ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦਾ ਭਰੋਸਾ
ਲੋਕਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਦਾ ਸ਼ਿਕਾਰ ਨਾ ਹੋਣ ਦੀ ਅਪੀਲ
ਚੰਡੀਗੜ੍ਹ, (ਅਸ਼ਵਨੀ ਚਾਵਲਾ) ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਾਪਰੀ ਘਟਨਾ ਨੂੰ ਮੰਦਭਾਗਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ, “ਧੀਆਂ ਸਾਡੀ ਇੱਜ਼ਤ, ਸ਼ਾਨ ਅਤੇ ਗੌਰਵ ਹਨ ਅਤੇ ਅਜਿਹੀ ਕੋਈ ਵੀ ਘਟਨਾ ਅਤਿ ਨਿੰਦਣਯੋਗ ਹੈ।”
ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਘਟਨਾ ਬਾਰੇ ਜਾਣ ਕੇ ਦੁਖੀ ਹਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਕਿਹਾ ਹੈ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਇਸ ਘਿਨਾਉਣੇ ਅਪਰਾਧ ਲਈ ਕਸੂਰਵਾਰ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਚੰਡੀਗੜ੍ਹ ਯੂਨੀਵਰਸਿਟੀ ਵਿਖੇ ਵਾਪਰੀ ਮੰਦਭਾਗੀ ਘਟਨਾ ਸੁਣ ਕੇ ਦੁੱਖ ਲੱਗਿਆ…ਸਾਡੀਆਂ ਧੀਆਂ ਸਾਡੀ ਇੱਜ਼ਤ ਨੇ…ਘਟਨਾ ਦੀ ਉੱਚ-ਪੱਧਰੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਨੇ…ਜੋ ਵੀ ਦੋਸ਼ੀ ਹੋਇਆ ਸਖ਼ਤ ਕਾਰਵਾਈ ਕਰਾਂਗੇ…
ਮੈਂ ਪ੍ਰਸ਼ਾਸਨ ਨਾਲ ਰਾਬਤੇ ‘ਚ ਹਾਂ…ਮੈਂ ਸਾਰਿਆਂ ਨੂੰ ਅਪੀਲ ਕਰਦਾਂ ਹਾਂ ਕਿ ਅਫ਼ਵਾਹਾਂ ਤੋਂ ਬਚੋ…
— Bhagwant Mann (@BhagwantMann) September 18, 2022
ਮੁੱਖ ਮੰਤਰੀ ਨੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ। ਭਗਵੰਤ ਮਾਨ ਨੇ ਲੋਕਾਂ ਨੂੰ ਸਮਾਜ ਵਿਰੋਧੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਵਿੱਚ ਨਾ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਇਸ ਸੰਵੇਦਨਸ਼ੀਲ ਮੁੱਦੇ ਨੂੰ ਲੈ ਕੇ ਅਫਵਾਹ ਫੈਲਾਉਣ ਵਾਲਿਆਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ