ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਨੇ ਵਣ ਮੰਤਰੀ ਦਾ ਪੁਤਲਾ ਸਾੜਿਆ

(ਸੁਰੇਸ਼ ਗਰਗ) ਸ੍ਰੀ ਮੁਕਤਸਰ ਸਾਹਿਬ। ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ਅਨੁਸਾਰ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਮੰਡਲ ਇਕਾਈ ਵੱਲੋਂ ਸੂਬਾ ਜਨਰਲ ਸਕੱਤਰ ਬਲਵੀਰ ਸਿਵੀਆ ਅਤੇ ਵਣਮੰਡਲ ਪ੍ਰਧਾਨ ਜਗਸੀਰ ਸਿੰਘ ਅਗਵਾਈ ਹੇਠ ਜੰਗਲਾਤ ਮੁਲਾਜ਼ਮਾਂ ਵੱਲੋਂ ਵਣ ਮੰਡਲ ਦਫਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਇਕੱਤਰਤਾ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਗੂਆਂ ਨੇ ਸੰਬੋਧਨ ਕਰਦੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਮੌਕੇ ਪਾਰਟੀ ਦੀ ਸਰਕਾਰ ਬਣਨ ’ਤੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਗਿਆ ਸੀ। ਪਰ ਅੱਠ ਮਹੀਨੇ ਬੀਤ ਜਾਣ ਦੇ ਬਾਵਜੂਦ ਅੱਜ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ। ਵੀਹ-ਵੀਹ ਸਾਲਾਂ ਤੋਂ ਦਿਹਾੜੀਦਾਰ ਕਾਮਿਆਂ ਵਜੋਂ ਕੰਮ ਕਰ ਰਹੇ ਜੰਗਲਾਤ ਮੁਲਾਜ਼ਮਾਂ ਦਾ ਲਗਾਤਾਰ ਸ਼ੋਸ਼ਣ ਕੀਤਾ ਜਾ ਰਿਹਾ ਹੈ ਜਦੋਂਕਿ ਕਈ ਹੋਰ ਵਿਭਾਗਾਂ ਵਿਚ ਦਿਹਾੜੀਦਾਰ ਕਾਮਿਆਂ ਨੂੰ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਤਨਖਾਹਾਂ ਦਿੱਤੀਆਂ ਜਾ ਰਹੀਆਂ ਹਨ।

ਪੰਜਾਬ ਸਰਕਾਰ ਦੇ ਜੰਗਲਾਤ ਵਿਭਾਗ ਵੱਲੋਂ ਮਾਣਯੋਗ ਸੁਪਰੀਮ ਕੋਰਟ ਦੇ ਬਰਾਬਰ ਕੰਮ ਬਰਾਬਰ ਤਨਖਾਹ ਦੇ ਫੈਸਲੇ ਦੀਆਂ ਸ਼ਰੇ੍ਹਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਆਗੂਆਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਵਿਭਾਗ ਅੰਦਰ ਤਿੰਨ ਸਾਲ ਕੰਮ ਕਰ ਚੁੱਕੇ ਦਿਹਾੜੀਦਾਰ ਕਾਮਿਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਕੱਚੇ ਵਰਕਰਾਂ ਨੂੰ ਦੁਰਘਟਨਾ ਹੋਣ ਦੀ ਹਾਲਤ ’ਚ ਇਲਾਜ ਦਾ ਮੁਕੰਮਲ ਖਰਚਾ ਦਿੱਤਾ ਜਾਵੇ ਅਤੇ ਜਾਨੀ ਨੁਕਸਾਨ ਹੋਣ ’ਤੇ ਹੋਰ ਰੈਗੂਲਰ ਮੁਲਾਜ਼ਮਾਂ ਵਾਂਗ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ।

Forest Employees ਮੁਲਾਜ਼ਮਾਂ ਵੱਲੋਂ ਅੰਤ ਵਿੱਚ ਵਣ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੇਵ ਸਿੰਘ, ਮੱਖਣ ਸਿੰਘ, ਜਤਿੰਦਰ ਸਿੰਘ, ਭੋਲਾ ਸਿੰਘ, ਛਿੰਦਾ ਸਿੰਘ, ਗੁਰਮੇਲ ਸਿੰਘ, ਬਲਜਿੰਦਰ ਸਿੰਘ, ਸੰਤਰੋ ਦੇਵੀ, ਸਿਮਰਜੀਤ ਕੌਰ, ਰਾਜਵਿੰਦਰ ਕੌਰ ਅਤੇ ਡੈਮੋਕਰੇਟਿਕ ਮੁਲਾਜ਼ਮ ਫੈਡਰੇਸਨ ਦੇ ਸੂਬਾ ਆਗੂ ਪਵਨ ਕੁਮਾਰ ਹਾਜ਼ਰ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ