ਬੱਸ ਚਾਲਕ ਖਿਲਾਫ ਕਾਰਵਾਈ ਸ਼ੁਰੂ
Sad News: ਕੋਟਕਪੂਰਾ (ਅਜੈ ਮਨਚੰਦਾ)। ਅੱਜ ਦੁਪਹਿਰ ਕੋਟਕਪੂਰਾ ਦੇ ਮੁਕਤਸਰ ਰੋਡ ਵਾਲੇ ਓਵਰ ਬ੍ਰਿਜ ‘ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਜਿਸ ਵਿੱਚ ਸਕੂਟਰੀ ਸਵਾਰ ਇੱਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੱਛੋਂ ਆ ਰਹੀ ਇੱਕ ਨਿੱਜੀ ਕੰਪਨੀ ਦੀ ਤੇਜ਼ ਰਫ਼ਤਾਰ ਬੱਸ ਨੇ ਸਕੂਟਰੀ ਨੂੰ ਟੱਕਰ ਮਾਰੀ। ਟੱਕਰ ਇੰਨੀ ਜ਼ੋਰਦਾਰ ਸੀ ਕਿ ਨੌਜਵਾਨ ਦਾ ਸਿਰ ਬੱਸ ਦੇ ਟਾਇਰ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਹਿਚਾਣ ਪਿੰਡ ਵਾੜਾ ਦਰਾਕਾ ਦੇ ਰਹਿਣ ਵਾਲੇ ਕ੍ਰਿਸ਼ਦੀਪ ਸਿੰਘ ਵਜੋਂ ਹੋਈ ਹੈ, ਜੋ ਸ਼ਹਿਰ ਵਿੱਚ ਸਿਲਾਈ ਦਾ ਕੰਮ ਕਰਦਾ ਸੀ। ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਏਐਸਆਈ ਬਲਕਾਰ ਸਿੰਘ ਦੀ ਅਗਵਾਈ ਹੇਠ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਦੋਵਾਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ, ਫਰੀਦਕੋਟ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: School Diwali Event: ਸੇਂਟ ਜੇਵਿਅਰ ਇੰਟਰਨੈਸ਼ਨਲ ਸਕੂਲ ’ਚ ਦੀਵਾਲੀ ਉਤਸਵ ਨੇ ਦਿੱਤਾ ਹਰਿਆਲੀ ਦਾ ਸੁਨੇਹਾ
ਇਸ ਮਾਮਲੇ ਵਿਚ ਜਾਂਚ ਅਧਿਕਾਰੀ ਏਐਸਆਈ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਮੁਕਤਸਰ ਰੋਡ ਓਵਰਬ੍ਰਿਜ ‘ਤੇ ਹਾਦਸੇ ਦੀ ਸੂਚਨਾ ਮਿਲੀ ਸੀ। ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ ਹੈ। ਹਾਦਸੇ ਵਿੱਚ ਇਕ ਨੌਜਵਾਨ ਦੀ ਮੌਤ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਕੇਸ ਦਰਜ ਕੀਤਾ ਜਾਵੇਗਾ।