ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਪੁਲਿਸ ਵਿਚਾਲੇ ਖਿੱਚ ਧੂਹ

Sangrur1, ETT Teachers

ਵਿਰੋਧ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਦੇ ਮੁੱਖ ਚੋਣ ਦਫ਼ਤਰ ਨੂੰ ਕਰਨਾ ਪਿਆ ਆਰਜ਼ੀ ਬੰਦ

  • ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਤੇ ਨਾਨਕਿਆਣਾ ਚੌਕ ’ਚ ਲਾਇਆ ਜਾਮ

(ਗੁਰਪ੍ਰੀਤ ਸਿੰਘ) ਸੰਗਰੂਰ। ਅੱਜ ਸੰਗਰੂਰ ਵਿਖੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ (ETT Teachers) ਦੀ ਨਾਨਕਿਆਣਾ ਚੌਂਕ ਵਿਖੇ ਪੁਲਿਸ ਨਾਲ ਖਿੱਚ-ਧੂਹ ਹੋ ਗਈ ਜਦੋਂ ਅਧਿਆਪਕਾਂ ਨੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਮੁੱਖ ਚੋਣ ਦਫ਼ਤਰ ਵੱਲ ਵਧਣਾ ਸ਼ੁਰੂ ਕੀਤਾ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਜਿਸ ਕਾਰਨ ਉਨ੍ਹਾਂ ਨੇ ਨਾਨਕਿਆਣਾ ਚੌਂਕ ਵਿਖੇ ਸੈਂਕੜਿਆਂ ਦੀ ਗਿਣਤੀ ਵਿੱਚ ਬੈਠ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਆਰੰਭ ਕਰ ਦਿੱਤੀ ਹਾਲਾਤ ਇਹ ਹੋ ਗਏ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਕੁਝ ਸਮੇਂ ਲਈ ਆਪਣਾ ਮੁੱਖ ਚੋਣ ਦਫ਼ਤਰ ਬੰਦ ਵੀ ਕਰਨਾ ਪਿਆ।

ਮੌਕੇ ਤੋਂ ਹਾਸਲ ਹੋਈ ਜਾਣਕਾਰੀ ਅਨੁਸਾਰ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਵੱਲੋਂ ਅੱਜ ਬੀ.ਐੱਸ.ਐੱਨ.ਐੱਲ. ਪਾਰਕ ਵਿਖੇ ਸੂਬਾ ਪੱਧਰੀ ਇੱਕਠ ਕੀਤਾ ਗਿਆ ਜਿਸ ਦੌਰਾਨ ਸੈਂਕੜਿਆਂ ਦੀ ਗਿਣਤੀ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਬੇਰੁਜ਼ਗਾਰ ਅਧਿਆਪਕ ਸੰਗਰੂਰ ਵਿਖੇ ਪਹੁੰਚੇ। ਅੱਤ ਦੀ ਗਰਮੀ ਚ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਮਾਰਚ ਸ਼ੁਰੂ ਕੀਤਾ ਗਿਆ ਬੇਰੁਜ਼ਗਾਰ ਅਧਿਆਪਕ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਜਦੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਚੋਣਾਂ ਦੌਰਾਨ ਬਣਾਏ ਗਏ ਦਫਤਰ ਕੋਲ ਪਹੁੰਚੇ ਤਾਂ ਭਾਰੀ ਪੁਲਿਸ ਬਲ ਲਾ ਕੇ ਬੇਰੁਜ਼ਗਾਰ ਅਧਿਆਪਕਾਂ ਨੂੰ ਰੋਕਿਆ ਗਿਆ।

Sangrur2

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਨਾਨਕਿਆਣਾ ਚੌਂਕ ’ਤੇ ਲਾਇਆ ਜਾਮ

ਜਦੋਂ ਬੇਰੁਜ਼ਗਾਰ ਅਧਿਆਪਕ ਅੱਗੇ ਵਧਣ ਲੱਗੇ ਤਾਂ ਪੁਲੀਸ ਨਾਲ ਖਿੱਚ ਧੂਹ ਵੀ ਹੋਈ। ਪੰਜਾਬ ਪੁਲਿਸ ਨਾਲ ਧੱਕਾ-ਮੁੱਕੀ ਹੋਣ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਨਾਨਕਿਆਣਾ ਚੌਂਕ ’ਤੇ ਜਾਮ ਲਾ ਦਿੱਤਾ ਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਆਰੰਭ ਕਰ ਦਿੱਤੀ। ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ ਸੀਨੀਅਰ ਮੀਤ ਪ੍ਰਧਾਨ ਸੰਦੀਪ ਸਾਮਾ, ਨਿਰਮਲ ਜੀਰਾ, ਜਰਨੈਲ ਸੰਗਰੂਰ, ਰਾਜਵਿੰਦਰ ਗੁਰਦਾਸਪੁਰ, ਸਲਿੰਦਰ ਕੰਬੋਜ,ਮਨੀ ਸੰਗਰੂਰ ਕੁਲਦੀਪ ਖੋਖਰ, ਜੱਗਾ ਬੋਹਾ, ਮੰਗਲ ਮਾਨਸਾ, ਡਾ ਪਰਵਿੰਦਰ ਲਹੌਰੀਆ ਰਵਿੰਦਰ ਅਬੋਹਰ ਤੇ ਗੁਰਪ੍ਰੀਤ ਫਾਜ਼ਿਲਕਾ ਨੇ ਕਿਹਾ ਕਿ 16 ਮਈ ਨੂੰ 6635 ਈਟੀਟੀ ਅਧਿਆਪਕਾਂ ਦੀ ਭਰਤੀ ਤੇ ਰੋਕ ਹਟਣ ਤੋਂ ਬਾਵਜੂਦ ਵੀ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਧਿਆਪਕਾਂ ਦੀ ਭਰਤੀ ਨੂੰ ਪੂਰੀ ਕਰਨ ਦੇ ਲਈ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ।

5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਇਸ਼ਤਿਹਾਰ 16 ਦਸੰਬਰ ਨੂੰ ਜਾਰੀ ਹੋ ਚੁੱਕਿਆ ਸੀ ਪਰ ਲਗਾਤਾਰ ਛੇ ਮਹੀਨਿਆਂ ਤੋਂ ਬਾਅਦ ਵੀ ਉਸ ਦਾ ਆਨਲਾਈਨ ਪੋਰਟਲ ਨਹੀਂ ਖੋਲ੍ਹਿਆ ਗਿਆ, 2364 ਈਟੀਟੀ ਅਧਿਆਪਕਾਂ ਦੀ ਭਰਤੀ ਹਾਲੇ ਤੱਕ ਮੁੜ ਬਹਾਲ ਨਹੀਂ ਹੋਈ ਤੇ ਉਮਰ ਹੱਦ ਪਾਰ ਕਰ ਚੁੱਕੇ ਉਮੀਦਵਾਰਾਂ ਨੂੰ ਉਮਰ ਹੱਦ ਵਿਚ ਛੋਟ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਸਰਕਾਰ ਨੂੰ ਅਪੀਲ ਕਰਦੇ ਹਾਂ ਕਿ ਸਰਕਾਰ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਮੰਨ ਕੇ ਜਲਦੀ ਹੱਲ ਕਰੇ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਤਿੱਖੇ ਰੂਪ ਵਿੱਚ ਸੰਘਰਸ਼ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋੇਵੇਗੀ।

ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਮਿਲਣ ’ਤੇ ਪ੍ਰਦਰਸ਼ਨਕਾਰੀ ਹੋਏ ਸ਼ਾਂਤ

ਅੱਜ ਸੰਗਰੂਰ ਵਿਖੇ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਨ ਵਾਲੇ ਈਟੀਟੀ ਟੈੱਟ ਪਾਸ ਅਧਿਆਪਕਾਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਪ੍ਰਦਰਸ਼ਨਕਾਰੀ ਸ਼ਾਂਤ ਹੋਏ ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਉਨ੍ਹਾਂ ਦਾ ਸੰਘਰਸ਼ ਏਸੇ ਤਰ੍ਹਾਂ ਜਾਰੀ ਰਹੇਗਾ ਉੁਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੱਤਾ ਹਾਸਲ ਕਰਨ ਤੋਂ ਪਹਿਲਾਂ ਬੇਰੁਜ਼ਗਾਰਾਂ ਨਾਲ ਵੱਡੇ ਵਾਅਦੇ ਕੀਤੇ ਗਏ ਸਨ ਪਰ ਸਰਕਾਰ ਬਣਨ ਤੋਂ ਬਾਅਦ ਸਾਰੇ ਵਾਅਦੇ ਵਿਸਾਰ ਦਿੱਤੇ ਗਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ