ਬਿਜਲੀ ਨਿਗਮ ਦੇ ਮੁਲਾਜਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ
ਸੱਚ ਕਹੂੰ ਨਿਊਜ਼, ਚੰਡੀਗੜ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿੱਚ ਮਾਨਤਾ ਪ੍ਰਾਪਤ (ਐਕਰੀਡੇਟਿਡ) ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਜਾਵੇਗਾ। ਸੂਬੇ ਵਿੱਚ ਬਿਜਲੀ ਨਿਗਮ ਦੇ ਸਾਰੇ ਮੁਲਾਜਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੇ ਦਾਇਰੇ ਹੇਠ ਲਿਆਂਦਾ ਗਿਆ ਹੈ।
ਕੋਵਿਡ ਸਮੀਖਿਆ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਸਮੇਤ ਇਹ ਮੁਲਾਜਮ ਪਹਿਲ ਦੇ ਆਧਾਰ ਉਤੇ ਟੀਕਾ ਲਵਾਉਣ ਸਣੇ ਉਨ੍ਹਾਂ ਸਾਰੇ ਲਾਭਾਂ ਲਈ ਯੋਗ ਹੋਣਗੇ, ਜੋ ਬਾਕੀ ਫਰੰਟਲਾਈਨ ਵਰਕਰ ਸੂਬਾ ਸਰਕਾਰ ਪਾਸੋਂ ਹਾਸਲ ਕਰਨ ਦੇ ਹੱਕਦਾਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਇੱਕ ਸਾਲ ਤੋਂ ਵੱਧ ਸਮੇਂ ਤੋਂ ਜ਼ਮੀਨੀ ਪੱਧਰ ’ਤੇ ਮਹਾਂਮਾਰੀ ਨਾਲ ਸਬੰਧਤ ਕਵਰੇਜ ਕਰਨ ਲਈ ਪੱਤਰਕਾਰ ਆਪਣੀ ਜਾਨ ਜੋਖਮ ਵਿੱਚ ਪਾ ਰਹੇ ਹਨ ਅਤੇ ਕੋਵਿਡ ਬਾਰੇ ਜਾਗਰੂਕਤਾ ਫੈਲਾਉਣ ਵਿੱਚ ਵੀ ਮਦਦ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਬਹੁਤੇ ਸੂਬਿਆਂ ਨੇ ਪੱਤਰਕਾਰਾਂ ਨੂੰ ਫਰੰਟਲਾਈਨ ਵਰਕਰਾਂ ਦੀ ਕੈਟਾਗਰੀ ਵਿੱਚ ਸ਼ਾਮਲ ਕਰਨ ਲਈ ਮੰਗ ਉਠਾਈ ਪਰ ਭਾਰਤ ਸਰਕਾਰ ਨੇ ਅਜੇ ਤੱਕ ਕੋਈ ਹੁੰਗਾਰਾ ਨਹੀਂ ਭਰਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।