ਕੋਵਿਡ ਤੇ ਇਲਾਜ ਪ੍ਰਬੰਧਾਂ ਬਾਰੇ ਅਫ਼ਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਸਿਹਤ ਮੰਤਰੀ
ਪਟਿਆਲਾ, (ਖੁਸ਼ਵੀਰ ਸਿੰਘ ਤੂਰ)। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਕਿ ਰਾਜ ਅੰਦਰ ਕੋਵਿਡ ਦੀ ਸਥਿਤੀ ‘ਚ ਅੱਗੇ ਨਾਲੋਂ ਸੁਧਾਰ ਆ ਰਿਹਾ ਹੈ, ਜਿਸ ਕਰਕੇ ਪਿਛਲੇ 2 ਦਿਨਾਂ ਤੋਂ ਕੋਵਿਡ ਪੀੜਤਾਂ ਦੇ ਠੀਕ ਹੋਣ ਦੀ ਦਰ ‘ਚ ਵਾਧਾ ਹੋਣ ਦੇ ਨਾਲ-ਨਾਲ ਮੌਤ ਦਰ ‘ਚ ਵੀ ਕਮੀ ਦਰਜ ਕੀਤੀ ਗਈ ਹੈ।
ਸਿਹਤ ਮੰਤਰੀ ਅੱਜ ਪਟਿਆਲਾ ਜ਼ਿਲ੍ਹੇ ‘ਚ ਕੋਵਿਡ ਦੀ ਸਥਿਤੀ ਅਤੇ ਇਲਾਜ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ ਵਿਖੇ ਸਿਵਲ ਸਰਜਨ ਅਤੇ ਹੋਰ ਸੀਨੀਅਰ ਡਾਕਟਰਾਂ ਨਾਲ ਮੀਟਿੰਗ ਕਰਨ ਆਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਕੋਵਿਡ ਮਰੀਜਾਂ ਨੂੰ ਵੰਡੀਆਂ ਜਾਣ ਵਾਲੀਆਂ ਕਿੱਟਾਂ, ਜਿਸ ‘ਚ ਆਕਸੀਮੀਟਰ ਅਤੇ ਲੋੜੀਂਦੀਆਂ ਦਵਾਈਆਂ ਆਦਿ ਸ਼ਾਮਲ ਹੋਣਗੀਆਂ, ਨੂੰ ਇੱਕ-ਦੋ ਦਿਨਾਂ ਵਿੱਚ ਜਾਰੀ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਰਾਜ ਅੰਦਰ ਆਪਣੇ ਘਰਾਂ ‘ਚ ਇਕਾਂਤਵਾਸ ਕੋਵਿਡ ਮਰੀਜਾਂ ਦੀ ਪੂਰੀ ਦੇਖਭਾਲ ਕੀਤੀ ਜਾ ਰਹੀ ਹੈ ਅਤੇ ਇਹ ਸਾਰੇ ਬਹੁਤ ਤੇਜੀ ਨਾਲ ਸਿਹਤਯਾਬ ਵੀ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਰਾਜ ਵਿੱਚ ਗੰਭੀਰ ਕੋਵਿਡ ਮਰੀਜਾਂ ਲਈ ਆਕਸੀਜਨ ਦੀ ਲੋੜ ਦੀ ਪੂਰਤੀ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਹਸਪਤਾਲਾਂ ‘ਚ ਆਕਸੀਜਨ ਦੀ ਸਪਲਾਈ ਨਿਰਵਿਘਨ ਕੀਤੀ ਜਾ ਰਹੀ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਨੇ ਆਸ ਜਤਾਈ ਕਿ ਪੰਜਾਬ ਅੰਦਰ ਕੋਵਿਡ ਦੀ ਸਥਿਤੀ ‘ਤੇ ਜਲਦ ਹੀ ਕਾਬੂ ਪਾ ਲਿਆ ਜਾਵੇਗਾ ਪਰੰਤੂ ਇਸ ਲਈ ਅਜੇ ਵੀ ਸਮਾਜ ਦੇ ਸਾਰੇ ਵਰਗਾਂ ਨੂੰ ਇਕਜੁਟ ਹੋਕੇ ਹੰਭਲਾ ਮਾਰਨ ਦੀ ਲੋੜ ਹੈ। ਮੀਡੀਆ ਲੋਕਾਂ ‘ਚ ਕੋਵਿਡ ਪ੍ਰਤੀ ਡਰ ਨੂੰ ਘੱਟ ਕਰਨ ਅਤੇ ਅਫ਼ਵਾਹਾਂ ਨੂੰ ਠੱਲ੍ਹ ਪਾਉਣ ਲਈ ਆਪਣੀ ਅਹਿਮ ਭੂਮਿਕਾ ਨਿਭਾਵੇ।
ਕੁਝ ਪੰਜਾਬ ਵਿਰੋਧੀ ਅਤੇ ਸ਼ਰਾਰਤੀ ਕਿਸਮ ਦੇ ਲੋਕ ਆਮ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਕਰਨ ਦੇ ਮਕਸਦ ਨਾਲ ਅਫ਼ਵਾਹਾਂ ਫੈਲਾ ਰਹੇ ਹਨ ਪਰੰਤੂ ਪੰਜਾਬ ਸਰਕਾਰ ਨੇ ਅਜਿਹਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਿੱਛੇ ਸਿਆਸੀ ਪਾਰਟੀਆਂ ਦਾ ਵੀ ਹੱਥ ਸੀ ਅਤੇ ਜਾਂਚ ਤੋਂ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਤੋਂ ਇੱਕ ਸੀਨੀਅਰ ਆਗੂ ਦਾ ਵੀ ਨਾਮ ਸਾਹਮਣੇ ਆਇਆ ਹੈ।
ਉਨ੍ਹਾਂ ਦੱਸਿਆ ਕਿ ਪਰੰਤੂ ਸਰਕਾਰ ਵੱਲੋਂ ਕੂੜ ਪ੍ਰਚਾਰ ਕਰਨ ਵਾਲੇ ਵੱਖ-ਵੱਖ 108 ਸੋਸ਼ਲ ਮੀਡੀਆ ਖਾਤੇ ਬਲਾਕ ਕਰਵਾਏ ਗਏ ਹਨ, 80 ਦੇ ਕਰੀਬ ਮੁਕੱਦਮੇ ਦਰਜ ਕਰਕੇ 54 ਵਿਅਕਤੀ ਗ੍ਰਿਫ਼ਤਾਰ ਵੀ ਕੀਤੇ ਗਏ। ਜਦੋਂਕਿ ਅਮਰੀਕਾ ਤੋਂ ਚੱਲਣ ਵਾਲੇ ਇੱਕ ਚੈਨਲ ਵਿਰੁੱਧ ਵੀ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮੌਕੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਸਿਹਤ ਮੰਤਰੀ ਨੂੰ ਦੱਸਿਆ ਕਿ ਜ਼ਿਲ੍ਹੇ ‘ਚ 1.35 ਲੱਖ ਟੈਸਟਿੰਗ ਹੋ ਚੁੱਕੀ ਹੈ ਜਿਸ ਵਿੱਚੋਂ 1.23 ਲੱਖ ਤੋਂ ਵਧੇਰੇ ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਮਰੀਜਾਂ ਦੇ ਠੀਕ ਹੋਣ ਦੀ ਦਰ 77 ਫੀਸਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.