ਅਕਾਲੀ ਦਲ ਬਣ ਚੁੱਕਿਆ ਹੈ ਭਾਜਪਾ ਦਾ ਗ਼ੁਲਾਮ
ਕਿਸਾਨਾਂ ਦੀਆਂ ਖੁਦਕੁਸ਼ੀਆਂ ਖੇਤੀ ਖੇਤਰ ਦੀ ਆਰਥਿਕ ਮੰਦਹਾਲੀ ‘ਚੋਂ ਉਪਜਿਆ ਆਤਮਘਾਤੀ ਕਦਮ
ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਖੇਤੀ ਖੇਤਰ ਦੀ ਆਰਥਿਕ ਮੰਦਹਾਲੀ ‘ਚੋਂ ਉਪਜਿਆ ਆਤਮਘਾਤੀ ਕਦਮ ਕਰਾਰ ਦਿੰਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਖੇਤੀ ਸੰਬੰਧੀ ਲਿਆਂਦੇ ਤਿੰਨ ਆਰਡੀਨੈਂਸਾਂ ਨੂੰ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਅਤੇ ਪੰਜਾਬ ਦੇ ਮੌਜੂਦਾ ਮੰਡੀਕਰਨ ਢਾਂਚੇ ਨੂੰ ਪੂਰੀ ਤਰਾਂ ਖ਼ਤਮ ਕਰ ਦੇਵਾਗੇ। ਸੂਬੇ ਦੇ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਸਮੇਤ ਖੇਤੀਬਾੜੀ ‘ਤੇ ਨਿਰਭਰ ਸਾਰੇ ਵਰਗਾਂ ਨਾਲ ਖੇਡੀ ਜਾ ਰਹੀ ਘਾਤਕ ਖੇਡ ‘ਚ ਅਕਾਲੀ ਦਲ (ਬਾਦਲ), ਭਾਜਪਾ ਅਤੇ ਕਾਂਗਰਸ ਬਰਾਬਰ ਦੇ ਸ਼ਰੀਕ ਹਨ।
ਇੱਕ ਪ੍ਰੈੱਸ ਕਾਨਫ਼ਰੰਸ ‘ਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਿਹਾਰ ਵਰਗੇ ਸੂਬਿਆਂ ਵਿੱਚ ਕੋਈ ਏ.ਪੀ.ਐਮ.ਸੀ. ਸਿਸਟਮ ਨਹੀਂ ਹੈ। ਇਨਾਂ ਸੂਬਿਆਂ ਵਿੱਚ ਕਿਸਾਨਾਂ ਦੀ ਹਾਲਤ ਬਹੁਤ ਹੀ ਬੁਰੀ ਸਥਿਤੀ ਵਿੱਚ ਹੈ। ਇਹ ਕਿਸਾਨ ਖੁੱਲੇ ਬਾਜ਼ਾਰਾਂ ਨਾਲੋਂ ਏ.ਪੀ.ਐਮ.ਸੀ ਦੇ ਸਿਸਟਮ ਨੂੰ ਤਰਜੀਹ ਦਿੰਦੇ ਹਨ, ਕਿਉਂਕਿ ਖੁੱਲੇ ਬਾਜ਼ਾਰ ਪ੍ਰਣਾਲੀ ਵਿਚ ਉਨਾਂ ਦੀ ਸੌਦੇਬਾਜ਼ੀ ਦੀ ਸ਼ਕਤੀ ਘੱਟ ਜਾਂਦੀ ਹੈ। ਜਦੋਂ ਕਿਸਾਨ ਆਪਣੀ ਫ਼ਸਲ ਨੂੰ ਏ.ਪੀ.ਐਮ.ਸੀ. ਦੀ ਬਜਾਏ ਖੁੱਲੇ ਬਾਜ਼ਾਰ ਵਿੱਚ ਵੇਚਦੇ ਹਨ ਤਾਂ ਉਹ ਸਰਕਾਰ ਵੱਲੋਂ ਨਿਰਧਾਰਿਤ ਐਮ.ਐਸ.ਪੀ ਦੀ ਰਕਮ ਹਾਸਿਲ ਨਹੀਂ ਕਰਦੇ।
ਹਰਪਾਲ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ‘ਆਪ’ ਨੂੰ ਕਾਂਗਰਸ ਦੀ ‘ਬੀ’ ਟੀਮ ਕਹਿ ਰਹੇ ਹਨ, ਪਰੰਤੂ ਸਚਾਈ ਇਹ ਹੈ ਕਿ ਅਕਾਲੀ ਦਲ ਮਾਫ਼ੀਆ ਦੀ ‘ਏ’ ਟੀਮ ਅਤੇ ਕਾਂਗਰਸ ਮਾਫ਼ੀਆ ਦੀ ‘ਬੀ’ ਟੀਮ ਹੈ। ਆਮ ਆਦਮੀ ਪਾਰਟੀ ਸਿਰਫ਼ ਤੇ ਸਿਰਫ਼ ਪੰਜਾਬ ਦੇ ਲੋਕਾਂ ਦੀ ‘ਏ’ ਟੀਮ ਹੈ। ਉਨਾਂ ਅੱਗੇ ਬੋਲਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਜੋ ਆਪਣੇ ਆਪ ਨੂੰ ਪੰਜਾਬ ਦੇ ਕਿਸਾਨਾਂ ਦੀ ਸਭ ਤੋਂ ਵੱਡੀ ਹਿਤੈਸ਼ੀ ਪਾਰਟੀ ਅਖਵਾਉਂਦਾ ਹੈ। ਅੱਜ ਭਾਜਪਾ ਦਾ ਹੀ ਇੱਕ ਰੂਪ ਬਣ ਚੁੱਕਿਆ ਹੈ, ਜੋ ਕਿ ਕੇਂਦਰ ਵਿਚ ਬੈਠੀ ਭਾਜਪਾ ਸਰਕਾਰ ਦੀ ਗ਼ੁਲਾਮੀ ਕਰਦਾ ਹੈ ਅਤੇ ਸਾਰਾ ਅਕਾਲੀ ਦਲ ਹਰਸਿਮਰਤ ਕੌਰ ਬਾਦਲ ਦੀ ਕੁਰਸੀ ਬਚਾਉਣ ਦੇ ਲਈ ਪੰਜਾਬ ਦੇ ਹਿੱਤਾਂ ਦੀ ਕੁਰਬਾਨੀ ਦੇ ਰਿਹਾ ਹੈ।
ਉਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅੱਜ ਅਕਾਲੀ ਦਲ ਦੇ ਨਹੀਂ ਛੋਟੀ ਭਾਜਪਾ ਦੇ ਪ੍ਰਧਾਨ ਹਨ, ਵੱਡੀ ਭਾਜਪਾ ਜੋ ਵੀ ਹੁਕਮ ਦਿੰਦੀ ਹੈ ਛੋਟੀ ਗ਼ੁਲਾਮ ਭਾਜਪਾ ਉਹ ਹੁਕਮ ਪੂਰਾ ਕਰਦੀ ਹੈ।
ਅਮਨ ਅਰੋੜਾ ਨੇ ਕਿਹਾ ਕਿ ਬਾਦਲਾਂ ਨੇ ਹਰਸਿਮਰਤ ਕੌਰ ਬਾਦਲ ਦੀ ਇੱਕ ਵਜ਼ੀਰੀ ਲਈ ਇਨਾਂ ਘਾਤਕ ਆਰਡੀਨੈਂਸਾਂ ਦਾ ਸਾਥ ਦੇ ਕੇ ਪੰਜਾਬ ਦੇ ਕਿਸਾਨਾਂ ਦੀ ਕੁਰਬਾਨੀ ਦੇ ਰਹੇ ਹਨ ਅਤੇ ਇੱਕ ਵਾਰ ਹੋਰ ਪੰਜਾਬ ਦੀ ਪਿੱਠ ‘ਚ ਉਸੇ ਤਰਾਂ ਛੁਰਾ ਮਾਰਿਆ ਹੈ, ਜਿਵੇਂ ਵਾਜਪਾਈ ਸਰਕਾਰ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਵਜ਼ੀਰੀ ਲਈ ਪੰਜਾਬ ਨੂੰ ਗੁਆਂਢੀ ਪਹਾੜੀ ਰਾਜਾਂ ਨੂੰ ਮਿਲੀਆਂ ਵਿਸ਼ੇਸ਼ ਉਦਯੋਗਿਕ ਪੈਕੇਜ ਅਤੇ ਰਿਆਇਤਾਂ ਤੋਂ ਵਾਂਝਾ ਕੀਤਾ ਸੀ, ਜਿਸ ਕਾਰਨ ਪੰਜਾਬ ਦੇ ਉਦਯੋਗ ਗੁਆਂਢੀ ਰਾਜਾਂ ‘ਚ ਹਿਜਰਤ ਕਰ ਗਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ