ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਵਿਦਿਆਰਥੀਆਂ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਪੰਜਾਬੀ ਯੂਨੀਵਰਸਿਟੀ ਨੂੰ ਬਚਾਉਣ ਲਈ ਵਿਦਿਆਰਥੀਆਂ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਤਿੰਨ ਵਿਦਿਆਰਥੀ ਜਥੇਬੰਦੀਆਂ ਦੇ ਸੱਦੇ ’ਤੇ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਇਕਾਈ ਐੱਸ. ਯੂ. ਐੱਸ. ਕਾਲਜ ਸੁਨਾਮ ਦੇ ਕਾਰਕੁੰਨਾਂ ਵੱਲੋਂ ਵਿਦਿਆਰਥੀ ਮੰਗਾਂ ਸਬੰਧੀ ਵਿਧਾਨ ਸਭਾ ਹਲਕਾ ਸੁਨਾਮ ਦੇ ਐੱਮ ਐੱਲ ਏ ਅਮਨ ਅਰੋੜਾ ਨੂੰ ਮੰਗ ਪੱਤਰ ਦਿੱਤਾ ਗਿਆ। ਵਿਦਿਆਰਥੀ ਆਗੂ ਰਾਜਵਿੰਦਰ ਸਿੰਘ ਤੇ ਕੁੱਲਵੰਤ ਕੌਰ ਨੇ ਦੱਸਿਆ ਕਿ ਤਿੰਨ ਵਿਦਿਆਰਥੀ ਜਥੇਬੰਦੀਆਂ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਤੀ ਸੰਕਟ ਨੂੰ ਹੱਲ ਕਰਾਉਣ ’ਤੇ ਹੋਰ ਵਿਦਿਆਰਥੀ ਮੰਗਾਂ ਨੂੰ ਲੈ ਕੇ 25, 26 ’ਤੇ 27 ਅਗਸਤ ਨੂੰ ਪੰਜਾਬ ਵਿਧਾਨ ਸਭਾ ਦੇ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਫੈਂਸਲਾ ਕੀਤਾ ਹੈ

ਇਨ੍ਹਾਂ ਪੋ੍ਰਗਰਾਮਾਂ ਦੀ ਕੜੀ ਵਜੋਂ ਹੀ ਅੱਜ ਸੁਨਾਮ ਹਲਕੇ ਦੇ ਐੱਮ ਐੱਲ ਏ ਅਮਨ ਅਰੋੜਾ ਨੂੰ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਮੰਗ ਕੀਤੀ ਹੈ ਕਿ ਸਤੰਬਰ ਮਹੀਨੇ ਹੋਣ ਜਾ ਰਹੇ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿਦਿਆਰਥੀ ਮੰਗਾਂ ਸਬੰਧੀ ਆਵਾਜ ਉਠਾਈ ਜਾਵੇ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿੱਤੀ ਸੰਕਟ ਨੂੰ ਚੋਣ ਮੁੱਦੇ ਵਜੋਂ ਪਾਰਟੀ ਦੇ ਚੋਣ ਮੈਨੀਫੈਸਟੋ ’ਚ ਸ਼ਾਮਲ ਕੀਤਾ ਜਾਵੇ।

ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਸਰਕਾਰ ਦੀ ਬੇਰੁਖੀ ਕਾਰਨ ਬੰਦ ਹੋਣ ਕਿਨਾਰੇ ਪਹੁੰਚੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਲਈ ਲੋੜੀਂਦੀ ਗਰਾਂਟ ਫੌਰੀ ਜਾਰੀ ਕੀਤੀ ਜਾਵੇ ਅਤੇ ਇਸਦੇ ਪੱਕੇ ਹੱਲ ਲਈ ਸਾਰੀਆਂ ਵਿੱਤੀ ਜ਼ਿੰਮੇਵਾਰੀਆਂ ਪੰਜਾਬ ਸਰਕਾਰ ਵੱਲੋਂ ਚੁੱਕੀਆਂ ਜਾਣ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਫੀਸਾਂ ਵਿੱਚ ਕੀਤਾ 10 ਫੀਸਦੀ ਵਾਧਾ ਵਾਪਸ ਲਿਆ ਜਾਵੇ, ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕਾਲਜ, ਸਰਕਾਰੀ ਕਾਲਜਾਂ ਵਿੱਚ ਖਾਲੀ ਅਤੇ ਹੋਰ ਲੋੜੀਂਦੀਆਂ ਅਧਿਆਪਨ, ਗੈਰ-ਅਧਿਆਪਨ ਅਤੇ ਦਰਜਾ ਚਾਰ ਅਮਲੇ ਦੀਆਂ ਸਾਰੀਆਂ ਅਸਾਮੀਆਂ ਰੈਗੂਲਰ ਅਧਾਰ ’ਤੇ ਫੌਰੀ ਭਰੀਆਂ ਜਾਣ, ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਕਾਲਜ, ਸਰਕਾਰੀ ਕਾਲਜਾਂ ਵਿੱਚ ਕੰਮ ਕਰਦੇ ਸਭਨਾਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ, ਪੋਸਟ ਮੈਟਿ੍ਰਕ ਸਕਾਲਰਸਿਪ ਸਕੀਮ ਨੂੰ ਸਭਨਾਂ ਸਰਕਾਰੀ, ਨਿੱਜੀ ਵਿੱਦਿਅਕ ਅਦਾਰਿਆਂ ਵਿੱਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਨਵੀਂ ਸਿੱਖਿਆ ਨੀਤੀ 2020 ਰੱਦ ਕਿਤੀ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ