ਮੁੱਖ ਮੰਤਰੀ ਵੱਲੋਂ ਕੋਵਿਡ ਕੇਸ ਵਧਣ ਦੇ ਮੱਦੇਨਜ਼ਰ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ

Old Pension Scheme in Punjab

 ਡੇਂਗੂ ਤੇ ਮਲੇਰੀਆ ਖਿਲਾਫ ਵਿਆਪਕ ਪੱਧਰ ’ਤੇ ਮੁਹਿੰਮ ਵਿੱਢਣ ਦੀ ਲੋੜ ’ਤੇ ਜ਼ੋਰ

(ਅਸ਼ਵਨੀ ਚਾਵਲਾ) ਚੰਡੀਗੜ। ਕੋਵਿਡ-19 ਦੇ ਕੇਸਾਂ ਵਿੱਚ ਹਾਲ ਹੀ ਵਿੱਚ ਹੋਏ ਵਾਧੇ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੋਵਿਡ ਮਹਾਂਮਾਰੀ ਦੀ ਕਿਸੇ ਵੀ ਨਵੀਂ ਲਹਿਰ ਦਾ ਟਾਕਰਾ ਕਰਨ ਲਈ ਸਿਹਤ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਸਿਹਤ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਵਿਭਾਗ ਨੂੰ ਮਹਾਂਮਾਰੀ ਦੀ ਰੋਕਥਾਮ ਲਈ ਲੋੜੀਂਦੀ ਇਹਤਿਆਤ ਵਰਤਣ ਬਾਰੇ ਲੋਕਾਂ ਨੂੰ ਸੁਚੇਤ ਕਰਨ ਲਈ ਤੁਰੰਤ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੇ ਪ੍ਰਭਾਵ ਤੋਂ ਬਚਾਉਣ ਨੂੰ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ।

ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਨੂੰ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੁਖਤਾ ਤਿਆਰੀ ਕਰ ਲੈਣੀ ਚਾਹੀਦੀ ਹੈ। ਮੀਟਿੰਗ ਦੌਰਾਨ ਭਗਵੰਤ ਮਾਨ ਨੇ ਇਸ ਮਹਾਂਮਾਰੀ ਨਾਲ ਕਾਰਗਰ ਢੰਗ ਨਾਲ ਨਜਿੱਠਣ ਲਈ ਵਿਭਾਗ ਦੀਆਂ ਤਿਆਰੀਆਂ ਦੀ ਵੀ ਸਮੀਖਿਆ ਕੀਤੀ। ਮੁੱਖ ਮੰਤਰੀ ਨੇ ਮਲੇਰੀਆ ਤੇ ਡੇਂਗੂ ਵਰਗੀਆਂ ਬਰਸਾਤੀ ਮੌਸਮ ਵਾਲੀ ਬਿਮਾਰੀਆਂ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਵਿਭਾਗ ਨੂੰ ਇਨ੍ਹਾਂ ਬਿਮਾਰੀਆਂ ਨਾਲ ਸਿੱਝਣ ਲਈ ਢੁਕਵੀਂ ਮਾਤਰਾ ਵਿਚ ਦਵਾਈਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਵਿਵਸਥਾ ਯਕੀਨੀ ਬਣਾਉਣ ਲਈ ਆਖਿਆ। ਭਗਵੰਤ ਮਾਨ ਨੇ ਕਿਹਾ ਕਿ ਸਿਹਤ ਵਿਭਾਗ ਨੂੰ ਮੱਛਰਾਂ ਦੇ ਪ੍ਰਜਣਨ ਨੂੰ ਰੋਕਣ ਲਈ ਹੋਰ ਵਿਭਾਗਾਂ ਨਾਲ ਵੀ ਤਾਲਮੇਲ ਕਰਨਾ ਚਾਹੀਦਾ ਹੈ।

ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਦੀ ਲੋੜ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ, ਡੇਂਗੂ ਅਤੇ ਮਲੇਰੀਆ ਤੋਂ ਬਚਾਅ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਇਹ ਮੁਹਿੰਮ ਬਹੁਤ ਮਦਦਗਾਰ ਹੋਵੇਗੀ। ਹੋਰ ਮੁੱਦਿਆਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਵਿਭਾਗ ਨੂੰ ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਪੰਜਾਬ ਇੰਸਟੀਚਿਊਟ ਆਫ਼ ਲਿਵਰ ਤੇ ਬਾਇਲਰੀ ਸਾਇੰਸਜ਼ ਸਥਾਪਤ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਦਸੰਬਰ, 2022 ਤੱਕ ਮੁਕੰਮਲ ਹੋਣਾ ਯਕੀਨੀ ਬਣਾਇਆ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ