ਕੇਂਦਰ ਸਰਕਾਰ ਜਾਣਬੁੱਝ ਕੇ ਕਿਸਾਨੀ ਸ਼ੰਘਰਸ਼ ਨੂੰ ਲਮਕਾ ਰਹੀ ਹੈ : ਬਾਦਲ

Sukhbir badal
The strange decision of the Akali Dal

ਕਿਹਾ ਕਿਸਾਨੀ ਸੰਘਰਸ਼ ’ਚ ਕਾਂਗਰਸ ਦੋਗਲੀ ਨੀਤੀ ਅਪਨਾ ਰਹੀ ਹੈ

ਸ੍ਰੀ ਮੁਕਤਸਰ ਸਾਹਿਬ, (ਸੁਰੇਸ਼ ਗਰਗ) ਸ਼੍ਰੋਮਣੀ ਅਕਾਲੀ ਦਲ ਵੱਲੋਂ ਦਿੱਲੀ ਵਿਖੇ ਕੇਂਦਰ ਸਰਕਾਰ ਦੇ ਖਿਲਾਫ਼ ਚੱਲ ਰਹੇ ਸੰਘਰਸ਼ ਦੌਰਾਨ ਫੌਤ ਹੋਏ ਕਿਸਾਨਾਂ ਦੀ ਯਾਦ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਕਿਸਾਨੀ ਸੰਘਰਸ਼ ਦੀ ਚੜਦੀਕਲਾ ਲਈ ਅਰਦਾਸ ਸਮਾਗਮ ਕਰਵਾਏ ਗਏ। ਇਸ ਸਮਾਗਮ ਦੌਰਾਨ ਸ੍ਰੀ ਗੁਰਦੁਆਰਾ ਤੰਬੂ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਸਮਾਗਮ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਹੋਰ ਅਕਾਲੀ ਲੀਡਰਸ਼ਿਪ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਅਰਦਾਸ ਸਮਾਗਮ ਦੌਰਾਨ ਆਪਣੇ ਸੰਬੋਧਨ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨੀ ਹੱਕਾਂ ਦੀ ਗੱਲ ਕੀਤੀ। ਉਨਾਂ ਕਿਹਾ ਕਿ ਅਸੀਂ ਕਿਸਾਨਾਂ ਲਈ ਹਮੇਸ਼ਾ ਲੜੇ ਹਾਂ ਤੇ ਕਿਸਾਨੀ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਲੜਾਈ ਲੜਦਾ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਲਈ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸੇ ਦੀ ਨਿੱਜੀ ਜਾਇਦਾਦ ਨਹੀਂ ਇਹ ਪੰਥ ਦੀ ਨੁਮਾਇੰਦਾ ਜਥੇਬੰਦੀ ਹੈ ਜਿਸਦੇ ਮੈਂਬਰਾਂ ਦੀ ਚੋਣ ਲੋਕਤੰਤਰਿਕ ਢੰਗ ਨਾਲ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਰਾਜ ਸਹੀਂ ਅਰਥਾਂ ’ਚ ਲੋਕਾਂ ਦਾ ਰਾਜ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ’ਚ ਕਾਂਗਰਸ ਦੋਗਲੀ ਨੀਤੀ ਅਪਨਾ ਰਹੀ।

Akali dal

ਉਨ੍ਹਾਂ ਕਿਹਾ ਕਿ ਲੋਕ ਹੁਣ ਸਿਆਣੇ ਹੋ ਚੁੱਕੇ ਹਨ ਤੇ ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨਾਲ ਸਤਾਏ ਹੋਏ ਹਨ ਤੇ ਉਡੀਕ ਕਰ ਰਹੇ ਹਨ ਕਿ ਕਦੋਂ ਅਕਾਲੀ ਪਾਰਟੀ ਸੱਤਾ ਵਿੱਚ ਆਵੇ ਤੇ ਪੰਜਾਬ ਦਾ ਸੁਧਾਰ ਹੋ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਮ ਤੇ ਖਾਸ ਲੋਕਾਂ ਦੀਆਂ ਜੇਬਾਂ ’ਤੇ ਵੱਖ-ਵੱਖ ਸਕੀਮਾਂ ਲਾਗੂ ਕਰਕੇ ਡਾਕਾ ਮਾਰਿਆ ਹੈ। ਕਿਸਾਨੀ ਸੰਘਰਸ਼ ਬਾਰੇ ਗੱਲ ਕਰਦਿਆਂ ਉਨ੍ਹਾਂ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਕਿ ਕੇਂਦਰ ਸਰਕਾਰ ਲਮਕਾ ਰਹੀ ਕਿ ਇਹ ਖ਼ਤਮ ਹੋ ਜਾਵੇਗਾ ਪਰ ਇਹ ਸੰਘਰਸ਼ ਦਿਨ-ਬ-ਦਿਨ ਤਕੜਾ ਹੋਵੇਗਾ। ਸਾਡਾ ਸਭ ਦਾ ਫਰਜ਼ ਬਣਦਾ ਕਿ ਅਸੀ ਇਸ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾਈਏ।

ਉਨ੍ਹਾਂ ਕਿਹਾ ਕਿ ਅਸੀਂ ਅਰਦਾਸ ਕਰਦੇ ਹਾਂ ਕਿ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰ ਗਏ ਕਿਸਾਨਾਂ ਦੀ ਆਤਮਾ ਨੂੰ ਪ੍ਰਮਾਤਮਾ ਸ਼ਾਂਤੀ ਬਖਸ਼ੇ ਅਤੇ ਇਸ ਸੰਘਰਸ਼ ਵਿੱਚ ਫਤਿਹ ਹਾਸਲ ਹੋਵੇ। ਅਰਦਾਸ ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਦਾ ਜ਼ਿਲਾ ਪ੍ਰਧਾਨ ਅਤੇ ਹਲਕਾ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਧੰਨਵਾਦ ਕੀਤਾ। ਇਸ ਮੌਕੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ, ਜਗਮੀਤ ਸਿੰਘ ਬਰਾੜ, ਮਨਜਿੰਦਰ ਸਿੰਘ ਬਿੱਟੂ, ਸਾਬਕਾ ਨਗਰ ਕੌਂਸਲ ਪ੍ਰਧਾਨ ਹਰਪਾਲ ਸਿੰਘ ਬੇਦੀ ਤੋਂ ਇਲਾਵਾ ਵਫੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.