ਪੰਜਾਬ ਨੂੰ ਚਾਰ ਜੋਨਾਂ ’ਚ ਵੰਡਿਆ (Paddy)
- ਤਾਰ ਪਾਰ 10 ਜੂਨ ਤੋਂ ਸ਼ੁਰੂ ਹੋਵੇਗੀ ਝੋਨੇ ਦੀ ਲੁਆਈ ਸ਼ੁਰੂ
- 10, 16, 19 ਅਤੇ 21 ਜੂਨ ਨੂੰ ਸੂਬੇ ਵਿਚ ਪੜਾਅਵਾਰ ਹੋਵੇਗੀ ਬਿਜਾਈ
- ਦੋ ਵੱਡੀਆਂ ਸਰਕਾਰ-ਕਿਸਾਨ ਮਿਲਣੀਆਂ ’ਚ ਮਿਲੇ ਸੁਝਾਵਾਂ ਤੋਂ ਬਾਅਦ ਝੋਨੇ ਦੀ ਬਿਜਾਈ ਨੂੰ ਚਾਰ ਭਾਗਾਂ ’ਚ ਵੰਡਿਆ-ਮੁੱਖ ਮੰਤਰੀ
(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਵਿੱਚ ਇਸ ਵਾਰ ਝੋਨੇ (Paddy) ਦੀ ਬਿਜਾਈ ਨੂੰ 4 ਭਾਗਾਂ ਵਿੱਚ ਵੰਡਿਆ ਗਿਆ ਹੈ ਤਾਂ ਕਿ ਪਾਣੀ ਦੇ ਨਾਲ ਨਾਲ ਬਿਜਲੀ ਦੀ ਪਰੇਸ਼ਾਨੀ ਨਾ ਆਵੇ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁਕੰਮਲ ਪ੍ਰੋਗਰਾਮ ਵੀ ਤਿਆਰ ਕਰਦੇ ਹੋਏ ਜਾਰੀ ਕਰ ਦਿੱਤਾ ਗਿਆ ਹੈ। ਇਸ ਪ੍ਰੋਗਰਾਮ ਅਨੁਸਾਰ ਹੀ ਜ਼ਿਲਾ ਖੇਤੀਬਾੜੀ ਅਧਿਕਾਰੀ ਝੋਨੇ ਦੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਤ ਕਰਨਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਇਸ ਸਬੰਧ ਵਿੱਚ ਪ੍ਰੋਗਰਾਮ ਜਾਰੀ ਕਰਦੇ ਹੋਏ ਕਿਹਾ ਕਿ ਦੋ ਵਾਰ ਹੋ ਚੁੱਕੀਆਂ ਵਿਸ਼ਾਲ ਸਰਕਾਰ-ਕਿਸਾਨ ਮਿਲਣੀਆਂ ਦੌਰਾਨ ਕਿਸਾਨਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫੈਸਲਾ ਕੀਤਾ। ਉਨਾਂ ਦੱਸਿਆ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਝੋਨੇ ਦੀ ਬਿਜਾਈ 10 ਜੂਨ, 16 ਜੂਨ, 19 ਜੂਨ ਅਤੇ 21 ਜੂਨ ਨੂੰ ਸ਼ੁਰੂ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਬਿਜਾਈ ਦੀ ਪੜਾਅਵਾਰ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿੱਚ ਵੰਡਿਆ ਗਿਆ ਹੈ।
ਕਿਸਾਨਾਂ ਨੂੰ ਪਿਛਲੇ ਸਾਲ ਵਾਂਗ 8 ਘੰਟੇ ਨਿਰਵਿਘਨ ਬਿਜਲੀ ਮਿਲੇਗੀ-ਮੁੱਖ ਮੰਤਰੀ
ਹੋਰ ਵੇਰਵਿਆਂ ਦਾ ਖੁਲਾਸਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਲਾਉਣ ਲਈ ਨਿਰਵਿਘਨ ਸਿੰਚਾਈ ਯਕੀਨੀ ਬਣਾਉਣ ਵਾਸਤੇ ਪਹਿਲੇ ਪੜਾਅ ਵਿੱਚ ਅੰਤਰਰਾਸ਼ਟਰੀ ਸਰਹੱਦ ’ਤੇ ਕੰਡਿਆਲੀ ਤਾਰ ਤੋਂ ਪਰਲੇ ਪਾਸੇ ਦੇ ਖੇਤਰਾਂ ਵਿੱਚ ਝੋਨੇ ਦੀ ਲੁਆਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਜਾਵੇਗਾ, ਜਿਸ ਲਈ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। ਉਨਾਂ ਕਿਹਾ ਕਿ ਦੂਜੇ ਪੜਾਅ ਵਿੱਚ ਸੱਤ ਜ਼ਿਲਿਆਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਹਿਗੜ ਸਾਹਿਬ, ਗੁਰਦਾਸਪੁਰ, ਐਸ.ਬੀ.ਐਸ.ਨਗਰ ਅਤੇ ਤਰਨਤਾਰਨ ਵਿੱਚ 16 ਜੂਨ ਤੋਂ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ।
ਭਗਵੰਤ ਮਾਨ ਨੇ ਦੱਸਿਆ ਕਿ ਤੀਜੇ ਪੜਾਅ ਤਹਿਤ ਸੱਤ ਜ਼ਿਲਿਆਂ ਰੂਪਨਗਰ, ਐਸ.ਏ.ਐਸ.ਨਗਰ, ਕਪੂਰਥਲਾ, ਲੁਧਿਆਣਾ, ਫਾਜ਼ਿਲਕਾ, ਬਠਿੰਡਾ ਅਤੇ ਅੰਮਿ੍ਰਤਸਰ ਵਿੱਚ 19 ਜੂਨ ਤੋਂ ਝੋਨਾ ਲਾਉਣਾ ਯਕੀਨੀ ਬਣਾਇਆ ਜਾਵੇਗਾ ਜਦਕਿ ਬਾਕੀ ਦੇ ਨੌਂ ਜ਼ਿਲਿਆਂ ਪਟਿਆਲਾ, ਜਲੰਧਰ, ਮੋਗਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਲੇਰਕੋਟਲਾ, ਬਰਨਾਲਾ ਅਤੇ ਮਾਨਸਾ ਵਿੱਚ ਝੋਨੇ ਦੀ ਲੁਆਈ 21 ਜੂਨ ਤੋਂ ਸ਼ੁਰੂ ਹੋਵੇਗੀ ਜਿਸ ਲਈ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇਗੀ। Paddy
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਦੇ ਬਹੁਮੁੱਲੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਦੀ ਤਕਨੀਕ ਲਈ ਬਿਜਲੀ ਦੀ ਸਪਲਾਈ 20 ਮਈ ਤੋਂ ਸ਼ੁਰੂ ਹੋ ਜਾਵੇਗੀ। ਉਨਾਂ ਅੱਗੇ ਦੱਸਿਆ ਕਿ ਝੋਨੇ ਦੀ ਪੜਾਅਵਾਰ ਬਿਜਾਈ ਲਈ ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਨਾਂ ਤਰੀਕਾਂ ਤੋਂ ਪਹਿਲਾਂ ਝੋਨਾ ਲਾਉਣ ਤੋਂ ਗੁਰੇਜ਼ ਕਰਨ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਬੀਜਣ ਅਤੇ ਸਬਜ਼ੀਆਂ ਸਮੇਤ ਸਿੰਚਾਈ ਦੀਆਂ ਆਮ ਲੋੜਾਂ ਲਈ ਚਾਰ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।
ਸੂਬਾ ਸਰਕਾਰ ਕੋਲ ਕੋਲੇ ਦਾ 45 ਦਿਨਾਂ ਦਾ ਭੰਡਾਰ ਮੌਜੂਦ (Paddy)
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਘੱਟੋ-ਘੱਟ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਹਰ ਹੀਲੇ ਯਕੀਨੀ ਬਣਾਈ ਜਾਵੇਗੀ। ਉਨਾਂ ਕਿਹਾ ਕਿ ਇਸ ਸਬੰਧੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਪਿਛਲੇ ਸਾਲ ਵਾਂਗ ਝੋਨੇ ਦੇ ਆਉਂਦੇ ਸੀਜ਼ਨ ਦੌਰਾਨ ਵੀ ਕਿਸਾਨਾਂ ਨੂੰ ਪਾਣੀ ਦੀ ਢੁਕਵੀਂ ਸਪਲਾਈ ਮਿਲੇਗੀ ਅਤੇ ਬਿਜਲੀ ਦੇਣ ਲਈ ਸੂਬਾ ਸਰਕਾਰ ਕੋਲ ਕੋਲੇ ਦਾ 45 ਦਿਨਾਂ ਦਾ ਭੰਡਾਰ ਮੌਜੂਦ ਹੈ।
ਘੱਟ ਰਹੇ ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਸਿੱਧੀ ਬਿਜਾਈ ਨੂੰ ਕੀਤਾ ਜਾਏਗਾ ਉਤਸਾਹਿਤ
ਭਗਵੰਤ ਮਾਨ ਨੇ ਕਿਹਾ ਕਿ ਤੇਜ਼ੀ ਨਾਲ ਘਟ ਰਹੇ ਪਾਣੀ ਦੇ ਪੱਧਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਸੂਬਾ ਸਰਕਾਰ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀਐਸਆਰ) ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰੇਗੀ। ਉਨਾਂ ਕਿਹਾ ਕਿ ਕਿਸਾਨਾਂ ਲਈ ਇਹ ਮੁਨਾਸਬ ਮੌਕਾ ਹੈ ਕਿ ਪੂਸਾ ਕਿਸਮ ਦੇ ਝੋਨੇ ਦੀ ਲੁਆਈ ਤੋਂ ਗੁਰੇਜ਼ ਕੀਤਾ ਜਾਵੇ ਅਤੇ ਵਾਤਾਤਵਰਣ ਪੱਖੀ ਅਤੇ ਆਰਥਿਕ ਤੌਰ ’ਤੇ ਵਿਵਹਾਰਕ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ਉਤੇ ਅਪਣਾਇਆ ਜਾਵੇ ਜੋ ਕਿ ਧਰਤੀ ਹੇਠਲੇ ਪਾਣੀ ਨੂੰ 15-20 ਫੀਸਦੀ ਤੱਕ ਬਚਾਉਣ ਦੇ ਨਾਲ-ਨਾਲ 10 15 ਫੀਸਦੀ ਤੱਕ ਜ਼ਮੀਨ ਹੇਠਲੇ ਪਾਣੀ ਨੂੰ ਰੀਚਾਰਜ ਕਰਨ ’ਚ ਵੀ ਸਹਾਈ ਹੋਵੇਗਾ। ਇਸ ਤੋਂ ਇਲਾਵਾ ਮਜ਼ਦੂਰੀ ਸਮੇਤ ਖਰਚਾ ਲਾਗਤ ’ਤੇ 3000 ਪ੍ਰਤੀ ਏਕੜ ਦੀ ਬੱਚਤ ਵੀ ਹੋਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਡੀ.ਐਸ.ਆਰ. ਤਕਨੀਕ ਦੀ ਚੋਣ ਕਰਨ ਵਾਲੇ ਕਿਸਾਨਾਂ ਨੂੰ ਸਨਮਾਨ ਰਾਸੀ ਵਜੋਂ ਸੂਬਾ ਸਰਕਾਰ ਵੱਲੋਂ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ। ਉਨਾਂ ਕਿਹਾ ਕਿ ਕਿਸਾਨਾਂ ਨੂੰ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਪੀ.ਆਰ. ਕਿਸਮਾਂ ਨੂੰ ਹੀ ਅਪਣਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਬਿਜਲੀ ਦੀਆਂ ਵਧੀਆਂ ਕੀਮਤਾਂ ’ਤੇ ਮੁੱਖ ਮੰਤਰੀ ਮਾਨ ਨੇ ਹੁਣੇ-ਹੁਣੇ ਕੀਤਾ ਵੱਡਾ ਐਲਾਨ
ਪਹਿਲਾ ਜੋਨ : ਤਾਰ ਪਾਰ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋੇਵੇਗੀ।
ਦੂਜਾ ਜੋਨ : 16 ਜੂਨ ਤੋਂ ਫਿਰੋਜ਼ਪੁਰ, ਫਰੀਦਕੋਟ, ਪਠਾਨਕੋਟ, ਸ੍ਰੀ ਫਤਿਹਗੜ੍ਹ ਸਾਹਿਬ, ,ਗੁਰਦਾਸਪੁਰ, ਸ਼ਹੀਦ ਭਗਤ ਸ਼ਿੰਘ ਨਗਰ ਅਤੇ ਤਰਨਤਾਰਨ।
ਤੀਜਾ ਜੋਨ : 19 ਜੂਨ ਤੋਂ ਰੂਪ ਨਗਰ, ਰੋਪੜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), ਕਪੂਰਥਲਾ, ਲੁਧਿਆਣਾ, ਫਾਜਿ਼ਲਕਾ, ਬਠਿੰਡਾ ਅਤੇ ਅੰਮ੍ਰਿਤਸਰ।
ਚੌਥਾ ਜੋਨ : 21 ਜੂਨ ਤੋਂ 9 ਜਿਲ੍ਹੇ , ਪਟਿਆਲਾ, ਜਲੰਧਰ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਸੰਗਰੂਰ, ਮਾਲੇਰਕੋਟਲਾ, ਸੰਗਰੂਰ ਅਤੇ ਮਾਨਸਾ। ਇਨਾਂ ਨੂੰ ਜੋਨਾਂ ਨੂੰ ਲਗਾਤਾਰ ਬਿਜਲੀ ਮਿਲੇਗੀ ਤੇ ਕਿਸਾਨਾਂ ਨੂੰ ਕੋਈ ਬਿਜਲੀ ਦੀ ਘਾਟ ਨਹੀਂ ਰਹੇਗੀ। ਉਨਾਂ ਕਿਹਾ ਕਿ ਸਾਡੇ ਕੋਲ ਬਿਜਲੀ ਦੀ ਕੋਈ ਕਮੀ ਨਹੀਂ ਹੈ । ਸਾਡੇ ਕੋਲ ਡੇਢ ਮਹੀਨਾ ਦਾ ਕੋਲਾ ਪਿਆ ਹੈ।