ਚੰਡੀਗੜ੍ਹ। ਕਰਤਾਰਪੁਰ ਲਾਂਘੇ ਦੇ ਕੰਮ ਵਿਚ ਢਿੱਲ ਦੀਆਂ ਆ ਰਹੀਆਂ ਰਿਪੋਰਟਾਂ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿੰਤਾ ਪ੍ਰਗਟਾਈ ਹੈ। ਮੁੱਖ ਮੰਤਰੀ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਉਹ ਲਾਂਘੇ ‘ਤੇ ਕੀਤੇ ਆਪਣੇ ਕਰਾਰ ਤੋਂ ਪਿੱਛੇ ਨਾ ਹਟੇ ਕਿਉਂਕਿ ਇਸ ਨਾਲ ਸਿੱਖ ਧਰਮ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸਿੱਖ ਸੰਗਤ ਵੱਲੋਂ ਲੰਬੇ ਸਮੇਂ ਤੋਂ ਗੁਰੂ ਸਾਹਿਬ ਦੇ ਸਥਾਨ ਦੀ ਖੁੱਲ੍ਹੇ ਦਰਸ਼ਨ ਦੀਦਾਰ ਲਈ ਅਰਦਾਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਕੈਪਟਨ ਨੇ ਪਾਕਿਸਤਾਨ ਨੂੰ ਅਟਾਰੀ-ਵਾਹਗਾ ਸਰਹੱਦ ‘ਤੇ ਦੋਵਾਂ ਦੇਸ਼ਾਂ ਦੇ ਹਿੱਤ ਵਿਚ ਹੁੰਦੇ ਵਪਾਰ ਨੂੰ ਮੁੜ ਸ਼ੁਰੂ ਕਰਵਾਉਣ ਦੀ ਵੀ ਮੰਗ ਕੀਤੀ ਹੈ।
ਦੱਸਣਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਏ ਜਾਣ ਤੋਂ ਬਾਅਦ ਭਾਰਤ-ਪਾਕਿਸਤਾਨ ਰਿਸ਼ਤਿਆਂ ਵਿਚ ਤਲਖੀ ਆ ਗਈ ਹੈ। ਇਸ ਦਰਮਿਆਨ ਭਾਰਤ ਨੇ ਪਾਕਿਸਤਾਨ ਨੂੰ ਅਗਸਤ ਦੇ ਪਹਿਲੇ ਹਫਤੇ ਬੈਠਕ ਕਰਨ ਦਾ ਪ੍ਰਸਤਾਵ ਦਿੱਤਾ ਸੀ ਤਾਂ ਜੋ ਲਾਂਘੇ ਦੇ ਨਿਰਮਾਣ ਲਈ ਪ੍ਰਬੰਧ ਪੂਰੇ ਕੀਤੇ ਜਾ ਸਕਣ ਤੇ ਲਾਂਘੇ ਨੂੰ ਅੰਤਿਮ ਰੂਪ ਦਿੱਤਾ ਜਾ ਸਕੇ ਪਰ ਪਾਕਿਸਤਾਨ ਨੇ ਅਜੇ ਤਕ ਇਸ ਬਾਰੇ ਕੋਈ ਜਵਾਬ ਨਹੀਂ ਦਿੱਤਾ ਹੈ। ਭਾਰਤ ਜਲਦ ਤੋਂ ਜਲਦ ਪਾਕਿਸਤਾਨ ਨਾਲ ਲਾਂਘੇ ਦੇ ਤਕਨੀਕੀ ਪਹਿਲੂਆਂ ਬਾਰੇ ਗੱਲਬਾਤ ਕਰਨਾ ਚਾਹੁੰਦਾ ਹੈ।