ਸ਼ਹੀਦੀ ਸਮਾਰਕ ’ਤੇ ਮੁੱਖ ਮੰਤਰੀ ਨੇ ਸ਼ਹੀਦਾਂ ਨੂੰ ਕੀਤਾ ਨਮਨ
- ਬੀਐਸਐਫ ਜੰਗੀ ਯਾਦਗਾਰ ਦਾ ਨੀਂਹ ਪੱਥਰ ਰੱਖਿਆ
(ਸਤਪਾਲ ਥਿੰਦ) ਹੁਸੈਨੀਵਾਲਾ/ ਫ਼ਿਰੋਜ਼ਪੁਰ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ (Shaheed Bhagat Singh) ਦੀ ਸ਼ਾਨਾਮੱਤੀ ਵਿਰਾਸਤ ਨੂੰ ਲੰਬੇ ਸਮੇਂ ਤੱਕ ਕਾਇਮ ਰੱਖਣ ਲਈ ਹੁਸੈਨੀਵਾਲਾ ਯਾਦਗਾਰ ਦੇ ਮੁਕੰਮਲ ਕਾਇਆ-ਕਲਪ ਦਾ ਐਲਾਨ ਕੀਤਾ ਹੈ। ਅੱਜ ਇੱਥੇ ਸ਼ਹੀਦੀ ਯਾਦਗਾਰ ਵਿਖੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਦੇਸ਼ ਵਾਸੀ ਲਈ ਇਹ ਧਰਤੀ ਪਵਿੱਤਰ ਹੈ ਕਿਉਂਕਿ ਬਰਤਾਨਵੀ ਹਕੂਮਤ ਨੇ ਇਨ੍ਹਾਂ ਸੂਰਵੀਰ ਯੋਧਿਆਂ ਨੂੰ ਸ਼ਹੀਦ ਕੀਤਾ ਸੀ ਇੱਥੇ ਹੀ ਸਸਕਾਰ ਕੀਤਾ ਗਿਆ ਸੀ।
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ
ਉਨ੍ਹਾਂ ਕਿਹਾ ਕਿ ਇਹ ਜਗ੍ਹਾ ਨੌਜਵਾਨ ਪੀੜ੍ਹੀਆਂ ਨੂੰ ਦੇਸ਼ ਦੀ ਨਿਸਵਾਰਥ ਸੇਵਾ ਲਈ ਪ੍ਰੇਰਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਭਗਤ ਸਿੰਘ (Shaheed Bhagat Singh) ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਸਥਾਨ ਦੇ ਪੂਰੇ ਵਿਕਾਸ ਲਈ ਖਾਕਾ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਰੋਜ਼ਾਨਾ ਸੈਂਕੜਿਆਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤ ਮਿਲ ਸਕੇ।
ਸਮੁੱਚਾ ਦੇਸ਼ ਆਪਣੇ ਇਸ ਸੱਚੇ ਸਪੂਤ ਦਾ ਹਮੇਸ਼ਾ ਕਰਜ਼ਦਾਰ ਰਹੇਗਾ
ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਆਪਣੇ ਇਸ ਸੱਚੇ ਸਪੂਤ ਦਾ ਹਮੇਸ਼ਾ ਕਰਜ਼ਦਾਰ ਰਹੇਗਾ, ਜਿਸ ਨੇ 23 ਸਾਲ ਦੀ ਛੋਟੀ ਉਮਰ ਵਿੱਚ ਬਰਤਾਨਵੀ ਸਾਮਰਾਜਵਾਦ ਦੀ ਜਕੜ ਵਿੱਚੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣਾ ਬਲੀਦਾਨ ਦਿੱਤਾ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਜਲਦੀ ਹੁਸੈਨੀ ਵਾਲਾ ਵਿੱਚ ਟੈਂਟ ਸਿਟੀ ਦਾ ਨਿਰਮਾਣ ਕਰੇਗੀ ਤਾਂ ਕਿ ਇੱਥੇ ਆਉਣ ਵਾਲੇ ਸੈਲਾਨੀਆਂ ਦੀ ਠਹਿਰ ਆਰਾਮਦਾਇਕ ਰਹੇ। ਭਗਵੰਤ ਮਾਨ ਨੇ ਕਿਹਾ ਕਿ ਹੁਸੈਨੀ ਵਾਲਾ ਅਜਾਇਬ ਘਰ ਦੀ ਕਾਇਆ-ਕਲਪ ਦੀ ਯੋਜਨਾ ਵੀ ਵਿਚਾਰ ਅਧੀਨ ਹੈ ਅਤੇ ਸੂਬਾ ਸਰਕਾਰ ਜਲਦੀ ਇਸ ਨੂੰ ਅੰਤਮ ਰੂਪ ਦੇਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਮੋਹਾਲੀ ਹਵਾਈ ਅੱਡੇ ਦਾ ਨਾਂਅ ਸ਼ਹੀਦ ਭਗਤ ਸਿੰਘ ਕੌਮਾਂਤਰੀ ਹਵਾਈ ਅੱਡਾ ਰੱਖਿਆ ਗਿਆ। ਉਨ੍ਹਾਂ ਕਿਹਾ ਕਿ ਹੁਣ ਛੇਤੀ ਹੀ ਹਵਾਈ ਅੱਡੇ ਨੇੜੇ ਇਸ ਮਹਾਨ ਸ਼ਹੀਦ ਦਾ ਆਧੁਨਿਕ ਬੁੱਤ ਲਾਇਆ ਜਾਵੇਗਾ।
ਫ਼ਿਰੋਜ਼ਪੁਰ ਨੂੰ ਦੇਸ਼ ਭਰ ਵਿੱਚੋਂ ਵੱਡਾ ਟੂਰਿਸਟ ਹੱਬ ਬਣਾਉਣ ਦਾ ਵੀ ਐਲਾਨ
ਇਸ ਮੌਕੇ ਮੁੱਖ ਮੰਤਰੀ ਨੇ ਫ਼ਿਰੋਜ਼ਪੁਰ ਨੂੰ ਦੇਸ਼ ਭਰ ਵਿੱਚੋਂ ਵੱਡਾ ਟੂਰਿਸਟ ਹੱਬ ਬਣਾਉਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਰਹੱਦੀ ਸ਼ਹਿਰ ਵਿੱਚ ਸੈਰ-ਸਪਾਟੇ ਲਈ ਬੇਹੱਦ ਵੱਧ ਸੰਭਾਵਨਾਵਾਂ ਹਨ, ਜਿਹੜੀਆਂ ਹੁਣ ਤੱਕ ਤਲਾਸ਼ੀਆਂ ਨਹੀਂ ਗਈਆਂ। ਇਸ ਮੌਕੇ ਮੁੱਖ ਮੰਤਰੀ ਨੇ ਸਾਂਝੀ ਚੈੱਕ ਪੋਸਟ ਉਤੇ ਬੀ.ਐਸ.ਐਫ. ਵੱਲੋਂ ਬਣਾਏ ਜਾਣ ਵਾਲੀ ਜੰਗੀ ਯਾਦਗਾਰ ਦਾ ਵੀ ਨੀਂਹ ਪੱਥਰ ਰੱਖਿਆ। ਉਨ੍ਹਾਂ ਉਮੀਦ ਪ੍ਰਗਟਾਈ ਕਿ 12 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ ਜੰਗੀ ਯਾਦਗਾਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਬੀਐਸਐਫ ਵੱਲੋਂ ਪਾਏ ਸ਼ਾਨਾਮੱਤੇ ਯੋਗਦਾਨ ਨੂੰ ਢੁਕਵੇਂ ਤਰੀਕੇ ਨਾਲ ਦਰਸਾਏਗੀ। ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਸੈਨੀਵਾਲਾ ਵਿੱਚ ਖੋਲ੍ਹੀ ਸੋਵੀਨਰ ਸ਼ਾਪ ਵੀ ਲੋਕਾਂ ਨੂੰ ਸਮਰਪਿਤ ਕੀਤੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ