ਮਿਡ-ਡੇ-ਮੀਲ ਕੁੱਕ ਬੀਬੀਆਂ ਨੇ ਪੰਜਾਬ ਸਰਕਾਰ ’ਤੇ ਵਾਅਦਾ ਖਿਲਾਫ਼ੀ ਦਾ ਲਾਇਆ ਦੋਸ਼

Mid-day Meal Cooks Sachkahoon

5 ਸਤੰਬਰ ਨੂੰ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਰਿਹਾਇਸ਼ ਅੱਗੇ ਕਰਨਗੀਆਂ ਕੁੱਕ ਬੀਬੀਆਂ ਰੋਸ ਪ੍ਰਦਰਸ਼ਨ

ਸੱਚ ਕਹੂੰ ਨਿਊਜ,ਪਟਿਆਲਾ। ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੀ ਸੂਬਾ ਪ੍ਰਧਾਨ ਹਰਜਿੰਦਰ ਕੌਰ ਲੋਪੇ, ਸੂਬਾ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਕੌਰ ਅੱਚਲ, ਜਿਲ੍ਹਾ ਪ੍ਰਧਾਨ ਸੁਖਜੀਤ ਕੌਰ ਲਚਕਾਣੀ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਪੰਜਾਬ ਸਰਕਾਰ ’ਤੇ ਦੋਸ਼ ਲਗਾਇਆ ਕਿ ਸਰਕਾਰ ਮਿਡ ਡੇ ਮੀਲ ਕੁੱਕ ਬੀਬੀਆਂ ਨਾਲ ਤਨਖਾਹ ਦੁਗਣੀ ਕਰਨ ਦੇ ਵਾਅਦੇ ਨੂੰ ਲਾਗੂ ਨਹੀਂ ਕਰ ਰਹੀ।

ਆਗੂਆਂ ਨੇ ਦੱਸਿਆ ਮਿਡ ਡੇ ਮੀਲ ਕੁੱਕ ਬੀਬੀਆਂ ਨਾਲ ਹਰ ਪੈਨਲ ਮੀਟਿੰਗ ਵਿੱਚ ਸਿੱਖਿਆ ਮੰਤਰੀ ਪੰਜਾਬ, ਸਿੱਖਿਆ ਸਕੱਤਰ ਪੰਜਾਬ ਨੇ ਦੁਗਣੀ ਤਨਖਾਹ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨ ਦੀ ਗੱਲ ਕੀਤੀ। ਜੋ ਅੱਜ ਤੱਕ ਜਾਰੀ ਨਹੀਂ ਹੋਇਆ। ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਮਿਡ ਡੇ ਮੀਲ ਕੁੱਕ ਨੂੰ ਘੱਟੋ ਘੱਟ ਉਜਰਤਾਂ ਅਧੀਨ ਲਿਆ ਕੇ ਸਰਕਾਰ ਆਪਣੇ ਵਾਅਦੇ ਅਨੁਸਾਰ ਕੁੱਕ ਦੀ ਤਨਖਾਹ ਤੁਰੰਤ ਦੁੱਗਣੀ ਕਰੇ ਅਤੇ ਦੋ ਮਹੀਨੇ ਦੀ ਤਨਖਾਹ ਕੱਟਣੀ ਬੰਦ ਕਰੇ। ਉਨ੍ਹਾਂ ਦੱਸਿਆ ਕਿ ਹਰਿਆਣਾ ਸਰਕਾਰ ਮਿਡ ਡੇ ਮੀਲ ਕੁੱਕ ਨੂੰ 4500 ਰੁਪਏ ਮਹੀਨਾ ਦੇ ਰਹੀ ਹੈ, ਜਦੋਂ ਕਿ ਪੰਜਾਬ ਵਿੱਚ ਮਈ ਮਹੀਨੇ ਤੋਂ ਪਹਿਲਾਂ 1700 ਰੁਪਏ ਅਤੇ ਮਈ ਮਹੀਨੇ ਤੋਂ 2200 ਰੁਪਏ ਮਿਡ ਡੇ ਮੀਲ ਕੁੱਕ ਨੂੰ ਦੇ ਰਹੀ ਹੈ।

ਉਨ੍ਹਾਂ ਅੱਗੇ ਇਹ ਵੀ ਮੰਗ ਕੀਤੀ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਦੀ ਗਿਣਤੀ ਨੂੰ ਮਿਡ ਡੇ ਮੀਲ ਸਕੀਮ ਵਿੱਚ ਸ਼ਾਮਲ ਕੀਤਾ ਜਾਵੇ। ਉਨ੍ਹਾਂ ਇਸ ਮੌਕੇ ਇਹ ਵੀ ਕਿਹਾ ਕਿ ਕੁੱਕ ਦੀਆਂ ਸੇਵਾਵਾਂ ਨੂੰ ਘੱਟੋ ਘੱਟ ਉਜਰਤਾਂ ਅਧੀਨ ਲੈ ਕੇ ਛੁੱਟੀਆਂ ਤੈਅ ਕੀਤੀਆਂ ਜਾਣ। ਆਗੂਆਂ ਨੇ ਦੱਸਿਆ ਕਿ 5 ਸਤੰਬਰ ਨੂੰ ਮਿਡ ਡੇ ਮੀਲ ਕੁੱਕ ਬੀਬੀਆਂ ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਪੰਜਾਬ ਦੀ ਸੰਗਰੂਰ ਵਿਖੇ ਸਥਿਤ ਰਿਹਾਇਸ਼ ਅੱਗੇ ਰੋਸ਼ ਪ੍ਰਦਰਸ਼ਨ ਕਰਨਗੀਆਂ। ਆਗੂਆਂ ਨੇ ਅਪੀਲ ਕੀਤੀ ਕਿ ਮਿਡ ਡੇ ਮੀਲ ਕੁੱਕ ਆਪਣੇ ਪ੍ਰੀਵਾਰਾਂ ਸਮੇਂ ਪਹੁੰਚਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ