ਪੀਐਮ ਸੁਰੱਖਿਆ ਚੂਕ ਮਾਮਲੇ ਵਿੱਚ ਭਾਜਪਾ ਦਾ ਵੱਡਾ ਇਲਜ਼ਾਮ, ਸੀਐਮ ਚੰਨੀ ਨੇ ਕੀਤੀ ਸੀ ਸਾਜ਼ਿਸ
ਨਵੀਂ ਦਿੱਲੀ। ਪ੍ਰਧਾਨ ਮੰਤਰੀ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਕੁਤਾਹੀ ਦਾ ਮਾਮਲਾ ਜ਼ੋਰ ਫੜਦਾ ਜਾ ਰਿਹਾ ਹੈ। ਇਸ ਮਾਮਲੇ ’ਤੇ ਚੰਨੀ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ। ਭਾਜਪਾ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾ ਰਹੀ ਹੈ। ਅੱਜ ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਹੈ। ਦੂਜੇ ਪਾਸੇ ਭਾਜਪਾ ਆਗੂ ਪ੍ਰਵੇਸ਼ ਵਰਮਾ ਨੇ ਚੰਨੀ ਸਰਕਾਰ ’ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਪ੍ਰਧਾਨ ਮੰਤਰੀ ਨੂੰ ਮਾਰਨ ਦੀ ਸਾਜ਼ਿਸ ਰਚੀ ਗਈ ਹੈ। ਦੂਜੇ ਪਾਸੇ ਭਾਜਪਾ ਆਗੂ ਲਾਕੇਟ ਚੈਟਰਜੀ ਨੇ ਕਰਵਾਈ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਮਾਰਨ ਦੀ ਸਾਜ਼ਿਸ ਰਚੀ ਗਈ ਸੀ। ਇਸ ਮਾਮਲੇ ਵਿੱਚ ਸਖ਼ਤ ਕਰਵਾਈ ਕੀਤੀ ਜਾਣੀ ਚਾਹੀਦੀ ਹੈ। ਹੁਣ ਇਸ ਮਾਮਲੇ ’ਤੇ ਸਿਆਸਤ ਵੀ ਤੇਜ਼ ਹੋ ਗਈ ਹੈ। ਭਾਜਪਾ ਨੇਤਾ ਕਾਂਗਰਸ ’ਤੇ ਹਮਲਾਵਰ ਹਨ। ਭਾਜਪਾ ਸ਼ਾਸਤ ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਇਸ ਮਾਮਲੇ ’ਤੇ ਚਿੰਤਾ ਪ੍ਰਗਟ ਕੀਤੀ ਹੈ ਅਤੇ ਕਿਹਾ ਹੈ ਕਿ ਸੋਚੀ-ਸਮਝੀ ਸਾਜ਼ਿਸ ਸੀ।
ਮੁੱਖ ਮੰਤਰੀ ਅਤੇ ਉੱਪ ਮੰਤਰੀ ਦੋਵੇਂ ਆਪਣੀ ਜ਼ਿੰਮੇਵਾਰੀ ਤੋਂ ਭੱਜ ਰਹੇ ਹਨ: ਅਮਰਿੰਦਰ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਆਲੋਚਨਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕਮੀ ਹੋਈ ਹੈ ਜਿਸ ਦੀ ਜ਼ਿੰਮੇਵਾਰੀ ਉਹਨਾਂ ਨੂੰ ਲੈਣੀ ਚਾਹੀਦੀ ਹੈ। ਕੁਝ ਕਾਂਗਰਸੀ ਆਗੂਆਂ ਨੂੰ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਕਰਨ ਤੋਂ ਬਾਅਦ ਜ਼ਿਲ੍ਹੇ ਦੇ ਸਮਾਣਾ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੈਪਟਨ ਸਿੰਘ ਨੇ ਕਿਹਾ ਕਿ ਅਸਲ ਆਗੂ ਆਪਣੀ ਜ਼ਿੰਮੇਵਾਰੀਆਂ ਤੋਂ ਭੱਜਦੇ ਨਹੀਂ। ਇਹ ਲੀਡਰਸ਼ਿਪ ਨਹੀਂ ਸਗੋਂ ਕਾਇਰਤਾ ਦੀ ਨਿਸ਼ਾਨੀ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਇੱਕ ਗੰਭੀਰ ਮਾਮਲਾ ਹੈ ਅਤੇ ਉਹ ਇਸ ਕੁਤਾਹੀ ਲਈ ਦੂਜਿਆਂ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਉਹਨਾਂ ਕਿਹਾ ਕਿ ਚੰਨੀ ਨੂੰ ਬਠਿੰਡਾ ਹਵਾਈ ਅੱਡੇ ’ਤੇ ਪ੍ਰਧਾਨ ਮੰਤਰੀ ਦਾ ਨਿੱਜੀ ਤੌਰ ’ਤੇ ਸਵਾਗਤ ਕਰਨਾ ਚਾਹੀਦਾ ਸੀ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੜਕਾਂ ਅਤੇ ਰੇਲਵੇ ਟਰੈਕ ਜਾਮ ਕਰਨ ਤੋਂ ਗੁਰੇਜ਼ ਕਰਨ ਅਤੇ ਪੰਜਾਬ ਅਤੇ ਆਪਣੇ ਹਿੱਤਾਂ ਵੱਲ ਧਿਆਨ ਦੇ ਕੇ ਪੰਜਾਬ ਦੀ ਤਰੱਕੀ ਵਿੱਚ ਯੋਗਦਾਨ ਪਾਉਣ। ਉਹ ਮੁੱਖ ਮੰਤਰੀ ਹੁੰਦਿਆਂ ਵੀ ਉਹਨਾਂ ਦਾ ਸਮਰਥਨ ਕਰਦੇ ਰਹੇ ਹਨ ਅਤੇ ਕਰਦੇ ਰਹਿਣਗੇ। ਉਹਨਾਂ ਕਿਸਾਨ ਅੰਦੋਲਨ ਵਿੱਚ ਜਾਨਾਂ ਗੁਆਉਣ ਵਾਲੇ ਕਿਸਾਨ ਪਰਿਵਾਰਾਂ ਪੰਜ-ਪੰਜ ਲੱਖ ਰੁਪਏ ਅਤੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਕੈਪਟਨ ਸਿੰਘ ਨੇ ਕਿਹਾ ਕਿ ਕੱਲ੍ਹ ਦੀ ਘਟਨਾ ਨਾਲ ਪੰਜਾਬ ਦੇ ਅਕਸ ਨੂੰ ਢਾਹ ਲੱਗੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਕੁਝ ਦੇਣ ਆ ਰਹੇ ਸਨ ਪਰ ਸਾਡੇ ਲੋਕ ਨਹੀਂ ਲੈ ਸਕੇ।
ਪ੍ਰਧਾਨ ਮੰਤਰੀ ਨੂੰ ਜਾਨ ਦੇ ਖਤਰੇ ਪਿੱਛੇ ਅਸਲ ਮਕਸਦ ਉਨ੍ਹਾਂ ਦੀ ਸਰਕਾਰ ਨੂੰ ਡੇਗਣਾ ਹੈ: ਚੰਨੀ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋ-ਟੁੱਕ ਸ਼ਬਦਾਂ ਵਿੱਚ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਜਾਨ ਨੂੰ ਖ਼ਤਰਾ’ ਦੀ ਗੱਲ ਕਰਨ ਪਿੱਛੇ ਅਸਲ ਮਕਸਦ ਉਹਨਾਂ ਦੀ ਲੋਕਤੰਤਰੀ ਢੰਗ ਨਾਲ ਚੁਣੀ ਗਈ ਸਰਕਾਰ ਨੂੰ ਡੇਗਣ ਹੈ। ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਦੀ ਨਵੀਂ ਦਾਣਾ ਮੰਡੀ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਜਨ ਸਭਾ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਜਾਨ ਨੂੰ ਕੋਈ ਖ਼ਤਰਾ ਨਹੀਂ ਸੀ। ਉਹਨਾਂ ਨੇ ਬੁੱਧਵਾਰ ਦੀ ਰੈਲੀ ਵਿੱਚ ਸ਼ਾਮਲ ਹੋਣ ਦਾ ਆਪਣਾ ਪ੍ਰੋਗਰਾਮ ਇਸ ਲਈ ਰੱਦ ਕਰ ਦਿੱਤਾ ਸੀ ਕਿਉਂਕਿ ਭਾਜਪਾ ਦੀ ਰੈਲੀ ਵਿੱਚ ਲੋਕਾਂ ਦੀ ਗਿਣਤੀ ਬਹੁਤ ਘੱਟ ਸੀ। ਉਹਨਾਂ ਕਿਹਾ ਕਿ ਫਿਰੋਜ਼ਪੁਰ ਰੈਲੀ ਵਿੱਚ ਉਹਨਾਂ ਦੀ ਗੈਰ-ਹਾਜ਼ਰੀ ਦਾ ਕਾਰਨ ਖਾਲੀ ਕੁਰਸੀਆਂ ਬਣੀਆਂ। ਇਸ ਕਾਰਨ ਉਹ ਰੈਲੀ ਵਿੱਚ ਆਉਣ ਦੀ ਬਜਾਏ ਸੁਰੱਖਿਆ ਨੂੰ ਖ਼ਤਰਾ ਹੋਣ ਦੀ ਗੱਲ ਕਹਿ ਕੇ ਦਿੱਲੀ ਚਲੇ ਗਏ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ