ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਐਕਸ਼ਨ ਨੂੰ ਸਫਲ ਬਣਾਉਣ
ਕੋਟਕਪੂਰਾ (ਸੁਭਾਸ਼ ਸ਼ਰਮਾ)। ਪੰਜਾਬ ਯੂ ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਰਵੱਈਏ ਖ਼ਿਲਾਫ਼ ਆਪਣੇ ਰੋਸ ਦਾ ਪ੍ਰਗਟਾਵਾ ਕਰਨ ਲਈ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਤਹਿਤ ਕੋਟਕਪੂਰਾ ਤਹਿਸੀਲ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ 13 ਅਗਸਤ ਨੂੰ ਸਵੇਰੇ ਠੀਕ 10 ਵਜੇ ਤਹਿਸੀਲ ਕੰਪਲੈਕਸ ਦੇ ਸਾਹਮਣੇ ਮਿਉਂਸਪਲ ਪਾਰਕ ਕੋਟਕਪੂਰਾ ਵਿੱਚ ਰੋਸ ਰੈਲੀ ਕੀਤੀ ਜਾ ਰਹੀ ਹੈ ।
ਇਹ ਜਾਣਕਾਰੀ ਦਿੰਦਿਆਂ ਫਰੰਟ ਦੇ ਆਗੂ ਪ੍ਰੇਮ ਚਾਵਲਾ , ਵੀਰ ਇੰਦਰਜੀਤ ਸਿੰਘ ਪੁਰੀ , ਦਰਸ਼ਨ ਕੁਮਾਰ ਬਾਵਾ , ਹੇਮ ਰਾਜ ਜੋਸ਼ੀ , ਕੁਲਵੰਤ ਸਿੰਘ ਚਾਨੀ , ਅਧਿਆਪਕ ਆਗੂ ਸ਼ਿੰਦਰਪਾਲ ਸਿੰਘ ਢਿੱਲੋਂ , ਰਾਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ , ਪੂਰਨ ਸਿੰਘ ਬਿਜਲੀ ਬੋਰਡ , ਸੋਮ ਨਾਥ ਅਰੋਡ਼ਾ ਤੇ ਬਲਵਿੰਦਰ ਸਿੰਘ ਗੋਸਵਾਮੀ ਨੇ ਦੱਸਿਆ ਹੈ ।
ਪੰਜਾਬ ਯੂ ਟੀ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਆਗੂਆਂ ਦੀ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕੈਬਨਿਟ ਮੰਤਰੀਆਂ ਅਤੇ ਅਧਿਕਾਰੀਆਂ ਦੀ ਕਮੇਟੀ ਨਾਲ ਚੌਥੇ ਗੇੜ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਵਾਨ ਕਰਨ ਦੀ ਬਜਾਏ ਮੰਤਰੀਆਂ ਵੱਲੋਂ ਗੈਰ ਸੰਜੀਦਾ ਅਤੇ ਧੌਂਸਬਾਜੀ ਵਾਲਾ ਰਵੱਈਆ ਅਪਨਾਉਣ ਅਤੇ ਚਲਦੀ ਮੀਟਿੰਗ ਵਿੱਚੋਂ ਉਠ ਕੇ ਚਲੇ ਜਾਣਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਲੀਡਰਸ਼ਿਪ ਦਾ ਅਪਮਾਨ ਕਰਨ ਵਾਲੀ ਗੱਲ ਹੈ । ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੰਤਰੀਆਂ ਤੇ ਅਧਿਕਾਰੀਆਂ ਦੇ ਇਸ ਰਵੱਈਏ ਖ਼ਿਲਾਫ਼ ਮੁਲਾਜ਼ਮ ਤੇ ਪੈਨਸ਼ਨਰ ਵਰਗ ਵਿਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ ।
ਆਗੂਆਂ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਕਮੇਟੀ ਦੇ ਮੈਂਬਰਾਂ ਨੇ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਖ਼ਾਮੀਆਂ ਬਾਰੇ ਫਰੰਟ ਦੇ ਆਗੂਆਂ ਦੀਆਂ ਦਲੀਲਾਂ ਸੁਨ਼ਣ ਦੀ ਬਜਾਏ ਸਿਰਫ ਆਪਣੀ ਜਿਦ ਤੇ ਅੜੇ ਰਹਿਣਾ, ਕੱਚੇ ਮੁਲਾਜ਼ਮ ਪੱਕੇ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਮਾਣ ਭੱਤੇ-ਇੰਸੈਂਟਿਵ ‘ਤੇ ਕੰਮ ਕਰਦੇ ਵਰਗਾਂ ਬਾਰੇ ਗੱਲ ਕਰਨ ਤੋਂ ਵੀ ਇਨਕਾਰੀ ਹੋਣਾ ਸਾਬਤ ਕਰਦਾ ਹੈ ਕਿ ਕੈਪਟਨ ਸਰਕਾਰ ਵੀ ਮੋਦੀ ਸਰਕਾਰ ਵਾਂਗ ਸੰਘਰਸ਼ੀ ਲੋਕਾਂ ਦਾ ਸਬਰ ਪਰਖਣਾ ਚਾਹੁੰਦੀ ਹੈ।
ਆਗੂਆਂ ਨੇ ਕੋਟਕਪੂਰਾ ਤਹਿਸੀਲ ਦੀ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਸੱਦਾ ਦਿੱਤਾ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਐਕਸ਼ਨ ਨੂੰ ਸਫਲ ਬਣਾਉਣ ਤੇ ਇਸ ਤੋਂ ਬਾਅਦ 20 ਅਗਸਤ ਜ਼ਿਲ੍ਹਾ ਪੱਧਰ ਤੇ ਹੋਣ ਵਾਲੇ ਐਕਸ਼ਨਾਂ ਵਿੱਚ ਭਰਵੀਂ ਸ਼ਮੂਲੀਅਤ ਕਰਕੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਪ੍ਰਵਾਨ ਕਰਨ ਲਈ ਮਜਬੂਰ ਕਰਨ ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ