ਕੇਜਰੀਵਾਲ ਦੇ ਸਾਫ਼ ਸੁਥਰੀ ਰਾਜਨੀਤੀ ਦੇ ਪੈਗਾਮ ਨੂੰ ਅੱਗੇ ਲੈ ਕੇ ਜਾਵਾਂਗੀ : ਅਨਮੋਲ ਗਗਨ ਮਾਨ
ਚੰਡੀਗੜ, (ਅਸ਼ਵਨੀ ਚਾਵਲਾ)। ਆਮ ਆਦਮੀ ਪਾਰਟੀ ਪੰਜਾਬ ਨੇ ਅੱਜ ਪਾਰਟੀ ਦੀ ਨੌਜਵਾਨ ਆਗੂ ਅਨਮੋਲ ਗਗਨ ਮਾਨ ਨੂੰ ਯੂਥ ਵਿੰਗ ਪੰਜਾਬ ਦੇ ਸੂਬਾ ਸਹਿ ਪ੍ਰਧਾਨ ਦੀ ਜਿੰਮੇਵਾਰੀ ਸੌਂਪੀ। ਇਸ ਬਾਰੇ ਰਸਮੀ ਐਲਾਨ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕੀਤਾ। ਉਹ ਪਿਛਲੇ ਕਾਫ਼ੀ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਪੰਜਾਬ ਯੂਨਿਟ ਲਈ ਅਹਿਮ ਕਾਰਜ ਕਰ ਰਹੇ ਸਨ। ਅਨਮੋਲ ਗਗਨ ਮਾਨ ਨੂੰ ਜਿੰਮੇਵਾਰੀ ਮਿਲਣ ‘ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਧਾਈ ਦਿੱਤੀ।
ਆਪਣੇ ਟਵੀਟ ਵਿੱਚ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਇਸ ਸਮੇਂ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹੈ ਜਿਸ ਕਾਰਨ ਉਹ ਆਮ ਆਦਮੀ ਪਾਰਟੀ ਵਿੱਚ ਵਿਸ਼ਵਾਸ ਪ੍ਰਗਟਾ ਰਿਹਾ ਹੈ। ਪੰਜਾਬ ਦੇ ਯੂਥ ਆਗੂਆਂ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਕਿਹਾ ਕਿ ਇਸ ਸਮੇਂ ਨੌਜਵਾਨਾਂ ਨੂੰ ਨਾਲ ਲੈ ਕੇ ਚੱਲਣ ਅਤੇ ਉਨ੍ਹਾਂ ਦੀ ਰਾਜਨੀਤੀ ਵਿੱਚ ਦਿਲਚਸਪੀ ਪੈਦਾ ਕਰਕੇ ਰਵਾਇਤੀ ਪਾਰਟੀਆਂ ਨੂੰ ਖੂੰਜੇ ਲਾਉਣਾ ਸਮੇਂ ਦੀ ਮੁੱਖ ਮੰਗ ਹੈ।
ਪਾਰਟੀ ਦੁਆਰਾ ਸੌਂਪੀ ਗਈ ਨਵੀਂ ਜਿੰਮੇਵਾਰੀ ਲਈ ਪਾਰਟੀ ਦਾ ਧੰਨਵਾਦ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਪਾਰਟੀ ਨੇ ਉਨ੍ਹਾਂ ‘ਤੇ ਵਿਸ਼ਵਾਸ ਪ੍ਰਗਟਾ ਕੇ ਉਨ੍ਹਾਂ ਨੂੰ ਸਨਮਾਨ ਦਿੱਤਾ ਹੈ ਜਿਸ ਲਈ ਉਹ ਪਾਰਟੀ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦੁਆਰਾ ਸ਼ੁਰੂ ਕੀਤੇ ਗਏ ਸਾਫ਼ ਸੁਥਰੀ ਰਾਜਨੀਤੀ ਦੇ ਪੈਗਾਮ ਨੂੰ ਅੱਗੇ ਲੈ ਕੇ ਜਾਣਗੇ। ਪੰਜਾਬ ਦੇ ਮੌਜੂਦਾ ਤਰਸਯੋਗ ਹਾਲਾਤਾਂ ਲਈ ਰਿਵਾਇਤੀ ਪਾਰਟੀਆਂ ਨੂੰ ਜਿੰਮੇਵਾਰ ਠਹਿਰਾਉਂਦਿਆਂ ਮਾਨ ਨੇ ਕਿਹਾ ਕਿ ਭ੍ਰਿਸ਼ਟ ਪਾਰਟੀ ਨੇ ਪੰਜਾਬ ਨੂੰ ਤਬਾਹ ਕਰ ਦਿੱਤਾ ਹੈ ਸੋ ਹੁਣ ਸਮਾਂ ਆ ਗਿਆ ਕਿ ਇੰਨ੍ਹਾਂ ਦਾ ਖਾਤਮਾ ਕਰਕੇ ਨਰੋਏ ਅਤੇ ਬਿਹਤਰ ਭਵਿੱਖ ਨੂੰ ਸਿਰਜਣ ਦਾ ਕਾਰਜ ਕੀਤਾ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.