ਮੁਲਜ਼ਮ ਥਾਣੇਦਾਰ ਪਹਿਲਾਂ ਵੀ ਇੱਕ ਲੱਖ ਰੁਪਏ ਲੈ ਚੁੱਕਾ ਸੀ ਰਿਸ਼ਵਤ | Bribe
ਅੰਮ੍ਰਿਤਸਰ (ਰਾਜਨ ਮਾਨ)। ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਕਮਿਸ਼ਨਰੇਟ ਦਫਤਰ, ਅੰਮ੍ਰਿਤਸਰ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਤਾਇਨਾਤ ਸਬ ਇੰਸਪੈਕਟਰ ਐੱਸਆਈ ਕੁਲਵੰਤ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜਮ ਐਸਆਈ ਨੂੰ ਸੂਰਜ ਮਹਿਤਾ ਵਾਸੀ ਗੋਪਾਲ ਦਾਸ ਰੋਡ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਹਾਈਕੋਰਟ ਤੋਂ ਉਸ ਦੇ ਪਿਤਾ ਦੀ ਗ੍ਰਿਫਤਾਰੀ ’ਤੇ ਅੰਤਰਿਮ ਸਟੇਅ ਮਿਲਣ ਤੋਂ ਬਾਅਦ ਪੁਲਿਸ ਜਾਂਚ ’ਚ ਸ਼ਾਮਲ ਹੋਣ ਅਤੇ ਇਸ ਮੁਕੱਦਮੇ ’ਚ ਨਿਯਮਤ ਜਮਾਨਤ ਲੈਣ ’ਚ ਮੱਦਦ ਕਰਨ ਬਦਲੇ 50,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ।
ਇਹ ਵੀ ਪੜ੍ਹੋ : ਇਨ੍ਹਾਂ ਸੂਬਿਆਂ ’ਚ 30 ਦਸੰਬਰ ਤੱਕ ਸੰਘਣੀ ਧੁੰਦ ਦਾ ਅਲਰਟ, ਮੀਂਹ ਦੀ ਵੀ ਸੰਭਾਵਨਾ
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਥਾਣੇਦਾਰ ਉਸ ਦੇ ਪਿਤਾ ਦੁਆਰਾ ਉਹਨਾਂ ਦੀ ਸਾਂਝੀ ਫਰਮ ’ਚ ਭਾਈਵਾਲਾਂ ਵਿਰੁੱਧ ਦਰਜ ਕੀਤੇ ਇੱਕ ਵੱਖਰੇ ਕੇਸ ’ਚ ਮੱਦਦ ਦੇਣ ਦੇ ਨਾਮ ਹੇਠ ਪਹਿਲਾਂ ਵੀ ਇੱਕ ਲੱਖ ਰੁਪਏ ਦੀ ਰਿਸ਼ਵਤ ਲੈ ਚੁੱਕਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਐੱਸਆਈ ਕੁਲਵੰਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨਾਂ ਦੱਸਿਆ ਕਿ ਉਕਤ ਮੁਲਜ਼ਮ ਪੁਲਿਸ ਮੁਲਾਜ਼ਮ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ ਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। (Bribe)