੈਣੀ, ਚਿਮਲ ਸਿੰਘ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ ਦੇ ਆਗੂ ਰਾਜਵਿੰਦਰ, ਗੁਰਦੀਪ, ਜਗਦੀਸ਼, ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ)/ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਸੁਖਵਿੰਦਰ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਗੁਰਵਿੰਦਰ, ਸ਼ੁਲੇਂਦਰ ਤੇ ਕਾਰਖਾਨਾ ਮਜ਼ਦੂਰ ਯੂਨੀਅਨ ਦੇ ਆਗੂ ਜਸਮੀਤ  ਨੂੰ ਝੂਠਾ ਪਰਚਾ ਦਰਜ ਕਰਕੇ ਜੇਲ ਭੇਜਿਆ ਗਿਆ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।