ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ

Capt Amarinder Singh, Reviews Order Situation, Punjab

ਕੋਈ ਪ੍ਰਦਰਸ਼ਨ ਕਰਨ ਜਾਂ ਜਸ਼ਨ ਮਨਾਉਣ ‘ਤੇ ਮਨਾਹੀ

ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਵਧਾਉਣ ਦੇ ਹੁਕਮ

ਸੱਚ ਕਹੂੰ ਨਿਊਜ਼, ਚੰਡੀਗੜ੍ਹ

ਕੇਂਦਰ ਸਰਕਾਰ ਵੱਲੋਂ ਕਸ਼ਮੀਰ ਸਬੰਧੀ ਲਏ ਫੈਸਲਿਆਂ ‘ਤੇ ਪਾਕਿਸਤਾਨ ਵੱਲੋਂ ਅਣਸੁਖਾਵੀਂ ਪ੍ਰਤੀਕਿਰਿਆ ਸਾਹਮਣੇ ਆਉਣ ਦੇ ਖਦਸ਼ਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸੇ ਤਰ੍ਹਾਂ ਦੇ ਜਸ਼ਨ ਮਨਾਉਣ ਜਾਂ ਪ੍ਰਦਰਸ਼ਨ ਕਰਨ ‘ਤੇ ਰੋਕ ਲਾ ਦਿੱਤੀ ਹੈ ਤਾਂ ਜੋ ਸੂਬੇ ਦੀ ਅਮਨ-ਸ਼ਾਂਤੀ ‘ਚ ਕੋਈ ਵਿਘਨ ਨਾ ਪਵੇ। ਸਰਹੱਦ ‘ਤੇ ਵਧ ਰਹੇ ਤਣਾਅ ਦੌਰਾਨ ਮੁੱਖ ਮੰਤਰੀ ਨੇ ਸੂਬੇ ‘ਚ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਪਾਕਿਸਤਾਨ ਦੀ ਕਿਸੇ ਵੀ ਕੋਸ਼ਿਸ਼ ਦਾ ਜਵਾਬ ਦੇਣ ਲਈ ਪੰਜਾਬ ਪੁਲਿਸ ਨੂੰ ਤਿਆਰ ਰਹਿਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਸ਼ਮੀਰ ਵਿੱਚ ਧਾਰਾ 370 ਹਟਾਉਣ ਦੇ ਮੱਦੇਨਜ਼ਰ ਸੂਬੇ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲਿਆ।

ਇਸ ਮੀਟਿੰਗ ਵਿੱਚ ਸੂਬੇ ਦੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ, ਜਿਨ੍ਹਾਂ ਨੇ ਕੇਂਦਰ ਸਰਕਾਰ ਦੇ ਕਸ਼ਮੀਰ ਬਾਰੇ ਐਲਾਨ ਤੋਂ ਬਾਅਦ ਦੀ ਸਥਿਤੀ ‘ਤੇ ਵਿਚਾਰ ਕੀਤੀ। ਮੁੱਖ ਮੰਤਰੀ ਨੇ ਸੁਚੇਤ ਕੀਤਾ ਕਿ ਪਾਕਿਸਤਾਨ ਇਸ ਨੂੰ ਹਲਕੇ ਵਿੱਚ ਨਹੀਂ ਲਵੇਗਾ ਤੇ ਉਹ ਭਾਰਤ ਖਿਲਾਫ਼ ਕੁਝ ਕਾਰਵਾਈਆਂ ਕਰਕੇ ਮੋੜਵੀਂ ਪ੍ਰਤੀਕਿਰਿਆ ਜ਼ਾਹਰ ਕਰ ਸਕਦਾ ਹੈ। ਉਨ੍ਹਾਂ ਨੇ ਸੂਬੇ ਦੀ ਪੁਲਿਸ ਨੂੰ ਕਿਸੇ ਵੀ ਸੰਭਾਵਿਤ ਘਟਨਾ ਲਈ ਤਿਆਰ ਰਹਿਣ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ 8000 ਤੋਂ ਵੱਧ ਕਸ਼ਮੀਰੀ ਵਿਦਿਆਰਥੀਆਂ ਦੀ ਸੁਰੱਖਿਆ ਵਧਾਉਣ ਦੇ ਹੁਕਮ ਦਿੰਦਿਆਂ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਨ੍ਹਾਂ ਵਿਦਿਆਰਥੀਆਂ ਨੂੰ ਨਿੱਜੀ ਤੌਰ ‘ਤੇ ਮਿਲਣ ਲਈ ਆਖਿਆ।

ਮੁੱਖ ਮੰਤਰੀ ਇਸ ਸਥਿਤੀ ਦੀ ਖੁਦ ਨਿਗਰਾਨੀ ਕਰ ਰਹੇ ਹਨ ਤੇ ਉਨ੍ਹਾਂ ਨੇ ਕਸ਼ਮੀਰ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਸੁਰੱਖਿਆ ਵਧਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਕਸ਼ਮੀਰ ਛੱਡ ਕੇ ਵਾਇਆ ਪੰਜਾਬ ਜਾਣ ਵਾਲਿਆਂ ਲਈ ਸੁਰੱਖਿਅਤ ਤੇ ਬੇਰੋਕ ਲਾਂਘੇ ਨੂੰ ਯਕੀਨੀ ਬਣਾਉਣ ਲਈ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੀਆਂ ਹਦਾਇਤਾਂ ਨੂੰ ਮੁੜ ਦੁਹਰਾਇਆ। ਸੁਰੱਖਿਆ ਦੇ ਮੱਦੇਨਜ਼ਰ ਸੈਲਾਨੀਆਂ ਤੇ ਅਮਰਨਾਥ ਯਾਤਰੀਆਂ ਨੂੰ ਵਾਦੀ ਛੱਡਣ ਲਈ ਕਿਹਾ ਗਿਆ ਸੀ, ਜਿਸ ਕਰਕੇ ਪਿਛਲੇ ਦੋ ਦਿਨ ਤੋਂ ਸੂਬੇ ਦੇ ਸਰਹੱਦੀ ਇਲਾਕੇ ਹਾਈ ਅਲਰਟ ‘ਤੇ ਹਨ। ਮੀਟਿੰਗ ‘ਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ ਗ੍ਰਹਿ ਸਤੀਸ਼ ਚੰਦਰਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸੂਬੇ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਅਤੇ ਡੀਜੀਪੀ ਇੰਟੈਲੀਜੈਂਸ ਵੀ. ਕੇ. ਭਾਵਰਾ ਹਾਜ਼ਰ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।