Patiala News: ਡਿਪਟੀ ਕਮਿਸ਼ਨਰ ਨੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਲਈ ਵੈਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Patiala News
ਪਟਿਆਲਾ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਖੇਤੀਬਾੜੀ ਵਿਭਾਗ ਦੀਆਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦੇ ਹੋਏ।

ਕਿਸਾਨ ਪਰਾਲੀ ਨੂੰ ਅੱਗ ਲਾਉਣ ਦੀ ਥਾਂ ਇਸਨੂੰ ਖੇਤਾਂ ’ਚ ਹੀ ਮਿਲਾਉਣ : ਡਿਪਟੀ ਕਮਿਸ਼ਨਰ | Patiala News

(ਸੱਚ ਕਹੂੰ ਨਿਊਜ) ਪਟਿਆਲਾ। Patiala News: ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ’ਚ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਹੋਰ ਰਹਿੰਦ ਖੂੰਹਦ ਨੂੰ ਅੱਗ ਲਾਉਣ ਨਾਲ ਹੁੰਦੇ ਨੁਕਸਾਨ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਤਿਆਰ ਕੀਤੀਆਂ ਗਈਆਂ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਵੈਨਾਂ ਅਗਲੇ 40 ਦਿਨ ਜ਼ਿਲ੍ਹੇ ਦੇ 934 ਪਿੰਡਾਂ ’ਚ ਜਾ ਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨਗੀਆਂ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਝੋਨੇ ਦਾ ਸੀਜਨ ਸ਼ੁਰੂ ਹੋਣ ਵਾਲਾ ਹੈ ਇਸ ਲਈ ਜਿਥੇ ਹਰ ਪਿੰਡ ’ਚ ਕਿਸਾਨਾਂ ਤੇ ਖੇਤੀ ਕਰਨ ਵਾਲਿਆਂ ਨੂੰ ਕੈਂਪ ਲਗਾਕੇ ਜਾਗਰੂਕ ਕੀਤਾ ਜਾ ਰਿਹਾ ਹੈ, ਉਥੇ ਹੀ ਜਾਗਰੂਕਤਾ ਵੈਨਾਂ ਰਾਹੀਂ ਵੀ ਕਿਸਾਨਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ‘ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਕਰਕੇ ਜਿੱਥੇ ਮਨੁੱਖੀ ਸਿਹਤ ਸਾਂਹ ਸਮੇਤ ਹੋਰ ਘਾਤਕ ਬਿਮਾਰੀਆਂ ਦੀ ਸ਼ਿਕਾਰ ਬਣਦੀ ਹੈ, ਉਥੇ ਹੀ ਜ਼ਮੀਨ ਵਿਚਲੇ ਮਿੱਤਰ ਕੀੜਿਆਂ ਦੇ ਸਾੜੇ ਜਾਣ ਸਮੇਤ ਹੋਰ ਪਸ਼ੂ-ਪੰਛੀ ਵੀ ਇਸਦੀ ਲਪੇਟ ’ਚ ਆਉਣ ਕਰਕੇ ਅਲੋਪ ਹੋਣ ਦੀ ਕਗਾਰ ’ਤੇ ਪੁੱਜ ਜਾਂਦੇ ਹਨ।

ਇਹ ਵੀ ਪੜ੍ਹੋ: Gippy Grewal: ਗਿੱਪੀ ਗਰੇਵਾਲ ਦੀ ਮੋਹਾਲੀ ਅਦਾਲਤ ’ਚ ਅੱਜ ਸੁਣਵਾਈ

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 1 ਟਨ ਪਰਾਲੀ ਨੂੰ ਜਮੀਨ ’ਚ ਮਿਲਾਉਣ ਨਾਲ ਨਾਈਟ੍ਰੋਜਨ, ਸਲਫ਼ਰ, ਪੋਟਾਸ਼, ਜੈਵਿਕ ਕਾਰਬਨ ਆਦਿ ਮਿਲਦੇ ਹਨ, ਜਿਸ ਨਾਲ ਕਿਸਾਨ ਦਾ ਪ੍ਰਤੀ ਏਕੜ 1500 ਤੋਂ 2000 ਰੁਪਏ ਖਰਚਾ ਬਚਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਜਾਗਰੂਕਤਾ ਲਈ ਤਿੰਨ ਵੈਨਾਂ ਰਵਾਨਾ ਕੀਤੀਆਂ ਗਈਆਂ ਹਨ, ਜੋ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕਾਂ, ਰਾਜਪੁਰਾ, ਪਟਿਆਲਾ, ਘਨੌਰ, ਨਾਭਾ, ਭੁਨਰਹੇੜੀ ਅਤੇ ਸੌਨਰ, ਸਮਾਣਾ ਅਤੇ ਪਾਤੜਾਂ ਵਿਖੇ ਲਗਾਤਾਰ 40 ਦਿਨ ਪਰਾਲੀ ਪ੍ਰਬੰਧਨ ਸਬੰਧੀ ਪ੍ਰਚਾਰ ਕਰਨਗੀਆਂ।

ਉਨ੍ਹਾਂ ਦੱਸਿਆ ਕਿ ਵੈਨ ਵਿੱਚ ਪ੍ਰਚਾਰ ਸਮੱਗਰੀ ਸਮੇਤ ਖੇਤੀਬਾੜੀ ਵਿਭਾਗ ਦਾ ਮਾਹਰ ਵੀ ਹੋਵੇਗਾ ਜੋ ਕਿਸਾਨਾਂ ਨੂੰ ਜਾਗਰੂਕ ਕਰੇਗਾ। ਇਸ ਮੌਕੇ ਪੀ.ਡੀ.ਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਕੰਚਨ, ਡੀ.ਡੀ.ਐਫ ਨਿਧੀ ਮਲਹੋਤਰਾ, ਖੇਤੀਬਾੜੀ ਅਫ਼ਸਰ ਜਪਿੰਦਰ ਸਿੰਘ ਗਿੱਲ, ਖੇਤੀਬਾੜੀ ਵਿਕਾਸ ਅਫ਼ਸਰ ਗੁਰਮੇਲ ਸਿੰਘ, ਅਮਨ ਸੰਧੂ, ਸ਼ਿਕੰਦਰ ਸਿੰਘ, ਪ੍ਰਭਦੀਪ ਸਿੰਘ ਤੇ ਰਵਿੰਦਰਪਾਲ ਸਿੰਘ ਚੱਠਾ ਵੀ ਮੌਜੂਦ ਸਨ। Patiala News