ਮੁੱਖ ਮੰਤਰੀ ਵੱਲੋਂ ਮਹਾਨ ਮੁੱਕੇਬਾਜ਼ ਕੌਰ ਸਿੰਘ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Canal
ਮੁੱਖ ਮੰਤਰੀ ਭਗਵੰਤ ਸਿੰਘ ਮਾਨ।

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਾਬਕਾ ਓਲੰਪੀਅਨ ਅਤੇ ਮਹਾਨ ਮੁੱਕੇਬਾਜ਼ ਕੌਰ ਸਿੰਘ (Boxer Kaur Singh) ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਨੇ ਅੱਜ ਸਵੇਰੇ ਕੁਰੂਕਸ਼ੇਤਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਦੋ ਪੁੱਤਰ ਅਤੇ ਇੱਕ ਧੀ ਛੱਡ ਗਏ ਹਨ।

ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੌਰ ਸਿੰਘ ਨੇ ਮੁੱਕੇਬਾਜ਼ੀ ਦੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖੇਤਰ ਵਿੱਚ ਨਾਮਣਾ ਅਤੇ ਪ੍ਰਸਿੱਧੀ ਹਾਸਲ ਕਰਕੇ ਭਾਰਤ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸੰਗਰੂਰ ਦੇ ਪਿੰਡ ਖਨਾਲ ਖੁਰਦ ਤੋਂ ਕੌਰ ਸਿੰਘ ਨੇ ਮੁੱਕੇਬਾਜ਼ੀ ਦੀ ਦੁਨੀਆ ਵਿੱਚ ਸਿਤਾਰੇ ਵਾਂਗ ਚਮਕਦਿਆਂ ਏਸ਼ੀਅਨ ਖੇਡਾਂ ਵਿੱਚ ਗੋਲਡ ਮੈਡਲ ਜਿੱਤਿਆ। ਭਗਵੰਤ ਮਾਨ ਨੇ ਕਿਹਾ ਕਿ ਇਸ ਦਿੱਗਜ਼ ਮੁੱਕੇਬਾਜ਼ ਨੇ ਓਲੰਪਿਕ ਖੇਡਾਂ ਵਿੱਚ ਵੀ ਦੇਸ਼ ਦੀ ਨੁਮਾਇੰਦਗੀ ਕੀਤੀ ਸੀ। ਉਨ੍ਹਾਂ ਕਿਹਾ ਕਿ ਕੌਰ ਸਿੰਘ ਦਾ ਜੀਵਨ ਅਤੇ ਯੋਗਦਾਨ ਉਭਰਦੇ ਖਿਡਾਰੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਸਖ਼ਤ ਮਿਹਨਤ ਕਰਨ ਅਤੇ ਵਧੀਆ ਪ੍ਰਦਰਸ਼ਨ ਦਿਖਾਉਣ ਲਈ ਪ੍ਰੇਰਿਤ ਕਰੇਗਾ।

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here