ਭ੍ਰਿਸ਼ਟਾਚਾਰ ਦੇ ਖਿਲਾਫ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ : ਨੀਨਾ ਮਿੱਤਲ
(ਅਜਯ ਕਮਲ) ਰਾਜਪੁਰਾ। ਪਿਛਲੀ ਸਰਕਾਰਾਂ ਦੌਰਾਨ ਹੋਏ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟ (Corruption) ਅਫਸਰਾਂ ਦੇ ਖਿਲਾਫ਼ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਦੇ ਤਹਿਤ ਰਾਜਪੁਰਾ ਦੇ ਤਹਿਸੀਲਦਾਰ ਨਵਪ੍ਰੀਤ ਸਿੰਘ ਨੂੰ ਨੌਕਰੀ ਤੋਂ ਮੁਅੱਤਲ ਕੀਤਾ ਗਿਆ ਹੈ। ਬੀਤੇ ਦਿਨਾਂ ਵਿੱਚ ਹਲਕਾ ਰਾਜਪੁਰਾ ਵਿਧਾਇਕ ਨੀਨਾ ਮਿੱਤਲ ਨੂੰ ਲੋਕਾਂ ਵੱਲੋਂ ਸ਼ਿਕਾਇਤ ਦਿੱਤੀ ਗਈ ਕਿ ਰਾਜਪੁਰਾ ਤਹਿਸੀਲ ਵਿੱਚ ਉਸ ਸਮੇਂ ਦੇ ਤਹਿਸੀਲਦਾਰ ਨਵਪ੍ਰੀਤ ਸਿੰਘ ਨੇ ਕਈ ਰਜਿਸਟਰੀਆਂ ਬਿਨਾਂ ਐੱਨਓਸੀ ਦੇ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਕੁਝ ਕੁ ਚੁਣਿੰਦੇ ਵਿਅਕਤੀਆਂ ਨੂੰ ਫਾਇਦਾ ਦਿੱਤਾ ਜਾ ਸਕੇ।
ਇਸ ਗੱਲ ’ਤੇ ਐਕਸ਼ਨ ਲੈਂਦੇ ਹੋਏ ਹਲਕਾ ਵਿਧਾਇਕ ਨੀਨਾ ਮਿੱਤਲ ਨੇ ਇਸ ਦੀ ਜਾਂਚ ਕਰਵਾ ਜ਼ਰੂਰੀ ਦਸਤਾਵੇਜ ਮਾਣਯੋਗ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੂੰ ਸੌਂਪਦੇ ਹੋਏ ਸਖਤ ਤੋਂ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ’ਤੇ ਮੰਤਰੀ ਜਿੰਪਾ ਨੇ ਨਿਰਪੱਖ ਜਾਂਚ ਕਰਵਾਈ ਅਤੇ ਜਾਂਚ ਪੂਰੀ ਹੋਣ ’ਤੇ ਪੰਜਾਬ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਕੇ ਰਜਿਸਟਰੀਆਂ ਕਰਨ ਦੇ ਮਾਮਲੇ ਵਿੱਚ ਰਾਜਪੁਰਾ ਦੇ ਤਹਿਸੀਲਦਾਰ ਨਵਪ੍ਰੀਤ ਸਿੰਘ ਨੂੰ 30 ਅਗਸਤ ਨੂੰ ਮੁਅੱਤਲ ਕੀਤਾ ਗਿਆ ਹੈ।
ਹਲਕਾ ਵਿਧਾਇਕ ਨੀਨਾ ਮਿੱਤਲ ਦੀ ਪੰਜਾਬ ਸਰਕਾਰ ਨੇ ਕੀਤਾ ਸ਼ਲਾਘਾ
ਹਲਕਾ ਵਿਧਾਇਕ ਨੀਨਾ ਮਿੱਤਲ ਨੇ ਆਪਣੀ ਸਰਕਾਰ ਦੇ ਇਸ ਕਦਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਇਹ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਲੋਕਾਂ ਦੇ ਹਮੇਸ਼ਾ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਆਮ ਜਨਤਾ ਨਾਲ ਕਿਸੇ ਵੀ ਪ੍ਰਕਾਰ ਦਾ ਭਿ੍ਰਸ਼ਟਾਚਾਰ ਬਰਦਾਸ਼ਤ ਨਹੀਂ ਕਰੇਗੀ। ਜੇਕਰ ਕੋਈ ਵੀ ਮੁਲਾਜ਼ਮ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਤੇ ਤਹਿਸੀਲਦਾਰ ਨਾਲ ਹੋਈ ਕਾਰਵਾਈ ਵੀ ਉਸੇ ਕੜੀ ਦਾ ਇੱਕ ਹਿੱਸਾ ਹੈ।
ਨੀਨਾ ਮਿੱਤਲ ਨੇ ਰਾਜਪੁਰਾ ਦੇ ਲੋਕਾਂ ਨੂੰ ਬੇਨਤੀ ਕੀਤੀ ਹੈ ਕਿ ਜੇਕਰ ਹਲਕਾ ਰਾਜਪੁਰਾ ਵਿੱਚ ਕਿਸੇ ਵੀ ਸਰਕਾਰੀ ਦਫਤਰ ਵਿੱਚ ਭ੍ਰਿਸ਼ਟਾਚਾਰ (Corruption) ਹੋਵੇ ਤਾਂ ਉਹੋ ਉਸ ਦੀ ਜਾਣਕਾਰੀ ਆ ਕੇ ਉਨ੍ਹਾਂ ਨੂੰ ਦੇਣ ਤਾਂ ਕਿ ਉਸ ਭ੍ਰਿਸ਼ਟਾਚਾਰੀ ਖਿਲਾਫ਼ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ ਤਾਂ ਕਿ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ