ਸੁਰਿੰਦਰਪਾਲ ਗੁਰਦਾਸਪੁਰ ਨੇ ਰਾਸ਼ਟਰਪਤੀ ਤੇ ਪੰਜਾਬ ਸਰਕਾਰ ਤੋਂ ਸਵੈ ਇੱਛਾ ਮੌਤ ਦੀ ਕੀਤੀ ਮੰਗ

Unemployed ETT TET Pass Teachers

ਸੁਰਿੰਦਰਪਾਲ ਗੁਰਦਾਸਪੁਰ ਨੇ ਟਾਵਰ ’ਤੇ ਸ਼ੁਰੂ ਕੀਤਾ ਮਰਨ ਵਰਤ

ਖੁਸ਼ਵੀਰ ਸਿੰਘ ਤੂਰ, ਪਟਿਆਲਾ। ਰੁਜਗਾਰ ਦੀ ਮੰਗ ਨੂੰ ਲੈ ਕੇ 92 ਦਿਨਾਂ ਤੋਂ ਮੁੱਖ ਮੰਤਰੀ ਦੇ ਸ਼ਹਿਰ ’ਚ ਉੱਚੇ ਟਾਵਰ ’ਤੇ ਡਟੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕ ਸੁਰਿੰਦਰਪਾਲ ਗੁਰਦਾਸਪੁਰ ਨੇ ਭਾਰਤ ਦੇ ਰਾਸ਼ਟਰਪਤੀ ਤੇ ਪੰਜਾਬ ਸਰਕਾਰ ਤੋਂ ਸਵੈ ਇੱਛਾ ਮੌਤ ਦੀ ਮੰਗ ਕੀਤੀ ਹੈ। ਇਸ ਤੋਂ ਇਲਾਵਾ ਅੱਜ ਉਸ ਵੱਲੋਂ ਟਾਵਰ ’ਤੇ ਹੀ ਆਪਣਾ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ।

ਦੱਸਣਯੋਗ ਹੈ ਕਿ ਅੰਤਾਂ ਦੀ ਗਰਮੀ ’ਚ 200 ਫੁੱਟ ਤੋਂ ਵੱਧ ਉੱਚੇ ਟਾਵਰ ’ਤੇ ਡਟੇ ਸੁਰਿੰਦਰਪਾਲ ਗੁਰਦਾਸਪੁਰ ਦੀ ਅਜੇ ਤੱਕ ਨਾ ਤਾਂ ਪਟਿਆਲਾ ਪ੍ਰਸ਼ਾਸਨ ਵੱਲੋਂ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਸੁਰਿੰਦਰਪਾਲ ਦੀ ਕੋਈ ਸਾਰ ਲਈ ਗਈ ਹੈ ਸੁਰਿੰਦਰਪਾਲ ਦੀ ਹਾਲਤ ਇੰਨੀ ਨਾਜ਼ੁਕ ਹੋ ਚੁੱਕੀ ਹੈ ਕਿ ਉਹ ਬੋਲਣ ਤੋਂ ਵੀ ਅਸਮਰੱਥ ਜਾਪ ਰਿਹਾ ਹੈ । ਉਸ ਨੂੰ ਚਮੜੀ ਦੇ ਰੋਗ ਤੇ ਸਰੀਰਕ ਦਰਦ ਵਰਗੀ ਬੀਮਾਰੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਸਰਕਾਰ ਦੀਆਂ ਮਾੜੀਆਂ ਨੀਤੀਆਂ ਤੋਂ ਤੰਗ ਆ ਕੇ ਸੁਰਿੰਦਰਪਾਲ ਗੁਰਦਾਸਪੁਰ ਨੇ ਰਾਸ਼ਟਰਪਤੀ ਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਜੇਕਰ ਸਾਡੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਕਰਦੀ ਤਾਂ ਉਸ ਨੂੰ ਇੱਛਕ ਮੌਤ ਦੀ ਮਨਜੂਰੀ ਦਿੱਤੀ ਜਾਵੇ ਤੇ ਸੁਰਿੰਦਰਪਾਲ ਗੁਰਦਾਸਪੁਰ ਵੱਲੋਂ ਅੱਜ ਟਾਵਰ ਦੇ ਉੱਪਰ ਹੀ ਮਰਨ ਵਰਤ ਸ਼ੁਰੂ ਕਰ ਦਿੱਤਾ ਗਿਆ ਹੈ ।

ਉਸ ਨੇ ਕਿਹਾ ਕਿ ਜਿਹੜੀ ਪੰਜਾਬ ਸਰਕਾਰ ਘਰ-ਘਰ ਨੌਕਰੀ ਦੇ ਵਾਅਦੇ ਨੂੰ ਲੈ ਕੇ ਸੱਤਾ ਵਿੱਚ ਆਈ ਸੀ, ਉਹ ਸਰਕਾਰ ਅੱਜ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਰਹੀ ਹੈ ਜਦੋਂ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਸੜਕਾਂ ’ਤੇ ਰੁਲਣ ਲਈ ਮਜਬੂਰ ਕੀਤਾ ਜਾ ਰਿਹਾ ਹੈ । ਈ.ਟੀ.ਟੀ. ਦੀਆਂ ਪੋਸਟਾਂ ਉੱਪਰ ਪਹਿਲਾ ਹੱਕ ਈਟੀਟੀ ਟੈੱਟ ਪਾਸ ਉਮੀਦਵਾਰਾਂ ਦਾ ਬਣਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੀਐਡ ਸਿੱਖਿਆ ਪ੍ਰੋਵਾਈਡਰ ਤੇ ਵਲੰਟੀਅਰ ਨੂੰ ਵਿਚਾਰ ਕੇ ਉਨ੍ਹਾਂ ਦੀ ਹੱਕੀ ਪੋਸਟਾਂ ਤੋਂ ਉਨ੍ਹਾਂ ਨੂੰ ਵਾਂਝਾ ਕੀਤਾ ਜਾ ਰਿਹਾ ਹੈ । ਉਸ ਨੇ ਕਿਹਾ ਕਿ ਈਟੀਟੀ ਅਧਿਆਪਕਾਂ ’ਤੇ ਲਾਠੀਆਂ ਅਤੇ ਡੰਡੇ ਬਰਸਾਉਣ ਤੋਂ ਬਾਅਦ ਵੀ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਉਨ੍ਹਾਂ ਕਿਹਾ ਕਿ ਉਹ ਨੌਕਰੀ ਲਈ ਹਰ ਯੋਗਤਾ ਰੱਖਦੇ ਹਨ ਪਰ ਫੇਰ ਵੀ ਸਰਕਾਰ ਵੱਲੋਂ ਉਨ੍ਹਾਂ ਨੂੰ ਮਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।