ਕੋਵਿਡ ਮਹਾਂਮਾਰੀ ਕਾਰਨ ਆਮ ਆਦਮੀ ਪਾਰਟੀ ਕਰ ਰਹੀ ਐ ਅਜੇ ਇਕੱਠਾਂ ਤੋਂ ਕਿਨਾਰਾ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇਸ ਵਾਰ ਅਗੇਤੀ ਹੀ ਤਿਆਰੀ ਵਿੱਢ ਦਿੱਤੀ ਹੈ। ਪਾਰਟੀ ਵੱਲੋਂ ਪੰਜਾਬ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਅੰਦਰ ਆਪਣੀ ਪੈਠ ਨੂੰ ਮਜ਼ਬੂਤ ਬਣਾਉਣ ਲਈ ਚੰਗੇ ਆਗੂਆਂ ਅਤੇ ਆਮ ਲੋਕਾਂ ਨੂੰ ਪਾਰਟੀ ਵੱਲ ਲਿਆਂਦਾ ਜਾ ਰਿਹਾ ਹੈ। ਇੱਥੋਂ ਤੱਕ ਕਿ ਕਈ ਹਲਕਿਆਂ ਅੰਦਰ ਵੱਡੇ ਆਗੂਆਂ ਨੂੰ ਸ਼ਾਮਲ ਕਰਨ ਦੀਆਂ ਲਿਸਟਾਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ। ਇੱਧਰ ਮੁੱਖ ਮੰਤਰੀ ਦੇ ਜ਼ਿਲ੍ਹੇ ਅੰਦਰ ਵੀ ਆਮ ਆਦਮੀ ਪਾਰਟੀ ਵੱਲੋਂ ਆਪਣੀਆਂ ਕਾਰਵਾਈਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਦੱਸਣਯੋਗ ਹੈ ਕਿ ਪਿਛਲੀ ਵਾਰ ਆਮ ਆਦਮੀ ਪਾਰਟੀ ਨੂੰ ਪੰਜਾਬ ਅੰਦਰ ਵੱਡੀ ਜਿੱਤ ਦਾ ਵਿਸ਼ਵਾਸ ਸੀ, ਪਰ ਉਨ੍ਹਾਂ ਦੀ ਆਸ ਦੇ ਉਲਟ ਆਏ ਨਤੀਜ਼ਿਆਂ ਨਾਲ ਪਾਰਟੀ ਨੂੰ ਝਟਕਾ ਲੱਗਿਆ ਸੀ। ਉਂਜ ਭਾਵੇਂ ਕਿ ਪੰਜਾਬ ਦੀ ਵਿਰੋਧੀ ਧਿਰ ਦੀ ਕੁਰਸੀ ‘ਤੇ ਆਮ ਆਦਮੀ ਪਾਰਟੀ ਨੇ ਅਕਾਲੀ ਦਲ ਭਾਜਪਾ ਨੂੰ ਪਛਾੜ ਦਿੱਤਾ ਸੀ। ਇੱਧਰ ਹੁਣ ਪਾਰਟੀ ਵੱਲੋਂ 2022 ਦੀ ਜੰਗ ਜਿੱੱਤਣ ਲਈ ਲਗਭਗ ਡੇਢ ਸਾਲ ਪਹਿਲਾਂ ਹੀ ਤਿਆਰੀ ਵਿੱਢ ਦਿੱਤੀ ਹੈ। ਪਤਾ ਲੱਗਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਅੰਦਰ ਖਾਤੇ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਅੰਦਰ ਆਪਣੀਆਂ ਮਜ਼ਬੂਤੀ ਲਈ ਰਣਨੀਤੀਆਂ ਆਰੰਭ ਕਰ ਦਿੱਤੀਆਂ ਹਨ।
ਇਨ੍ਹਾਂ ਵਿਧਾਨ ਸਭਾ ਹਲਕਿਆਂ ਅੰਦਰ ਵੱਡੇ ਚੰਗੇ ਆਗੂਆਂ ਨੂੰ ਪਾਰਟੀ ‘ਚ ਲਿਆਉਣ ਦੀਆਂ ਲਿਸਟਾਂ ਵੀ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ। ਪਿਛਲੇ ਦਿਨੀਂ ਹੀ ਪੰਜਾਬ ਦੀ ਗਾਇਕਾ ਅਨਮੋਲ ਗਗਨ ਅਤੇ ਅਕਾਲੀ ਆਗੂ ਅਜੇ ਲਿਬੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਇਹ ਵੀ ਪਤਾ ਲੱਗਾ ਹੈ ਕਿ ਕਈ ਹੋਰ ਆਗੂ ਵੀ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਾਹਲੇ ਹਨ, ਪਰ ਕੋਵਿਡ ਮਹਾਂਮਾਰੀ ਕਾਰਨ ਆਮ ਆਦਮੀ ਪਾਰਟੀ ਵੱਲੋਂ ਅਜੇ ਇਕੱਠਾਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ। ਪਾਰਟੀ ਵੱਲੋਂ ਨੌਜਵਾਨ ਵਰਗ ਅਤੇ ਕਾਲਜ਼ਾਂ ਅਤੇ ਯੂਨੀਵਰਸਿਟੀਆਂ ਅੰਦਰ ਪੜ੍ਹਦੇ ਵਿਦਿਆਰਥੀਆਂ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਵੱਡੇ ਪੱਧਰ ‘ਤੇ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ। ਪਾਰਟੀ ਦੇ ਮੂਹਰਲੀ ਕਤਾਰ ਦੇ ਇੱਕ ਆਗੂ ਦਾ ਕਹਿਣਾ ਸੀ ਕਿ ਇਸ ਵਾਰ ਪੰਜਾਬ ਅੰਦਰ ਆਮ ਲੋਕਾਂ ਦੀ ਸਰਕਾਰ ਜ਼ਰੂਰ ਬਣੇਗੀ।
ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਜ਼ਿਲ੍ਹੇ ਅੰਦਰ ਲਾਏ ਗਏ ਅਬਜ਼ਰਬਰਾਂ ਵੱਲੋਂ ਵੱਖ-ਵੱਖ ਹਲਕਿਆਂ ਅੰਦਰ ਚੋਣ ਲੜਨ ਵਾਲੇ ਚਾਹਵਾਨਾਂ ਨੂੰ ਘੋਖਿਆ ਵੀ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਤੀ ਸਮੇਤ ਉਨ੍ਹਾਂ ਦੇ ਰਾਜਸ਼ੀ ਬਲਬੂਤੇ ਨੂੰ ਵਾਚਿਆ ਜਾ ਰਿਹਾ ਹੈ। ਪਟਿਆਲਾ ਸ਼ਹਿਰ ਅੰਦਰ ਕਾਫ਼ੀ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਦਾ ਲੜ ਫੜਿਆ ਜਾ ਰਿਹਾ ਹੈ।
ਪੰਜਾਬ ਦੇ ਲੋਕ ਇਸ ਵਾਰ ਰਵਾਇਤੀ ਪਾਰਟੀਆਂ ਨੂੰ ਦੇਣਗੇ ਪਟਕਣੀ: ਹਰਪਾਲ ਚੀਮਾ
ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਇਸ ਦੀ ਪੁਸ਼ਟੀ ਕਰਦਿਆਂ ਆਖਿਆ ਕਿ ਪੰਜਾਬ ਅੰਦਰੋਂ ਵੱਡੇ ਪੱਧਰ ‘ਤੇ ਚੰਗੇ ਆਗੂ ਅਤੇ ਪੰਜਾਬ ਦਾ ਭਲਾ ਚਾਹੁਣ ਵਾਲੇ ਬੁੱਧੀਜੀਵੀ ਆਮ ਆਦਮੀ ਪਾਰਟੀ ਵਿੱਚ ਆਉਣ ਲਈ ਤਿਆਰ ਬੈਠੇ ਹਨ। ਪਰ ਸਿਰਫ਼ ਕੋਵਿਡ ਮਹਾਂਮਾਰੀ ਕਾਰਨ ਹੀ ਅਜਿਹੇ ਪ੍ਰੋਗਰਾਮਾਂ ਨੂੰ ਪੈਂਡਿੰਗ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨੌਜਵਾਨ ਅਤੇ ਵਿਦਿਆਰਥੀ ਵਰਗ ਵੀ ਇਸ ਵਾਰ ਆਮ ਆਦਮੀ ਪਾਰਟੀ ਨੂੰ ਅੱਗੇ ਲਿਆਉਣ ਲਈ ਕਮਰ ਕੱਸੀ ਬੈਠੇ ਹਨ ਅਤੇ ਪੰਜਾਬ ਦੀਆਂ ਰਵਾਇਤੀ ਧਿਰਾਂ ਨੂੰ ਸਬਕ ਸਿਖਾਉਣ ਲਈ ਸਮੇਂ ਦਾ ਇੰਤਜ਼ਾਰ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ