ਮੁੱਖ ਮੰਤਰੀ ਸ਼ਹਿਰ ’ਚ ਠੇਕਾ ਮੁਲਾਜ਼ਮ ਸੱਤਵੇਂ ਦਿਨ ਵੀ ਡਟੇ ਰਹੇ
ਮਜਦੂਰ ਦੇ ਸੰਘਰਸ਼ ’ਚ ਠੇਕਾ ਕਾਮਿਆਂ ਦਾ ਵੱਡਾ ਕਾਫਲਾ ਹੋਇਆ ਸ਼ਾਮਲ : ਆਗੂ
ਖੁਸ਼ਵੀਰ ਸਿੰਘ ਤੂਰ, ਪਟਿਆਲਾ । ਮੁੱਖ ਮੰਤਰੀ ਦੇ ਸ਼ਹਿਰ ’ਚ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵੱਲੋਂ ਰੈਗੂਲਰ ਕਰਨ ਦੀ ਮੰਗ ਨੂੰ ਲੈਕੇ ਇੱਥੇ ਠੀਕਰੀਵਾਲਾ ਚੌਂਕ ’ਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਲਗਾਇਆ ਗਿਆ ਪੱਕਾ ਮੋਰਚਾ ਅੱਜ ਸੱਤਵੇਂ ਦਿਨ ਵੀ ਜਾਰੀ ਰਿਹਾ। ਅੱਜ ਠੇਕਾ ਮੁਲਾਜ਼ਮਾਂ ਦਾ ਵੱਡਾ ਕਾਫਲਾ ਨਾਅਰੇਬਾਜੀ ਕਰਦਿਆਂ ਖੇਤ ਮਜ਼ਦੂਰਾਂ ਦੇ ਧਰਨੇ ’ਚ ਸ਼ਾਮਲ ਹੋਇਆ ਤੇ ਪੰਜਾਬ ਸਰਕਾਰ ਖਿਲਾਫ ਆਵਾਜ ਬੁਲੰਦ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ, ਵਰਿੰਦਰ ਸਿੰਘ ਮੋਮੀ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ ਆਦਿ ਨੇ ਕੈਪਟਨ ਸਰਕਾਰ ’ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਭੱਜ ਰਹੀ ਹੈ ਜਦੋਂ ਕਿ ਕੈਪਟਨ ਸਰਕਾਰ ਸਮੂਹ ਵਿਭਾਗਾਂ ਦੇ ਹਰ ਤਰ੍ਹਾਂ ਦੇ ਠੇਕਾ ਮੁਲਾਜ਼ਮਾਂ ਨੂੰ ਆਪਣੀ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਰੈਗੂਲਰ ਕਰਨ ਦਾ ਵਾਅਦਾ ਕਰਕੇ ਸੱਤਾ ਦੀ ਕੁਰਸੀ ’ਤੇ ਬਿਰਾਜਮਾਨ ਹੋਈ ਸੀ ਪਰ ਤ੍ਰਾਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਖਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾਕੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਪਿਛਲੇ ਲੰਬੇ ਸਮੇਂ ਤੋਂ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ਼ ਰਹੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਨਹੀਂ ਕੀਤਾ, ਜਿਸ ਦੇ ਵਿਰੋਧ ਵਜੋਂ ਠੇਕਾ ਮੁਲਾਜ਼ਮਾਂ ਨੇ ਪਟਿਆਲਾ ਵਿਖੇ ਪੱਕਾ ਮੋਰਚਾ ਲਾਇਆ ਹੋਇਆ ਹੈ। ਇਸ ਮੌਕੇ ਸਮਸੇਰ ਸਿੰਘ, ਬਲਕਾਰ ਸਿੰਘ, ਇਕਬਾਲ ਸਿੰਘ, ਕੁਲਦੀਪ ਸਿੰਘ ਬੁੱਢੇਵਾਲ, ਭੁਪਿੰਦਰ ਸਿੰਘ ਕੁਤਬੇਵਾਲ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ