
Punjab Weather Alert: ਚੰਡੀਗੜ੍ਹ। ਪੰਜਾਬ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਫੇਸਬੁਕ ਅਕਾਊਂਟ ’ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਕੇ ਲੋਕਾਂ ਨੂੰ ਚੌਕਸ ਕੀਤਾ ਹੈ। ਉਨ੍ਹਾਂ ਨੇ ਆਖਿਆ ਹੈ ਕਿ 5000 ਕਿਉਸਿਕ ਪਾਣੀ ਭਾਖੜਾ ਡੈਮ ਤੋਂ ਵਧਾ ਰਹੇ ਹਾਂ, ਕਿਉਂਕਿ 12,13,14 ਸਤੰਬਰ ਨੂੰ ਮੌਸਮ ਵਿਭਾਗ ਵੱਲੋਂ ਭਾਰੀ ਬਾਰਿਸ਼ ਦੀ ਚਿਤਾਵਨੀ ਆਈ ਹੈ। ਉਨ੍ਹਾਂ ਆਖਿਆ ਕਿ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 3-4 ਦਿਨ ਸਾਨੂੰ ਮੁੜ ਅਲਰਟ ਰਹਿਣਾ ਪਵੇਗਾ।
ਉਨ੍ਹਾਂ ਆਖਿਆ ਕਿ ਉੱਤਰ ਪ੍ਰਦੇਸ਼ ਵੱਲੋਂ ਬੱਦਲ ਆ ਰਹੇ ਹਨ ਤੇ ਇਕ-ਦੋ ਦਿਨਾਂ ਵਿਚ ਪੰਜਾਬ ਵਿਚ ਦਾਖਲ ਹੋਣਗੇ। ਇਸ ਲਈ ਡੈਮ ਤੋਂ ਵਾਧੂ ਪਾਣੀ ਛੱਡਿਆ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਵਿਚ ਮੀਂਹ ਦਾ ਇਕ ਨਵਾਂ ਦੌਰ ਸ਼ੁਰੂ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿਚ ਦਰਿਆਵਾਂ ਦੇ ਪਾਣੀ ਦੇ ਪੱਧਰ ਵਿੱਚ ਕਮੀ ਆਉਣ ਕਾਰਨ ਰਾਹਤ ਮਿਲੀ ਹੈ, ਪਰ 14 ਸਤੰਬਰ ਤੱਕ ਮੀਂਹ ਦੀ ਚਿਤਾਵਨੀ ਨੇ ਚਿੰਤਾ ਵਧਾ ਦਿੱਤੀ ਹੈ।
Punjab Weather Alert
ਭਾਰਤੀ ਮੌਸਮ ਵਿਭਾਗ ਅਨੁਸਾਰ ਉੱਤਰ-ਪੂਰਬੀ ਰਾਜਾਂ ਵਿਚ 11 ਤੋਂ 14 ਸਤੰਬਰ ਤੱਕ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਕੁਝ ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਕਾਰਨ ਹਾਲਾਤ ਵਿਗੜ ਸਕਦੇ ਹਨ। ਮੌਸਮ ਵਿਭਾਗ ਅਨੁਸਾਰ ਅੱਜ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਦੇ ਵੱਖ-ਵੱਖ ਇਲਾਕਿਆਂ ਵਿਚ ਵੀ ਬਾਰਿਸ਼ ਹੋਣ ਦੀ ਉਮੀਦ ਹੈ।
11 ਅਤੇ 14 ਸਤੰਬਰ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਹਲਕੀ ਬਾਰਿਸ਼ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਲੁਧਿਆਣਾ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿੱਚ 13 ਸਤੰਬਰ ਨੂੰ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।