ਨਵ ਨਿਯੁਕਤ 6635 ਪ੍ਰਾਇਮਰੀ ਅਧਿਆਪਕ ਅਤੇ ਹੋਰ ਜ਼ਿਲ੍ਹਿਆਂ ਦੇ ਸੈਂਕੜੇ ਰੈਗੂਲਰ ਪ੍ਰਾਇਮਰੀ ਅਧਿਆਪਕ ਤਨਖਾਹਾਂ ਨਾ ਮਿਲਣ ਕਰਕੇ ਕਾਲੀ ਦੀਵਾਲੀ ਮਨਾਉਣ ਲਈ ਹੋਣਗੇ ਮਜ਼ਬੂਰ
ਫਰੀਦਕੋਟ , (ਸੁਭਾਸ਼ ਸ਼ਰਮਾ)। ਪੰਜਾਬ ਦੇ ਵੱਖ ਵੱਖ 17 ਜ਼ਿਲ੍ਹਿਆਂ ਵਿੱਚ ਕੰਮ ਕਰ ਰਹੇ ਨਵ ਨਿਯੁਕਤ 6635 ਅਧਿਆਪਕ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਰਕੇ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕੰਮ ਕਰਦੇ ਈ ਟੀ ਟੀ ਟੀਚਰ , ਹੈੱਡ ਟੀਚਰ, ਸੈਂਟਰ ਹੈੱਡ ਟੀਚਰ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਖੁਦ ਵੀ ਵਿੱਤ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਤਨਖਾਹਾਂ ਲਈ ਲੋੜੀਂਦਾ ਬਜਟ ਨਾ ਭੇਜਣ ਕਰਕੇ ਇਸ ਵਾਰ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਹੋਣਗੇ ਕਿਓਂਕਿ ਪਿਛਲੇ ਤਿੰਨ ਮਹੀਨਿਆਂ ਤੋਂ ਇਹਨਾਂ ਨਵ ਨਿਯੁਕਤ ਅਧਿਆਪਕਾਂ ਨੂੰ ਇੱਕ ਵਾਰ ਵੀ ਤਨਖਾਹ ਮਿਲਣੀ ਨਸੀਬ ਨਹੀਂ ਹੋਈ ਅਤੇ ਰੈਗੂਲਰ ਅਧਿਆਪਕਾਂ ਨੂੰ ਅਜੇ ਤੱਕ ਸਤੰਬਰ ਮਹੀਨੇ ਦੀ ਤਨਖਾਹ ਨਹੀਂ ਮਿਲੀ ਜਦੋਂਕਿ ਦਸਹਿਰਾ , ਕਰਵਾ ਚੌਥ ਅਤੇ ਦੀਵਾਲੀ ਵਰਗੇ ਤਿਉਹਾਰ ਇਸ ਮਹੀਨੇ ਵਿੱਚ ਆਉਂਦੇ ਹਨ ।
ਇਹ ਵੀ ਪੜ੍ਹੋ : ਟਰਾਂਸਪੋਰਟ ਮੰਤਰੀ ਭੁੱਲਰ ਵੱਲੋਂ ਆਰ.ਟੀ.ਏ ਦਫਤਰ ਦੀ ਅਚਨਚੇਤ ਚੈਂਕਿੰਗ
ਇਹ ਵੀ ਜ਼ਿਕਰਯੋਗ ਹੈ ਕਿ ਪੰਜਾਬ ਦੇ ਸਾਰੇ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖਾਹ 7 ਸਤੰਬਰ ਨੂੰ ਉਸ ਸਮੇਂ ਮਿਲੀ ਸੀ ਜਦੋਂ ਭਗਵੰਤ ਸਿੰਘ ਮਾਨ ਨੂੰ ਹਰਿਆਣਾ ਵਿਖੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਇਸ ਇਸ ਮੁੱਦੇ ਨੂੰ ਲੈ ਕੇ ਹੋਏ ਸਵਾਲ ਦਾ ਜਵਾਬ ਦੇਣਾ ਪਿਆ ਸੀ । ਤਾਜ਼ਾ ਪੈਦਾ ਹੋਏ ਇਸ ਮਾਮਲੇ ਸਬੰਧੀ ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ , ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ਕੁਮਾਰ ਲੁਧਿਆਣਾ ਤੇ ਸੁਖਜਿੰਦਰ ਸਿੰਘ ਖਾਨਪੁਰ , ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਾਡ਼ੀ ਮੇਘਾ , ਵਿੱਤ ਸਕੱਤਰ ਨਵੀਨ ਸਚਦੇਵਾ ਪ੍ਰੈੱਸ ਸਕੱਤਰ ਟਹਿਲ ਸਿੰਘ ਸਰਾਭਾ , ਸੂਬਾਈ ਸਲਾਹਕਾਰ ਪ੍ਰੇਮ ਚਾਵਲਾ , ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਢਿੱਲੋਂ ਤੇ ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ ਸਹਿਦੇਵ ਨੇ ਦੱਸਿਆ ਹੈ ਕਿ ਨਵ ਨਿਯੁਕਤ ਇਨ੍ਹਾਂ ਅਧਿਆਪਕਾਂ ਨੁੰ ਆਪਣਾ ਪੁਰਾਣ ਨੰਬਰ ਅਲਾਟ ਕਰਵਾਉਣ ਲਈ ਕਾਫੀ ਖੱਜਲ ਖੁਆਰ ਹੋਣਾ ਪੈ ਰਿਹਾ ਹੈ ਤੇ ਅਜੇ ਤਕ ਵੀ ਕਈ ਅਧਿਆਪਕਾਂ ਨੂੰ ਪਰਾਣ ਨੰਬਰ ਅਲਾਟ ਨਹੀਂ ਕੀਤੇ ਗਏ ਜਿਸ ਕਾਰਨ ਤਨਖਾਹਾਂ ਨਹੀਂ ਮਿਲ ਰਹੀਆਂ।
ਜੇਕਰ ਤਨਖਾਹ ਨਾ ਮਿਲੀ ਤਾਂ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ
ਇਸੇ ਤਰ੍ਹਾਂ ਦੂਸਰੇ ਪਾਸੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਕੋਲ ਆਪਣੇ ਅਧੀਨ ਅਮਲੇ ਦੀਆਂ ਤਨਖਾਹਾਂ ਕਢਵਾਉਣ ਲਈ ਬਜਟ ਨਾ ਹੋਣ ਕਾਰਨ ਅਜੇ ਤਕ ਸਤੰਬਰ ਮਹੀਨੇ ਦੀਆਂ ਤਨਖਾਹਾਂ ਨਹੀਂ ਮਿਲੀਆਂ । ਤਿਉਹਾਰਾਂ ਦੇ ਦਿਨਾਂ ਵਿੱਚ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹਾਂ ਦੇਣ ਵਿੱਚ ਅਸਫ਼ਲ ਸਾਬਤ ਹੋਣਾ ਪੰਜਾਬ ਸਰਕਾਰ ਲਈ ਸ਼ਰਮ ਵਾਲੀ ਗੱਲ ਹੈ ਪਰ ਪਰ ਅਫ਼ਸੋਸ ਕਿ ਆਮ ਆਦਮੀ ਪਾਰਟੀ ਨੂੰ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਸਿਵਾਏ ਕੁਝ ਨਜ਼ਰ ਨਹੀਂ ਆ ਰਿਹਾ । ਪੰਜਾਬ ਸਰਕਾਰ ਦੇ ਇਸ ਅਧਿਆਪਕ ਵਿਰੋਧੀ ਰਵੱਈਏ ਵਿਰੁੱਧ ਰੋਸ ਪ੍ਰਗਟ ਕਰਨ ਲਈ ਫੈਸਲਾ ਕੀਤਾ ਗਿਆ ਕਿ ਇਹਨਾੰ ਅਧਿਆਪਕਾਂ ਨੂੰ ਤਨਖਾਹਾਂ ਦਿਵਾਉਣ ਲਈ ਜਲਦੀ ਹੀ ਖਜ਼ਾਨਾ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮਿਲਿਆ ਜਾਵੇਗਾ ਅਤੇ ਜੇਕਰ ਇਨ੍ਹਾਂ ਅਧਿਆਪਕਾਂ ਨੂੰ ਦੀਵਾਲੀ ਤੋਂ ਪਹਿਲਾਂ ਤਨਖਾਹਾਂ ਨਾ ਮਿਲੀਆਂ ਤਾਂ ਇਹ ਅਧਿਆਪਕ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹੋਣਗੇ । ਇਸ ਮੌਕੇ ‘ ਤੇ ਹੋਰਨਾਂ ਤੋਂ ਇਲਾਵਾ ਬਲਜੀਤ ਟੌਮ ਜ਼ਿਲ੍ਹਾ ਪ੍ਰਧਾਨ ਤਰਨਤਾਰਨ, ਅੰਮ੍ਰਿਤਪਾਲ ਸਿੰਘ ਬਾਕੀਪੁਰ , ਜਸਕਰਨ ਸਿੰਘ ਫਿੱਡੇ ਕਲਾਂ ਤੇ ਬੇਅੰਤ ਸਿੰਘ ਮੌੜ ਆਦਿ ਹਾਜ਼ਰ ਸਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ