Punjab News: ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

Punjab News: ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ ਦੀ ਵੀ ਕੀਤੀ ਸ਼ੁਰੂਆਤ 

  •  ਭਾਜਪਾ ਨੂੰ ਕੰਗਣਾ ਦੇ ਜ਼ਹਿਰੀਲੇ ਤੇ ਬੇਬੁਨਿਆਦ ਬਿਆਨਾਂ ਉੱਤੇ ਲਗਾਮ ਕੱਸਣ ਦੀ ਦਿੱਤੀ ਨਸੀਹਤ।

ਮੋਹਾਲੀ (ਐੱਮ ਕੇ ਸ਼ਾਇਨਾ)। Punjab News: ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦਾ ਨਵਾਂ ਦਫ਼ਤਰ ਲੋਕਾਂ ਨੂੰ ਸਮਰਪਿਤ ਕੀਤਾ ਅਤੇ ਨਸ਼ਾ ਵਿਰੋਧੀ ਹੈਲਪਲਾਈਨ ਤੇ ਵਟਸਐਪ ਚੈਟਬੋਟ (97791-00200) ਦੀ ਸ਼ੁਰੂਆਤ ਕੀਤੀ।

ਇਹ ਵੀ ਪੜ੍ਹੋ: National Teacher Award: ਬਰਨਾਲਾ ਦੇ ਅਧਿਆਪਕ ਪੰਕਜ ਕੁਮਾਰ ਕੌਮੀ ਅਧਿਆਪਕ ਪੁਰਸਕਾਰ ਲਈ ਚੁਣੇ

ਨਵੇਂ ਬਣੇ ਦਫ਼ਤਰ ਦਾ ਉਦਘਾਟਨ ਕਰਨ ਅਤੇ ਹੈਲਪਲਾਈਨ ਦੀ ਸ਼ੁਰੂਆਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿਸ਼ੇਸ਼ ਟਾਸਕ ਫੋਰਸ ਦੀ ਬਜਾਏ ‘ਅਪੈਕਸ ਸਟੇਟ ਲੈਵਲ ਡਰੱਗ ਲਾਅ ਇਨਫੋਰਸਮੈਂਟ ਯੂਨਿਟ’ ਨੂੰ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਵਜੋਂ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸੈੱਲ ਪੁਲਿਸ ਸਟੇਸ਼ਨ ਸੋਹਾਣਾ, ਸੈਕਟਰ-79 ਮੋਹਾਲੀ ਦੀ ਦੂਜੀ ਮੰਜ਼ਿਲ ‘ਤੇ ਕੰਮ ਕਰੇਗਾ।

ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ : ਮਾਨ

ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਨਸ਼ਿਆਂ ਵਿਰੁੱਧ ਸਫ਼ਲ ਲੜਾਈ ਲਈ ਨਸ਼ਾ ਵਿਰੋਧੀ ਹੈਲਪਲਾਈਨ ਅਤੇ ਵਟਸਐਪ ਚੈਟਬੋਟ (97791-00200) ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹੈਲਪਲਾਈਨ ਆਮ ਨਾਗਰਿਕਾਂ ਅਤੇ ਨਸ਼ਾ ਪੀੜਤਾਂ ਨੂੰ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਦਾ ਮੌਕਾ ਪ੍ਰਦਾਨ ਕਰੇਗੀ ਅਤੇ ਨਸ਼ਾ ਛੱਡਣ ਦੇ ਇਰਾਦੇ ਵਾਲੇ ਪੀੜਤਾਂ ਲਈ ਡਾਕਟਰੀ ਸਹਾਇਤਾ ਯਕੀਨੀ ਬਣਾਏਗੀ। ਉਨ੍ਹਾਂ ਉਮੀਦ ਪ੍ਰਗਟਾਈ ਕਿ ਇਸ ਨਾਲ ਜ਼ਮੀਨੀ ਪੱਧਰ ‘ਤੇ ਨਸ਼ਿਆਂ ਦੀ ਤਸਕਰੀ ਰੋਕਣ ਅਤੇ ਇਸ ਘਿਨੌਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਦੀ ਪਛਾਣ ਕਰਨ ਵਿੱਚ ਮੱਦਦ ਮਿਲੇਗੀ ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

Punjab News
Punjab News: ਮੁੱਖ ਮੰਤਰੀ ਨੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੇ ਨਵੇਂ ਦਫ਼ਤਰ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਨੇ ਕਿਹਾ ਕਿ ਏ.ਐਨ.ਟੀ.ਐਫ ਦੀ ਮੌਜੂਦਾ ਮੁਲਾਜ਼ਮਾਂ ਦੀ ਗਿਣਤੀ ਨੂੰ 400 ਤੋਂ ਦੁੱਗਣਾ ਕਰ ਕੇ 861 ਕੀਤਾ ਜਾ ਰਿਹਾ ਹੈ ਅਤੇ ਪੁਲਿਸ ਵਿਭਾਗ ਲਈ ਆਉਣ ਵਾਲੀਆਂ 10,000 ਨਵੀਆਂ ਅਸਾਮੀਆਂ ਦੇ ਹਿੱਸੇ ਵਜੋਂ ਏ.ਐਨ.ਟੀ.ਐਫ ਲਈ ਇਹ ਨਵੀਆਂ ਅਸਾਮੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੌਜੂਦਾ ਵਿੱਤੀ ਸਾਲ 2024-25 ਵਿੱਚ ਏ.ਐਨ.ਟੀ.ਐਫ. ਦੀ ਨਵੀਂ ਸਥਾਪਿਤ ਇੰਟੈਲੀਜੈਂਸ ਅਤੇ ਤਕਨੀਕੀ ਇਕਾਈ ਨੂੰ ਅਤਿ-ਆਧੁਨਿਕ ਏਜੰਸੀ ਵਜੋਂ ਵਿਕਸਤ ਕਰਨ ਲਈ ਹਾਈ-ਟੈੱਕ ਸਾਫਟਵੇਅਰ, ਹਾਰਡਵੇਅਰ ਦੀ ਖ਼ਰੀਦ ਅਤੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ 12 ਕਰੋੜ ਰੁਪਏ ਮੁਹੱਈਆ ਕਰਵਾਏ ਹਨ।

14 ਨਵੀਆਂ ਮਹਿੰਦਰਾ ਸਕਾਰਪੀਓ ਗੱਡੀਆਂ ਪ੍ਰਦਾਨ ਕੀਤੀਆਂ ਜਾਣਗੀਆਂ | Punjab News

ਏ.ਐਨ.ਟੀ.ਐਫ. ਦੀ ਬਿਹਤਰੀ ਲਈ 14 ਨਵੀਆਂ ਮਹਿੰਦਰਾ ਸਕਾਰਪੀਓ ਗੱਡੀਆਂ ਪ੍ਰਦਾਨ ਕੀਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਏ.ਐੱਨ.ਟੀ.ਐੱਫ. ਨੂੰ ਮੋਹਾਲੀ ਵਿਖੇ ਆਪਣਾ ਸੁਤੰਤਰ ਹੈੱਡਕੁਆਰਟਰ ਸਥਾਪਿਤ ਕਰਨ ਲਈ ਇਕ ਏਕੜ ਦੀ ਵੱਖਰੀ ਜ਼ਮੀਨ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਨਫੋਰਸਮੈਂਟ-ਨਸ਼ਾ ਮੁਕਤੀ-ਰੋਕਥਾਮ (ਈ.ਡੀ.ਪੀ) ਰਣਨੀਤੀ ਨੂੰ ਲਾਗੂ ਕਰਨ ਲਈ ਪੰਜਾਬ ਸਟੇਟ ਕੈਂਸਰ ਅਤੇ ਡੀ ਅਡੀਕਸ਼ਨ ਟਰੀਟਮੈਂਟ ਇਨਫਰਾਸਟਰਕਚਰ ਫੰਡ (ਸੀ.ਏ.ਡੀ.ਏ. ਫੰਡ) ਵਿੱਚੋਂ 10 ਕਰੋੜ ਰੁਪਏ ਏ.ਐੱਨ.ਟੀ.ਐੱਫ. ਲਈ ਮਨਜ਼ੂਰ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੁਲਿਸ ਨੂੰ ਡਰੋਨਾਂ ਅਤੇ ਸਰਹੱਦ ਪਾਰੋਂ ਤਸਕਰੀ ਦੇ ਰੂਪ ਵਿੱਚ ਨਵੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਪੰਜਾਬ ਪੁਲਿਸ ਆਪਣੀ ਡਿਊਟੀ ਕੁਸ਼ਲਤਾ ਨਾਲ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕੇਸਾਂ ਵਿੱਚ ਢੁਕਵੀਂ ਕਾਨੂੰਨੀ ਕਾਰਵਾਈ ਲਈ ਇਸ ਨਵੀਂ ਫੋਰਸ ਨਾਲ ਵਿਸ਼ੇਸ਼ ਲਾਅ ਅਫ਼ਸਰ ਤਾਇਨਾਤ ਕੀਤੇ ਗਏ ਹਨ ਅਤੇ ਸੂਬਾ ਸਰਕਾਰ ਨੇ ਪਹਿਲੇ ਦਿਨ ਤੋਂ ਇਹ ਯਕੀਨੀ ਬਣਾਇਆ ਹੈ ਕਿ ਸੂਬੇ ਵਿੱਚ ਨਸ਼ਾ ਤਸਕਰਾਂ ਦੀ ਸਿਆਸੀ ਸਰਪ੍ਰਸਤੀ ਨਾ ਹੋਵੇ ਤਾਂ ਜੋ ਇਸ ਖ਼ਤਰੇ ਨੂੰ ਠੱਲ੍ਹ ਪਾਈ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਉਂਦੇ ਹੋਏ ਇਸ ਵਿਰੁੱਧ ਸ਼ਿਕੰਜਾ ਕੱਸਿਆ ਹੈ।

Punjab News

ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਈ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ

ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਕਈ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ ਅਤੇ ਉਨ੍ਹਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ ਅਤੇ 379 ਨਸ਼ਾ ਤਸਕਰਾਂ ਦੀਆਂ 173 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ ਅਤੇ ਹੋਰ ਵੀ ਕਾਰਵਾਈ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਇਹ ਤਸੱਲੀ ਦੀ ਗੱਲ ਹੈ ਕਿ ਇਸ ਦੇ ਲੋੜੀਂਦੇ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਨੌਜਵਾਨ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿਚ ਸਰਗਰਮ ਹਿੱਸੇਦਾਰ ਬਣ ਰਹੇ ਹਨ ਅਤੇ ਇਹ ਗੱਲ ਰਿਕਾਰਡ ‘ਤੇ ਹੈ ਕਿ ਸੂਬੇ ਦੀਆਂ ਵਿਦਿਅਕ ਸੰਸਥਾਵਾਂ ਵਿੱਚ ਦਾਖਲਿਆਂ ਵਿੱਚ ਭਾਰੀ ਵਾਧਾ ਹੋ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ ਨੌਜਵਾਨਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਮੋੜਾ ਪੈ ਰਿਹਾ ਹੈ। Punjab News

ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਗਰਾਂਟਾਂ ਦਿੱਤੀਆਂ ਜਾਣਗੀਆਂ | Punjab News

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਭਰ ਦੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਗ੍ਰਾਂਟਾਂ ਦੇਵੇਗੀ। ਉਨ੍ਹਾਂ ਉਮੀਦ ਜਤਾਈ ਕਿ ਇਨ੍ਹਾਂ ਗ੍ਰਾਂਟਾਂ ਦੀ ਵਰਤੋਂ ਪਿੰਡਾਂ ਵਿੱਚ ਖੇਡਾਂ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਉਤਸ਼ਾਹਿਤ ਕਰਨ ਲਈ ਕੀਤੀ ਜਾਵੇਗੀ, ਜੋ ਨੌਜਵਾਨਾਂ ਦੀ ਅਥਾਹ ਤਾਕਤ ਨੂੰ ਸਾਕਾਰਾਤਮਕ ਦਿਸ਼ਾ ਵਿੱਚ ਲਾਉਣ ਵਿੱਚ ਵਧੇਰੇ ਮਦਦਗਾਰ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੇ ਪਹਿਲਾਂ ਹੀ ਉਲੰਪਿਕ ਵਰਗੀਆਂ ਖੇਡਾਂ ਵਿੱਚ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ ਅਤੇ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬੀ ਨੌਜਵਾਨ ਹੋਰ ਜ਼ਿਆਦਾ ਤਗ਼ਮੇ ਜਿੱਤ ਕੇ ਲਿਆਉਣਗੇ।

ਕੰਗਣਾ ਵਰਗੇ ਸੰਸਦ ਮੈਂਬਰਾਂ ’ਤੇ ਭਾਜਪਾ ਪਾਵੇ ਨੱਥ : CM Bhagwant Mann

ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਭਾਜਪਾ ਨੂੰ ਕੰਗਣਾ ਰਣੌਤ ਵਰਗੇ ਆਪਣੇ ਵਿਵਾਦਤ ਸੰਸਦ ਮੈਂਬਰਾਂ ਨੂੰ ਨੱਥ ਪਾਉਣ ਲਈ ਕਿਹਾ, ਜੋ ਆਪਣੇ ਬਿਆਨਾਂ ਨਾਲ ਦੇਸ਼ ਦਾ ਮਾਹੌਲ ਖ਼ਰਾਬ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੰਗਣਾ ਮੰਡੀ ਹਲਕੇ ਦੇ ਲੋਕਾਂ ਦੀ ਭਲਾਈ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਬੇਬੁਨਿਆਦ ਬਿਆਨਾਂ ਰਾਹੀਂ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਨੂੰ ਅਜਿਹੇ ਆਗੂਆਂ ਨੂੰ ਕਾਬੂ ਕਰਨਾ ਚਾਹੀਦਾ ਹੈ ਕਿਉਂਕਿ ਸਿਰਫ਼ ਇਹ ਬਿਆਨ ਦੇਣ ਨਾਲ ਕਿ ਇਹ ਸੰਸਦ ਮੈਂਬਰਾਂ ਦੇ ਨਿੱਜੀ ਵਿਚਾਰ ਹਨ, ਭਗਵਾ ਪਾਰਟੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। Punjab News