ਮੁੱਖ ਮੰਤਰੀ ਵੱਲੋਂ ਸਿੱਖਿਆ ਵਿਭਾਗ ’ਚ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ

CM Bhagwant Mann
ਮੋਗਾ :ਅਧਿਆਪਕ ਦਿਵਸ ਮੌਕੇ ਅਧਿਆਪਕ ਨੂੰ ਸਨਮਾਨਿਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਅਧਿਆਪਕ ਦਿਵਸ ਮੌਕੇ ਸੂਬਾ ਪੱਧਰੀ ਸਮਾਗਮ ਦੌਰਾਨ 80 ਅਧਿਆਪਕਾਂ ਦਾ ਕੀਤਾ ਸਨਮਾਨ (CM Bhagwant Mann)

(ਵਿੱਕੀ ਕੁਮਾਰ) ਮੋਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (CM Bhagwant Mann) ਨੇ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਮਨੁੱਖੀ ਸਰੋਤਾਂ ਦੇ ਵਿਸਥਾਰ ਤਹਿਤ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ’ਤੇ ਭਰਤੀ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਅਧਿਆਪਕ ਦਿਵਸ ਮੌਕੇ ਇੱਥੇ ਸੂਬਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਖੇਤਰ ਵਿੱਚ ਮਾਣਮੱਤੀਆਂ ਸੇਵਾਵਾਂ ਦੇਣ ਵਾਲੇ 80 ਅਧਿਆਪਕਾਂ ਦਾ ਸਨਮਾਨ ਕਰਨ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵਿੱਚ ਵੱਡੀ ਗਿਣਤੀ ਆਸਾਮੀਆਂ ਖ਼ਾਲੀ ਪਈਆਂ ਹਨ, ਜਿਸ ਕਾਰਨ ਬੱਚਿਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਿੱਖਿਆ ਦੇ ਖ਼ੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਤਹਿਤ ਪੰਜਾਬ ਸਰਕਾਰ ਨੇ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਭਰਤੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਂਪਸ ਮੈਨੇਜ਼ਰਾਂ, ਸਫ਼ਾਈ ਮੁਲਾਜ਼ਮਾਂ, ਚੌਂਕੀਦਾਰਾਂ ਤੇ ਸੁਰੱਖਿਆ ਗਾਰਡਾਂ ਸਣੇ ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਅਸਾਮੀਆਂ ਭਰੀਆਂ ਜਾਣਗੀਆਂ।

ਸੂਬੇ ਵਿੱਚ ਜਲਦੀ ਹੀ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕਰਾਂਗੇ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜਲਦੀ ਹੀ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕਰ ਕੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੂਲਾਂ ਦੀ ਸਥਾਪਨਾ ਲਈ 68 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਪਹਿਲਾ ਸਕੂਲ ਆਫ਼ ਐਮੀਨੈਂਸ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰਨਗੇ।

ਅਧਿਆਪਕ ਦਿਵਸ 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਪ੍ਰਣਾਲੀ ਨੂੰ ਵਿਆਪਕ ਪੱਧਰ ਉਤੇ ਸੁਧਾਰਨ ਉਤੇ ਸਭ ਤੋਂ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਕੂਲਾਂ ਦੇ ਪਿ੍ਰੰਸੀਪਲਾਂ ਤੇ ਅਧਿਆਪਕਾਂ ਦੇ ਜੱਥਿਆਂ ਨੂੰ ਦੇਸ਼ ਤੇ ਵਿਦੇਸ਼ਾਂ ਦੀਆਂ ਪ੍ਰਸਿੱਧ ਸਿੱਖਿਆ ਸੰਸਥਾਵਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਕਿ ਉਹ ਅਧਿਆਪਨ ਦੀਆਂ ਆਧੁਨਿਕ ਤਕਨੀਕਾਂ ਸਿੱਖ ਸਕਣ। ਮੁੱਖ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਵਿਗਿਆਨਕ ਦਿ੍ਰਸ਼ਟੀਕੋਣ ਭਰਨ ਲਈ ਉਨ੍ਹਾਂ ਨੂੰ ਇਸਰੋ ਤੇ ਹੋਰ ਸੰਸਥਾਵਾਂ ਵਿੱਚ ਭੇਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਕਾਨਵੈਂਟ ਦੇ ਪੜ੍ਹੇ ਆਪਣੇ ਹਾਣੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ। ਭਗਵੰਤ ਸਿੰਘ ਮਾਨ ਨੇ ਉਮੀਦ ਜਤਾਈ ਕਿ ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਨੂੰ ਆਉਣ ਵਾਲੇ ਸਮੇਂ ਲਈ ਤਿਆਰ ਕਰਨ ਵਿੱਚ ਮਦਦ ਮਿਲੇਗੀ।

ਮੁਲਾਜ਼ਮਾਂ ਦੇ ਅੱਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾ ਦਿੱਤਾ ਜਾਵੇਗਾ

ਅਧਿਆਪਕਾਂ ਨਾਲ ਭਾਵੁਕ ਸਾਂਝ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ (CM Bhagwant Mann) ਨੇ ਕਿਹਾ ਕਿ ਹਰੇਕ ਅਧਿਆਪਕ ਦੀ ਸਮੱਸਿਆ ਹੱਲ ਕੀਤੀ ਜਾਵੇਗੀ, ਜਿਸ ਲਈ ਸੂਬਾ ਸਰਕਾਰ ਪਹਿਲਾਂ ਹੀ ਹਰ ਸੰਭਵ ਉਪਰਾਲੇ ਕਰ ਰਹੀ ਹੈ। ਅਧਿਆਪਕਾਂ ਨੂੰ ਦਰਪੇਸ਼ ਸਾਰੇ ਮਸਲੇ ਹੱਲ ਕਰਨ ਦਾ ਵਾਅਦਾ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਦਾ ਪੁੱਤ ਹੋਣ ਦੇ ਨਾਤੇ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰ੍ਹਾਂ ਜਾਣਦੇ ਹਨ।

ਇਹ ਵੀ ਪੜ੍ਹੋ : ਮੁੱਖ ਮੰਤਰੀ ਕੇਜਰੀਵਾਲ ਦੀ ਪਤਨੀ ਨੂੰ ਅਦਾਲਤ ਨੇ ਕੀਤਾ ਤਲਬ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਅਧਿਆਪਕ ਦਿਵਸ ਮੌਕੇ ਉਨ੍ਹਾਂ ਨੇ ਠੇਕੇ ਉਤੇ ਰੱਖੇ ਸਾਰੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਐਲਾਨ ਕਰਦੇ ਹੋਏ ਬਹੁਤ ਖੁਸ਼ੀ ਤੇ ਤਸੱਲੀ ਹੋਈ ਸੀ ਕਿ ਮੁਲਾਜ਼ਮਾਂ ਦੇ ਅੱਗਿਓਂ ਕੱਚਾ ਸ਼ਬਦ ਹਮੇਸ਼ਾ ਲਈ ਹਟਾ ਦਿੱਤਾ ਜਾਵੇਗਾ ਅਤੇ ਹੁਣ ਸੂਬਾ ਸਰਕਾਰ ਨੇ ਸਾਰੀਆਂ ਕਾਨੂੰਨੀ ਤੇ ਪ੍ਰਸ਼ਾਸਕੀ ਰੁਕਾਵਟਾਂ ਖਤਮ ਕਰਕੇ 12710 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਨਾਲ-ਨਾਲ ਇਨ੍ਹਾਂ ਦੀ ਤਨਖਾਹ ਵਿਚ ਪੰਜ ਫੀਸਦੀ ਦਾ ਵਾਧਾ ਮਿਲੇਗਾ ਅਤੇ ਛੁੱਟੀਆਂ ਸਮੇਤ ਹੋਰ ਲਾਭ ਵੀ ਹਾਸਲ ਹੋਣਗੇ।

ਮੁੱਖ ਮੰਤਰੀ ਨੇ ਅਧਿਆਪਕ ਦਿਵਸ ਮੌਕੇ 80 ਅਧਿਆਪਕਾਂ ਨੂੰ ਸੂਬਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਵਾਸਤੇ ਆਲ੍ਹਾ ਦਰਜੇ ਦੇ ਅੱਠ ਸਿਖਲਾਈ ਕੇਂਦਰ ਖੋਲ੍ਹ ਰਹੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਲਈ ਬੱਸ ਸੇਵਾ ਸ਼ੁਰੂ ਕਰੇਗੀ।

ਉਨ੍ਹਾਂ ਕਿਹਾ ਕਿ ਇਸ ਸਕੀਮ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਲੜਕੀ ਤਾਲੀਮ ਹਾਸਲ ਕਰਨ ਤੋਂ ਵਾਂਝੀ ਨਾ ਰਹੇ। ਮੁੱਖ ਮੰਤਰੀ ਨੇ ਅਧਿਆਪਕ ਦਿਵਸ ਮੌਕੇ 80 ਅਧਿਆਪਕਾਂ ਨੂੰ ਸੂਬਾ ਪੱਧਰੀ ਐਵਾਰਡ ਨਾਲ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਸ਼ਖਸੀਅਤਾਂ ਦਾ ਸੁਆਗਤ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ, ਲਾਲਜੀਤ ਭੁੱਲਰ, ਬਲਕਾਰ ਸਿੰਘ, ਹਰਭਜਨ ਸਿੰਘ ਈਟੀਓ ਅਤੇ ਡਾ. ਬਲਜੀਤ ਕੌਰ, ਡਿਪਟੀ ਸਪੀਕਰ ਜੈ ਕਿ੍ਰਸ਼ਨ ਸਿੰਘ, ਸਕੱਤਰ ਸਿੱਖਿਆ ਕੇਕੇ ਯਾਦਵ ਅਤੇ ਹੋਰ ਹਾਜ਼ਰ ਸਨ।