ਸਪਰੇਅ ਦੌਰਾਨ ਹਾਦਸੇ ਤੋਂ ਬਚਾਓ ਦੇ ਮੁੱਢਲੇ ਢੰਗ
ਜੇ ਕਿਸੇ ਨੂੰ ਇਨ੍ਹਾਂ ਦਵਾਈਆਂ ਦਾ ਜ਼ਹਿਰ ਚੜ੍ਹ ਜਾਵੇ ਤਾਂ ਜ਼ਲਦੀ ਹੀ ਡਾਕਟਰ ਨੂੰ ਬੁਲਾ ਲੈਣਾ ਚਾਹੀਦਾ ਹੈ। ਡਾਕਟਰ ਦੇ ਪੁੱਜਣ ਤੋਂ ਪਹਿਲਾਂ ਮੁੱਢਲੇ ਬਚਾਓ ਦੇ ਢੰਗ ਅਪਣਾਅ ਲੈਣੇ ਜ਼ਰੂਰੀ ਹਨ।
ਨਿਗਲੀ ਹੋਈ ਜ਼ਹਿਰ:
ਜਲਦੀ ਹੀ ਉਲਟੀ ਕਰਾ ਕੇ ਮਰੀਜ਼ ਦੇ ਪੇਟ ਵਿੱਚੋਂ ਜ਼ਹਿਰ ਕੱਢ ਦੇਣੀ ਚਾਹੀਦੀ ਹੈ। ਇੱਕ ਚਮਚ (15 ਗ੍ਰਾਮ) ਨਮਕ ਗਰਮ ਪਾਣੀ ਦੇ ਗਲਾਸ ਵਿੱਚ ਘੋਲ ਕੇ ਮਰੀਜ ਨੂੰ ਦਿਓ ਅਤੇ ਇਹ ਅਮਲ, ਉਸ ਸਮੇਂ ਤੱਕ ਦੁਹਰਾਉਂਦੇ ਰਹੋ ਜਿੰਨਾ ਚਿਰ ਤੱਕ ਕਿ ਉਲਟੀ ਨਾ ਹੋ ਜਾਵੇ। ਸਹਿਜੇ-ਸਹਿਜੇ ਉਂਗਲੀ ਨਾਲ ਗਲ ਨੂੰ ਟੋਹਣ ਜਾਂ ਚਮਚੇ ਦਾ ਖੁੰਢਾ ਪਾਸਾ ਗਲ ਉੱਤੇ ਰੱਖਣ ਨਾਲ ਜਦੋਂ ਪੇਟ ਨਮਕੀਨ ਪਾਣੀ ਨਾਲ ਭਰਿਆ ਹੋਵੇ ਉਲਟੀ ਕਰਾਉਣ ਵਿੱਚ ਸਹਾਇਤਾ ਮਿਲਦੀ ਹੈ। ਜੇ ਮਰੀਜ ਪਹਿਲਾਂ ਹੀ ਉਲਟੀਆਂ ਕਰ ਰਿਹਾ ਹੋਵੇ ਤਾਂ ਉਸ ਨੂੰ ਨਮਕ ਨਾ ਦਿਓ। ਜੇ ਮਰੀਜ ਬੇਸੁਰਤ ਹੋਵੇ ਤਾਂ ਉਲਟੀਆਂ ਨਾ ਕਰਵਾਉ।
ਸਾਹ ਰਾਹੀਂ ਅੰਦਰ ਗਿਆ ਜ਼ਹਿਰ:
- -ਮਰੀਜ ਨੂੰ ਜਲਦੀ ਹੀ ਖੁੱਲ੍ਹੀ ਹਵਾ ਵਿੱਚ ਲੈ ਜਾਓ (ਤੋਰ ਕੇ ਨਹੀਂ)।
- -ਸਾਰੇ ਦਰਵਾਜੇ ਅਤੇ ਖਿੜਕੀਆਂ ਖੋਲ੍ਹ ਦਿਓ।
- -ਪਾਏ ਤੰਗ ਕੱਪੜੇ ਢਿੱਲੇ ਕਰ ਦਿਓ।
- -ਜੇ ਸਾਹ ਬੰਦ ਹੋ ਜਾਵੇ ਜਾਂ ਸਾਹ ਵਿੱਚ ਤਬਦੀਲੀ ਆ ਜਾਵੇ ਤਾਂ ਆਰਜੀ ਤੌਰ ’ਤੇ ਸਾਹ ਦਿਵਾਉਣਾ ਚਾਹੀਦਾ ਹੈ। ਛਾਤੀ ਤੇ ਕੋਈ ਦਬਾਅ ਨਹੀਂ ਦੇਣਾ ਚਾਹੀਦਾ।
- -ਮਰੀਜ਼ ਨੂੰ ਸਰਦੀ ਨਹੀਂ ਲੱਗਣ ਦੇਣੀ ਚਾਹੀਦੀ। ਮਰੀਜ਼ ਉੱਤੇ ਕੰਬਲ ਦੇਣਾ ਚਾਹੀਦਾ ਹੈ।
- -ਮਰੀਜ਼ ਨੂੰ ਜਿੰਨਾ ਹੋ ਸਕੇ ਚੁੱਪ ਰੱਖਣਾ ਚਾਹੀਦਾ ਹੈ।
- -ਜੇ ਮਰੀਜ਼ ਨੂੰ ਕੜਵੱਲ ਪੈਣ ਤਾਂ ਉਸਨੂੰ ਹਨ੍ਹੇਰੇ ਕਮਰੇ ਵਿੱਚ ਬਿਸਤਰ ਵਿੱਚ ਰੱਖੋ।
- -ਉੁਥੇ ਕੋਈ ਸ਼ੋਰ-ਸ਼ਰਾਬਾ ਨਾ ਕਰੋ।
- -ਮਰੀਜ਼ ਨੂੰ ਅਲਕੋਹਲ ਨਾ ਦਿਉ।
ਚਮੜੀ ਰਾਹੀਂ ਜ਼ਹਿਰ ਜਾਣਾ:
- -ਪਾਣੀ ਨਾਲ ਸਰੀਰ ਨੂੰ ਗਿੱਲਾ ਕਰ ਲਓ (ਸ਼ਾਵਰ, ਹੌਜ਼ ਜਾਂ ਪੰਪ ਦੁਆਰਾ)
- -ਕੱਪੜੇ ਉਤਾਰ ਕੇ ਸਰੀਰ ’ਤੇ ਲਗਾਤਾਰ ਪਾਣੀ ਪਾਉਂਦੇ ਜਾਓ।
- -ਸਰੀਰ ਨੂੰ ਸਾਬਣ ਅਤੇ ਪਾਣੀ ਨਾਲ ਚੰਗੀ ਤਰ੍ਹਾਂ ਸਾਫ਼ ਕਰੋ।
- -ਸਰੀਰ ਨੂੰ ਛੇਤੀ ਧੋ ਲੈਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਕਾਫੀ ਫ਼ਰਕ ਪੈ ਜਾਂਦਾ ਹੈ।
ਅੱਖ ਵਿੱਚ ਜ਼ਹਿਰੀਲੀ ਦਵਾਈ ਪੈ ਜਾਣ ’ਤੇ ਹੇਠ ਦੱਸੀਆਂ ਹਦਾਇਤਾਂ ’ਤੇ ਅਮਲ ਕਰਨਾ ਚਾਹੀਦਾ ਹੈ:
- -ਅੱਖਾਂ ਦੀਆ ਪਲਕਾਂ ਖੁੱਲ੍ਹੀਆਂ ਰੱਖੋ।
- -ਚੱਲਦੇ ਪਾਣੀ ਨਾਲ ਤੁਰੰਤ ਹੀ ਅੱਖਾਂ ਹੌਲੀ-ਹੌਲੀ ਸਹਿਜੇ-ਸਹਿਜੇ ਧੋਣੀਆਂ ਚਾਹੀਦੀਆਂ ਹਨ।
- -ਅੱਖਾਂ ਨੂੰ ਉਸ ਸਮੇਂ ਤੱਕ ਧੋਂਦੇ ਰਹਿਣਾ ਚਾਹੀਦਾ ਹੈ ਜਦੋਂ ਤੱਕ ਕਿ ਡਾਕਟਰ ਨਾ ਪਹੁੰਚ ਜਾਵੇ।
- -ਕਿਸੇ ਦਵਾਈ ਦੀ ਵਰਤੋਂ ਡਾਕਟਰ ਦੀ ਸਲਾਹ ਤੋਂ ਬਿਨਾਂ ਨਹੀਂ ਕਰਨੀ ਚਾਹੀਦੀ, ਹੋ ਸਕਦਾ ਹੈ ਕਿ ਗਲਤ ਵਰਤੀ ਦਵਾਈ ਹੋਰ ਹਾਨੀਕਾਰਕ ਸਿੱਧ ਹੋਵੇ।
ਸੱਪ ਦਾ ਡੰਗਣਾ:
- ਜਿਨ੍ਹਾਂ ਇਲਾਕਿਆਂ ਵਿੱਚ ਸੱਪ ਰਹਿੰਦੇ ਹਨ, ਉੱਥੇ ਪਜ਼ਾਮਾ ਜਾਂ ਪੈਂਟ ਆਦਿ, ਉੱਚੇ ਬੂਟ, ਜੁਰਾਬਾਂ ਅਤੇ ਦਸਤਾਨੇ ਪਾ ਕੇ ਰੱਖੋ। ਸਭ ਤੋਂ ਜ਼ਰੂਰੀ ਹੈ ਕਿ ਤੁਰਦਿਆਂ ਹੋਇਆਂ ਹੇਠਾਂ ਧਿਆਨ ਰੱਖੋ।
ਮੁੱਢਲੀ ਸਹਾਇਤਾ:
- -ਮਰੀਜ਼ ਨੂੰ ਪੂਰਾ ਆਰਾਮ ਦਿਉ, ਤਾਂ ਕਿ ਸਰੀਰ ਵਿੱਚ ਜ਼ਹਿਰ ਨਾ ਫੈਲੇ।
- -ਕੱਟੇ ਹੋਏ ਥਾਂ ਤੋਂ ਕੁੱਝ ਉੱਚਾ ਰੱਖ ਕੇ ਸਰੀਰ ਦੇ ਹਿੱਸੇ ਨੂੰ ਘੁੱਟ ਕੇ ਬੰਨ੍ਹ ਦਿਉ ਅਤੇ ਤੁਰੰਤ ਡਾਕਟਰ
ਕੋਲ ਪਹੁੰਚਾਉ।
ਮਧੂ ਮੱਖੀ ਜਾਂ ਭੂੰਡ ਦਾ ਕੱਟਣਾ:
- -ਡੰਗ ਵਾਲੀ ਥਾਂ ’ਤੇ ਬਰਫ਼ ਨਾਲ ਠੰਢਾ ਕਰੋ।
- -ਡੰਗ ਨੂੰ ਕੱਢ ਦਿਓ।
- -ਡੰਗ ਵਾਲੀ ਥਾਂ ਨੂੰ ਸਾਬਣ ਨਾਲ ਧੋਵੋ।
- -ਕੋਈ ਵੀ ਐਂਟੀਅਲਰਜੀ ਦਵਾਈ ਲਾਵੋ।
- -ਤਿੱਖੇ ਰੰਗਾਂ ਵਾਲੇ ਕੱਪੜੇ ਅਤੇ ਸੁਗੰਧੀ ਵਾਲੀ ਚੀਜ਼ ਲਾਉਣ ਤੋਂ ਪ੍ਰਹੇਜ ਕਰੋ।
- -ਕਈ ਮਨੁੱਖਾਂ ਨੂੰ ਇੱਕ ਡੰਗ ਲੱਗਣ ਨਾਲ ਕਾਫ਼ੀ ਅਸਰ ਹੋ ਜਾਂਦਾ ਹੈ।ਇਹੋ ਜਿਹੀ ਹਾਲਤ ਵਿੱਚ ਮਰੀਜ਼ ਨੂੰ ਡਾਕਟਰ ਕੋਲ ਲੈ ਜਾਓ।
ਬਿਜਲੀ ਦਾ ਕਰੰਟ ਲੱਗਣਾ:
- -ਬਿਜਲੀ ਨਾਲ ਹੋਣ ਵਾਲੇ ਹਾਦਸਿਆਂ ਬਾਰੇ ਹਰੇਕ ਨੂੰ ਸੁਚੇਤ ਕਰੋ।
- -ਬਿਜਲੀ ਨਾਲ ਚੱਲਣ ਵਾਲੀਆਂ ਮੋਟਰਾਂ, ਮਸ਼ੀਨਾਂ ਆਦਿ ਦੀਆਂ ਤਾਰਾਂ ਚੰਗੀ ਤਰ੍ਹਾਂ ਢੱਕੀਆਂ ਹੋਣੀਆਂ ਚਾਹੀਦੀਆਂ ਹਨ।
- -ਬਿਜਲੀ ਦਾ ਕੰਮ ਕਰਦੇ ਸਮੇਂ ਰਬੜ ਦੇ ਦਸਤਾਨੇ ਅਤੇ ਸੁੱਕੀ ਜੁੱਤੀ ਪਹਿਨੋ।
ਹਾਦਸਾ ਹੋਣ ’ਤੇ ਮੁੱਢਲੀ ਸਹਾਇਤਾ:
- -ਜੇਕਰ ਸੰਭਵ ਹੋਵੇ ਤਾਂ ਤੁਰੰਤ ਬਿਜਲੀ ਬੰਦ ਕਰ ਦਿਉ। ਮਰੀਜ਼ ਨੂੰ ਹੱਥ ਲਾਏ ਬਿਨਾਂ ਤਾਰ ਤੋਂ ਪਾਸੇ ਕਰ ਦਿਉ। ਇਸ ਕੰਮ ਲਈ ਰਬੜ ਦੀ ਸ਼ੀਟ, ਚਮੜੇ ਦੀ ਪੇਟੀ, ਲੱਕੜੀ ਜਾਂ ਕੋਈ ਹੋਰ ਚੀਜ਼ ਜਿਸ ਵਿੱਚ ਬਿਜਲੀ ਨਾ ਲੰਘ ਸਕੇ ਆਦਿ ਵਰਤੀ ਜਾ ਸਕਦੀ ਹੈ।
- -ਜੇਕਰ ਮਰੀਜ਼ ਦਾ ਸਾਹ ਬੰਦ ਹੋ ਰਿਹਾ ਹੋਵੇ, ਤਾਂ ਉਸਨੂੰ ਮੂੰਹ ਨਾਲ ਸਾਹ ਦਿਉ।
- -ਜੇਕਰ ਮਰੀਜ਼ ਦੀ ਨਬਜ਼ ਨਾ ਚੱਲ ਰਹੀ ਹੋਵੇ, ਤਾਂ ਉਸ ਦੀ ਛਾਤੀ ਦੇ ਖੱਬੇ ਪਾਸੇ ਮਾਲਿਸ਼ ਕਰੋ ਅਤੇ ਉਸਨੂੰ ਤੁਰੰਤ ਹਸਪਤਾਲ ਪਹੁੰਚਾਉ।
- -ਕਰੰਟ ਲੱਗਣ ਨਾਲ ਜੇਕਰ ਜਖ਼ਮ ਹੋ ਗਏ ਹੋਣ, ਤਾਂ ਉਸ ਦਾ ਇਲਾਜ ਕਰਵਾਉ।
ਥਰੈਸ਼ਰ ਦੇ ਹਾਦਸਿਆਂ ਤੋਂ ਬਚਣ ਲਈ ਜ਼ਰੂਰੀ ਹਦਾਇਤਾਂ:
- -ਥਰੈਸ਼ਰਾਂ ’ਤੇ ਕੰਮ ਕਰਦਿਆਂ ਖੁੱਲ੍ਹੇ ਕੱਪੜੇ ਕੜਾ/ਘੜੀ ਆਦਿ ਨਾ ਪਾਓ।
- -ਨਸ਼ਾ ਖਾ/ਪੀ ਕੇ ਥਰੈਸ਼ਰ ਦਾ ਕੰਮ ਨਾ ਕਰੋ।
- -ਸੁਰੱਖਿਆ ਪਰਨਾਲੇ ਦੀ ਘੱਟੋ-ਘੱਟ ਲੰਬਾਈ 90 ਸੈਂਟੀਮੀਟਰ ਹੋਣੀ ਚਾਹੀਦੀ ਹੈ ਅਤੇ ਇਹ 45 ਸੈਂਟੀਮੀਟਰ ਤੱਕ ਢੱਕਿਆ ਹੋਵੇ। ਇਸ ਦੀ ਢਾਲ ਦਾ ਅੱਗਿਉਂ 5 ਡਿਗਰੀ ਕੋਣ ਹੋਣਾ ਜ਼ਰੂਰੀ ਹੈ।
- -ਇੱਕ ਆਦਮੀ ਨੂੰ ਥਰੈਸ਼ਰ ’ਤੇ 10 ਘੰਟੇ ਤੋਂ ਜ਼ਿਆਦਾ ਕੰਮ ਨਹੀਂ ਕਰਨਾ ਚਾਹੀਦਾ।
- -ਕੰਮ ਕਰਦਿਆਂ ਗੱਲਾਂ ਵਿੱਚ ਨਾ ਰੁੱਝੋ ਅਤੇ ਨਾ ਹੀ ਕਿਸੇ ਹੋਰ ਪਾਸੇ ਧਿਆਨ ਕਰੋ।
- -ਰਹਿੰਦ-ਖੂੰਹਦ ਨੂੰ ਥਰੈਸ਼ਰ ਵਿੱਚ ਪਾਉਣ ਤੋਂ ਸੰਕੋਚ ਕਰੋ। ਇਸੇ ਤਰ੍ਹਾਂ ਸਿੱਲ੍ਹੀ ਫ਼ਸਲ ਵੀ ਨਹੀਂ ਪਾਉਣੀ ਚਾਹੀਦੀ ਕਿਉਂਕਿ ਇਸ ਨਾਲ ਅੱਗ ਲੱਗਣ ਦਾ ਹਾਦਸਾ ਹੋ ਸਕਦਾ ਹੈ। ਛੋਟੀ ਫ਼ਸਲ ਨੂੰ ਰੁੱਗ ਲਾਉਣ ਸਮੇਂ ਖਾਸ ਧਿਆਨ ਰੱਖੋ।
- -ਟਰੈਕਟਰ ਦੇ ਧੂੰਏਂ ਵਾਲਾ ਪਾਈਪ ਸਿੱਧਾ ਉੱਪਰ ਨੂੰ ਰੱਖੋ।
- -ਬਿਜਲੀ ਦੀ ਮੋਟਰ ਨੂੰ ਬੰਦ ਕਰਨ ਵਾਲਾ ਸਵਿੱਚ ਕੰਮ ਵਾਲੇ ਦੇ ਨੇੜੇ ਹੋਣਾ ਚਾਹੀਦਾ ਹੈ ਤਾਂ ਕਿ ਸੰਕਟ ਦੀ ਹਾਲਤ ਵਿੱਚ ਮੋਟਰ ਤੁਰੰਤ ਬੰਦ ਹੋ ਸਕੇ।
- -ਪਟੇ ਦੇ ਉੱਪਰੋਂ ਜਾਂ ਨੇੜੇ ਦੀ ਨਾ ਲੰਘੋ।
- -ਮੱਲ੍ਹਮ-ਪੱਟੀ ਆਦਿ ਦਾ ਸਾਮਾਨ ਕੋਲ ਰੱਖੋ।
- -ਥਰੈਸ਼ਰ ਨੂੰ ਬਿਜਲੀ ਦੀਆਂ ਤਾਰਾਂ ਆਦਿ ਤੋਂ ਦੂਰ ਫਿੱਟ ਕਰੋ।
ਟਰੈਕਟਰ-ਟਰਾਲੀ ਚਲਾਉਂਦੇ ਸਮੇਂ ਹਾਦਸੇ ਰੋਕਣ ਲਈ ਹਦਾਇਤਾਂ:
- -ਡਰਾਈਵਰ ਦੀ ਸੁਰੱਖਿਆ ਦੇ ਢਾਂਚੇ ਵਾਲਾ ਟਰੈਕਟਰ ਹੀ ਖਰੀਦੋ।
- -ਟਰੈਕਟਰਾਂ ਤੇ ਟਰਾਲੀਆਂ ਪਿੱਛੇ ਤਿਕੋਣਾ ਰਿਫਲੈਕਟਰ ਲਵਾਓ।
- -ਤੂੜੀ ਜਾਂ ਕਪਾਹ ਦੀਆਂ ਛਿਟੀਆਂ ਦੀ ਢੋਆ-ਢੁਆਈ ਸਮੇਂ ਟਰਾਲੀ ਨੂੰ ਜ਼ਿਆਦਾ ਚੌੜਾਈ ਵਿੱਚ ਨਾ ਲੱਦੋ ਤੇ ਉਚੇਚੇ ਤੌਰ ’ਤੇ ਲਾਈਟਾਂ ਦਾ ਪ੍ਰਬੰਧ ਕਰੋ।
- -ਟਰੈਕਟਰ ਨੂੰ ਟਰਾਲੀ ਦੇ ਕੰਮ ਵਿੱਚ ਵਰਤਣ ਵਾਸਤੇ ਅਗਲੇ ਹਿੱਸੇ ਨੂੰ ਭਾਰਾ ਕਰ ਲੈਣਾ ਚਾਹੀਦਾ ਹੈ ਤਾਂ ਕਿ ਟਰੈਕਟਰ ਪਿੱਛੇ ਨੂੰ ਪਲਟਾ ਨਾ ਖਾਵੇ।
- -ਟਰੈਕਟਰ-ਟਰਾਲੀ ਨਾਲ ਉੱਚਾ ਪੁਲ ਲੰਘਦੇ ਹੋਏ ਵਿਚਾਲੇ ਗਿਅਰ ਨਾ ਬਦਲੋ।
- -ਰੇਲ ਲਾਈਨ ਪਾਰ ਕਰਦੇ ਸਮੇਂ ਸੱਜੇ-ਖੱਬੇ ਜ਼ਰੂਰ ਵੇਖੋ।
ਪੱਠੇ ਕੁਤਰਦੇ ਸਮੇਂ ਹਾਦਸੇ ਰੋਕਣ ਲਈ ਹਦਾਇਤਾਂ:
- -ਪੱਠੇ ਕੁਤਰਨ ਵਾਲਾ ਉਹ ਟੋਕਾ ਖਰੀਦੋ ਜਿਸਦੇ ਵੱਡੇ ਚੱਕਰ ਦੀ ਕੁੰਡੀ ਲੱਗੀ ਹੋਵੇ, ਟੋਕੇ ਦਾ ਵੱਡਾ ਚੱਕਰ, ਗਿਅਰ ਬਾਕਸ, ਸ਼ਾਫ਼ਟ, ਪੁਲੀਆਂ ਅਤੇ ਪਟੇ ਢੱਕੇ ਹੋਏ ਹੋਣ ਅਤੇ ਵਾਰਨਿੰਗ ਰੋਲਰ ਲੱਗਾ ਹੋਵੇ।
- -ਰੁੱਗ ਲਾਉਣ ਵਾਲਾ ਪਰਨਾਲਾ ਘੱਟ ਤੋਂ ਘੱਟ 90 ਸੈਂਟੀਮੀਟਰ ਲੰਬਾ ਅਤੇ ਉਤਲੇ ਪਾਸਿਓਂ 45 ਸੈਂਟੀਮੀਟਰ ਢੱਕਿਆ ਹੋਣਾ ਚਾਹੀਦਾ ਹੈ।
- -ਇੰਜਣ ਜਾਂ ਮੋਟਰ ਨਾਲ ਚੱਲਣ ਵਾਲੇ ਟੋਕੇ ਦਾ ਰੁਗ ਪਿੱਛੇ ਖਿੱਚ੍ਹਣ ਵਾਸਤੇ ਗਿਅਰ ਦਾ ਲੀਵਰ ਕਾਮੇ ਦੇ ਨੇੜੇ ਲੱਗਿਆ ਹੋਣਾ ਚਾਹੀਦਾ ਹੈ।
- -ਪੱਠੇ ਕੁਤਰਣ ਵਾਲਾ ਟੋਕਾ ਪੱਕੀ ਨੀਂਹ, ਛਾਵੇਂ ਅਤੇ ਖੁੱਲ੍ਹੀ ਜਗ੍ਹਾ ’ਤੇ ਹੋਣਾ ਚਾਹੀਦਾ ਹੈ ਅਤੇ ਉਥੇ ਚਾਨਣ ਦਾ ਪ੍ਰਬੰਧ ਵੀ ਹੋਣਾ ਚਾਹੀਦਾ ਹੈ।
ਅੱਗ ਲੱਗਣ ਤੋਂ ਬਚਾਅ ਲਈ ਹਦਾਇਤਾਂ:
- -ਟਰੈਕਟਰ ਜਾਂ ਇੰਜਣ ਦੀ ਵਰਤੋਂ ਸਮੇਂ ਇਸਦਾ ਸਾਈਲੈਂਸਰ ਉੱਪਰ ਨੂੰ ਰੱਖੋ।
- -ਫ਼ਸਲ ਦੀ ਗਹਾਈ ਦਾ ਕੰਮ ਬਿਜਲੀ ਦੀਆਂ ਤਾਰਾਂ ਤੋਂ ਦੂਰ ਕਰੋ। ਇਹ ਤਾਰਾਂ ਕੰਬਾਈਨ ਦੀ ਛਤਰੀ ਤੋਂ ਕਾਫ਼ੀ ਉੱਚੀਆਂ ਹੋਣੀਆਂ ਚਾਹੀਦੀਆਂ ਹਨ।
- -ਫ਼ਸਲ ਦੀ ਕਟਾਈ ਸਮੇਂ ਲੱਗੀ ਅੱਗ ਨੂੰ ਕਾਬੂ ਕਰਨ ਵਾਸਤੇ ਪਾਣੀ ਅਤੇ ਮਿੱਟੀ ਦਾ ਪ੍ਰਬੰਧ ਪਹਿਲਾਂ ਕਰਕੇ ਰੱਖੋ।
- -ਫ਼ਸਲ ਦੇ ਨਾੜ ਨੂੰ ਅੱਗ ਨਾ ਲਾਉ। ਮਸ਼ੀਨ ਨਾਲ ਤੂੜੀ ਬਣਾਓ।
ਹਾਦਸੇ ਹੋਣ ’ਤੇ ਮਾਲੀ ਸਹਾਇਤਾ:
ਪੰਜਾਬ ਗੌਰਮਿੰਟ ਦੀ ਮੰਡੀ ਬੋਰਡ ਰਾਹੀਂ ਇਸ ਸਕੀਮ ਵਿੱਚ ਸਾਰੇ ਕਿਸਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰ ਅਤੇ ਖੇਤੀਬਾੜੀ ਮਜ਼ਦੂਰ ਆਉਂਦੇ ਹਨ ਜਿਹੜੇ:
- -ਖੇਤੀਬਾੜੀ ਦੇ ਸੰਦਾਂ ਨਾਲ ਖੇਤ ਵਿੱਚ ਕੰਮ ਕਰਦੇ ਹਨ।
- -ਜਿਹੜੇ ਟਿਊਬਵੈੱਲ ਲਾਉਣ ਅਤੇ ਟਿਊਬਵੈੱਲ ਵਾਸਤੇ ਬਿਜਲੀ ਦਾ ਕੰਮ ਕਰਦੇ ਹਨ।
- -ਜਿਹੜੇ ਕਾਮੇ ਦਵਾਈ ਅਤੇ ਦਵਾਈ ਛਿੜਕਣ ਵਾਲੀਆਂ ਮਸ਼ੀਨਾਂ ਅਤੇ ਸੱਪ ਕੱਟਣ ਨਾਲ ਪ੍ਰਭਾਵਿਤ ਹੁੰਦੇ ਹਨ।
- -ਜਿਹੜੇ ਕਾਮੇ ਮਾਰਕੀਟ ਕਮੇਟੀਆਂ ਵਿੱਚ ਮਸ਼ੀਨਾਂ ’ਤੇ ਕੰਮ ਕਰਦੇ ਹਨ।
- -ਖੇਤੀ ਜਿਨਸਾਂ ਦੀ ਢੋਆ ਢੋਆਈ ਕਰਦੇ ਸਮੇਂ।
- ਮੰਡੀ ਬੋਰਡ ਵੱਲੋਂ ਮਾਲੀ ਸਹਾਇਤਾ ਦੇ ਰੇਟ:
- ਮੌਤ ਹੋ ਜਾਣ ’ਤੇ 2,00,000/-
- ਦੋਵੇਂ ਲੱਤਾਂ, ਦੋਵੇਂ ਬਾਹਵਾਂ ਜਾਂ ਦੋਵੇਂ ਪੈਰ ਵੱਢੇ ਜਾਣ ’ਤੇ 60000/-
- ਇੱਕ ਲੱਤ, ਇੱਕ ਬਾਂਹ, ਇੱਕ ਪੈਰ ਜਾਂ ਇੱਕ ਹੱਥ ਵੱਢੇ ਜਾਣ ’ਤੇ 40000/-
- ਚਾਰੇ ਉਂਗਲਾਂ ਵੱਢੀਆਂ ਜਾਣ ’ਤੇ 40000/-
- ਇੱਕ ਉਂਗਲ ਵੱਢੀ ਜਾਣ ’ਤੇ 10,000/-
- ਸਰੀਰਕ ਅੰਗਾਂ ਦੇ 25% ਤੋਂ ਵੱਧ ਨਕਾਰਾ ਹੋਣ ’ਤੇ 50,000/- ਤੋਂ 1,00,000/-
ਫ਼ਾਰਮ ਭਰਨ ਦਾ ਤਰੀਕਾ
ਮੰਡੀ ਬੋਰਡ ਦੀ ਸਕੀਮ ਮੁਤਾਬਕ ਹਾਦਸੇ ਦਾ ਸ਼ਿਕਾਰ ਜਾਂ ਉਸਦੇ ਨੇੜੇ ਦੇ ਰਿਸ਼ਤੇਦਾਰਾਂ ਨੂੰ ਹਾਦਸੇ ਤੋਂ ਬਾਅਦ 30 ਦਿਨਾਂ ਦੇ ਵਿੱਚ-ਵਿੱਚ ਫ਼ਾਰਮ ਭਰਨਾ ਹੁੰਦਾ ਹੈ। ਜੇ ਦੇਰ ਹੋ ਜਾਵੇ ਤਾਂ ਉਸਦਾ ਕਾਰਨ ਦੱਸਣਾ ਪੈਂਦਾ ਹੈ। ਇਸ ਫ਼ਾਰਮ ਵਿੱਚ ਸ਼ਿਕਾਰ ਹੋਏ ਵਿਅਕਤੀ ਦਾ ਵੇਰਵਾ ਅਤੇ ਸੱਟ ਦੀ ਮਿਕਦਾਰ ਦੱਸਣੀ ਪੈਂਦੀ ਹੈ। ਇਹ ਫ਼ਾਰਮ ਸਰਪੰਚ ਅਤੇ ਪੰਚਾਇਤ ਦੇ ਦੋ ਮੈਂਬਰਾਂ ਜਾਂ ਮਿਊਂਸਪਲ ਕਮਿਸ਼ਨਰ ਤੋਂ ਤਸਦੀਕ ਕਰਵਾਉਣਾ ਪੈਂਦਾ ਹੈ।
ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਹਾਦਸੇ ਦੀ ਪੁਲਿਸ ਰਿਪੋਰਟ ਅਤੇ ਸਬ-ਡਵੀਜ਼ਨਲ ਮਜਿਸਟ੍ਰੇਟ, ਪਟਵਾਰੀ ਜਾਂ ਤਹਿਸੀਲਦਾਰ ਤੋਂ ਵੀ ਤਸਦੀਕ ਕਰਾਉਣਾ ਪੈਂਦਾ ਹੈ। ਜੇ ਇਲਾਜ ਹੋਇਆ ਹੋਵੇ ਤਾਂ ਸੱਟ ਦਾ ਵੇਰਵਾ ਡਾਕਟਰ ਦੀ ਰਿਪੋਰਟ ਵਿੱਚ ਹੋਣਾ ਚਾਹੀਦਾ ਹੈ। ਜੇ ਹਾਦਸੇ ਦਾ ਸ਼ਿਕਾਰ ਵਿਅਕਤੀ ਅਪੰਗ ਹੋ ਜਾਵੇ ਤਾਂ ਚੀਫ ਮੈਡੀਕਲ ਅਫ਼ਸਰ ਦਾ ਸਰਟੀਫਿਕੇਟ ਨਾਲ ਲਾਉਣਾ ਜਰੂਰੀ ਹੈ। ਹਾਦਸੇ ਦੇ ਸ਼ਿਕਾਰ ਵਿਅਕਤੀ ਨੂੰ ਹਲਫ਼ੀਆ ਬਿਆਨ ਵੀ ਦੇਣਾ ਪਵੇਗਾ ਕਿ ਉਹ ਕਿਸੇ ਅਦਾਰੇ ਤੋਂ ਮਾਲੀ ਸਹਾਇਤਾ ਨਹੀਂ ਮੰਗ ਰਿਹਾ।
ਧੰਨਵਾਦ ਸਹਿਤ,
ਖੇਤੀਬਾੜੀ ਯੂਨੀਵਰਸਿਟੀ,
ਲੁਧਿਆਣਾ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, linkedin , YouTube‘ਤੇ ਫਾਲੋ ਕਰੋ