ਸਿੱਖਿਆ ਵਿਭਾਗ ਨੇ ਮੰਨਿਆ ਹਾਈ ਤੇ ਸੈਕੰਡਰੀ ਸਕੂਲਾਂ ‘ਚ ਅਧਿਆਪਕਾਂ ਦੀ ਘਾਟ

Teachers day

ਕਿਹਾ, ਬੰਦ ਪਏ ਮਿਡਲ ਸਕੂਲਾਂ ਦੇ ਅਧਿਆਪਕਾਂ ਦੀਆਂ ਲਵੋ ਸੇਵਾਵਾਂ

ਮੋਹਾਲੀ, (ਕੁਲਵੰਤ ਕੋਟਲੀ) ਪੰਜਾਬ ਭਰ ਵਿੱਚ ਬੀਤੀ 30 ਸਤੰਬਰ ਨੂੰ ਹਾਈ ਅਤੇ ਸੈਕੰਡਰੀ ਸਕੂਲਾਂ ਵਿੱਚੋਂ ਵੱਡੀ ਗਿਣਤੀ ਸੇਵਾ ਮੁਕਤ ਹੋਏ ਅਧਿਆਪਕਾਂ ਦੀ ਘਾਟ ਹੁਣ ਕੋਰੋਨਾ ਕਾਰਨ ਬੰਦ ਪਏ ਮਿਡਲ ਸਕੂਲਾਂ ਦੇ ਅਧਿਆਪਕਾਂ ਦੀਆਂ ਸੇਵਾਵਾਂ ਨਾਲ ਪੂਰੀ ਕੀਤੀ ਜਾਵੇਗੀ ਸਿੱਖਿਆ ਵਿਭਾਗ ਵੱਲੋਂ ਅੱਜ ਜਾਰੀ ਕੀਤੇ ਪੱਤਰ ਮੁਤਾਬਕ ਵੱਡੇ ਪੱਧਰ ‘ਤੇ ਅਧਿਆਪਕਾਂ ਦੀ ਘਾਟ ਮਹਿਸੂਸ ਹੋਣ ਲੱਗ ਪਈ ਹੈ ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਵੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ

ਜਾਰੀ ਪੱਤਰ ਮੁਤਾਬਕ ਸਰਕਾਰੀ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਦੇ ਚੱਲਦਿਆਂ ਸਿੱਖਿਆ ਵਿਭਾਗ ਵੱਲੋਂ ਕੋਵਿਡ 19 ਕਾਰਨ ਮਿਡਲ ਸਕੂਲ ਬੰਦ ਹੋਣ ਦੇ ਚੱਲਦਿਆਂ ਸੈਕੰਡਰੀ ਤੇ ਹਾਈ ਸਕੂਲਾਂ ਦੇ ਮੁਖੀਆਂ ਨੂੰ ਆਪਣੇ ਅਧੀਨ ਪੈਂਦੇ ਮਿਡਲ ਸਕੂਲ ਦੇ ਅਧਿਆਪਕਾਂ ਦੀਆਂ ਸੇਵਾਵਾਂ ਲੈਣ ਦੇ ਹੁਕਮ ਜਾਰੀ ਕੀਤੇ ਹਨ ਸਕੱਤਰ ਸਕੂਲ ਸਿੱਖਿਆ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸਮੂਹ ਜ਼ਿਲ੍ਹਾ ਸਿੱਖਿਆ ਅਫਸਰਾਂ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਦੌਰਾਨ ਇਹ ਸੁਝਾਅ ਦਿੱਤਾ ਗਿਆ ਸੀ ਕਿ 30 ਸਤੰਬਰ 2020 ਨੂੰ ਬਹੁਤ ਸਾਰੇ ਅਧਿਆਪਕ ਸੇਵਾ-ਨਵਿਰਤ ਹੋਣ ਕਾਰਨ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਅਧਿਆਪਕਾਂ ਦੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ

ਜ਼ਿਲ੍ਹਾ ਸਿੱਖਿਆ ਅਫ਼ਸਰਾਂ ਵੱਲੋਂ ਇਹ ਵੀ ਦੱਸਿਆ ਗਿਆ ਸੀ ਕਿ ਹਾਲ ਦੀ ਘੜੀ ਮਿਡਲ ਸਕੂਲ ਕੋਵਿਡ-19 ਕਾਰਨ ਬੰਦ ਹੋਣ ਦੇ ਚੱਲਦਿਆਂ ਮਿਡਲ ਸਕੂਲਾਂ ਵਿੱਚ ਤਾਇਨਾਤ ਅਧਿਆਪਕਾਂ ਦੀਆਂ ਸੇਵਾਵਾਂ ਸਬੰਧਿਤ ਸਕੂਲ ਮੁੱਖੀ/ਡੀ.ਡੀ.ਓ ਵੱਲੋਂ ਲਈਆਂ ਜਾ ਸਕਦੀਆਂ ਹਨ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੁਆਰਾ ਦਿੱਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਅਤੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਜਿੱਥੇ ਕਿਤੇ ਲੋੜ ਹੋਵੇ ਉਹ ਆਪਣੇ ਅਧੀਨ ਮਿਡਲ ਸਕੂਲਾਂ ਵਿੱਚ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਸੇਵਾਵਾਂ ਲੈ ਸਕਦੇ ਹਨ

ਸਿੱਖਿਆ ਵਿਭਾਗ ਦੇ ਅੰਕੜਿਆਂ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਵੱਡੀ ਪੱਧਰ ‘ਤੇ ਵਿਦਿਆਰਥੀਆਂ ਦਾ ਵਾਧਾ ਹੋਇਆ ਹੈ ਸਿੱਖਿਆ ਵਿਭਾਗ ਵੱਲੋਂ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿਚ ਵੱਡੇ ਪੱਧਰ ‘ਤੇ ਸਮਾਰਟ ਸਕੂਲ ਬਣਾਏ ਗਏ ਤੇ ਸਿੱਖਿਆ ਦੇ ਮਿਆਰ ਉਚਾ ਹੋਇਆ, ਪਰ ਪੰਜਾਬ ਵਿੱਚ ਘਰ-ਘਰ ਰੁਜ਼ਗਾਰ ਦੇਣ ਦੇ ਵਾਅਦੇ ਨਾਲ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਰਫ ਸਰਹੱਦੀ ਖੇਤਰ ਲਈ ਮਾਸਟਰ ਕੇਡਰ ਦੇ 3582 ਅਧਿਆਪਕਾਂ ਦੀ ਹੀ ਭਰਤੀ ਕੀਤੀ ਗਈ, ਜਦੋਂ ਕਿ ਬਾਕੀ ਪੰਜਾਬ ਲਈ ਅਜੇ ਤੱਕ ਕੋਈ ਭਰਤੀ ਨਹੀਂ ਕੀਤੀ ਗਈ ਅਤੇ ਨਾ ਹੀ ਕਿਸੇ ਪ੍ਰਾਇਮਰੀ ਸਕੂਲ ਨੂੰ ਕੋਈ ਨਵਾਂ ਅਧਿਆਪਕ ਮਿਲਿਆ ਹੈ

ਟੈੱਟ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਕਿਹਾ ਕਿ 50 ਹਜ਼ਾਰ ਦੇ ਕਰੀਬ ਟੈੱਟ ਪਾਸ ਬੇਰੁਜ਼ਗਾਰ ਬੀ ਐੱਡ ਅਧਿਆਪਕ ਹਨ, ਜੋ ਪਿਛਲੇ ਲੰਬੇ ਸਮੇਂ ਤੋਂ ਰੁਜ਼ਗਾਰ ਲਈ ਸੜਕਾਂ ‘ਤੇ ਸੰਘਰਸ਼ ਕਰ ਰਹੇ ਹਨ, ਪ੍ਰੰਤੂ ਪੰਜਾਬ ਸਰਕਾਰ ਵੱਲੋਂ ਜੋ ਅਧਿਆਪਕਾਂ ਦੀ ਭਰਤੀ ਸਬੰਧੀ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ, ਉਸ ਨੂੰ ਸਾਲ ਹੋਣ ਦੇ ਕਰੀਬ ਹੋਣ ਵਾਲਾ ਹੈ, ਸਿਰਫ ਉਸ ਇਸ਼ਤਿਹਾਰ ਵਿੱਚ ਸੋਧ ਕਰਕੇ ਆਪਣਾ ਟਾਈਮ ਪਾਸ ਕੀਤਾ ਜਾ ਰਿਹਾ ਹੈ

ਦੂਜੇ ਪਾਸੇ ਡੀ.ਟੀ. ਐਫ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਅਤੇ ਸੀਨੀਅਰ ਮੀਤ ਪ੍ਰਧਾਨ ਵਿਕਰਮਦੇਵ ਸਿੰਘ ਨੇ ਪੰਜਾਬ ਸਰਕਾਰ ਤੋਂ ਅਧਿਆਪਕਾਂ ਦੀ ਕਮੀ ਕਾਰਨ ਮਿਡਲ ਸਕੂਲ ਅਧਿਆਪਕਾਂ ਦੀਆਂ ਸੇਵਾਵਾਂ ਲੈਣ ਦੀ ਥਾਂ ਆਪਣੇ ਘਰਾਂ ਤੋਂ ਸੈਂਕੜੇ ਕਿਲੋਮੀਟਰ ਦੂਰ ਬੈਠੇ ਅਧਿਆਪਕਾਂ ਦੀਆਂ ਬਦਲੀਆਂ ਇਨ੍ਹਾਂ ਲੋੜਵੰਦ ਸਕੂਲਾਂ ਵਿੱਚ ਤੁਰੰਤ ਕਰਨ ਅਤੇ ਨਵੀਂ ਭਰਤੀ ਕਰਕੇ ਅਧਿਆਪਕਾਂ ਦੀਆਂ ਖਾਲੀ ਅਸਾਮੀਆਂ ਜਲਦ ਭਰਨ ਦੀ ਮੰਗ ਕੀਤੀ ਹੈ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.