ਸਰਸ ਮੇਲੇ ਦੀ ਸਫ਼ਲਤਾ ਲਈ ਅਧਿਕਾਰੀਆਂ ਦੀਆਂ ਕਮੇਟੀਆਂ ਦਾ ਗਠਨ | Patiala News
- ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਅਹਿਮ ਬੈਠਕ
- ਸਰਸ ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਤਨਦੇਹੀ ਤੇ ਜ਼ਿੰਮੇਵਾਰੀ ਨਾਲ ਡਿਊਟੀ ਦੇਣ ਅਧਿਕਾਰੀ ਤੇ ਕਰਮਚਾਰੀ : ਡਾ. ਪ੍ਰੀਤੀ ਯਾਦਵ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। Patiala News: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਵਿੱਚ ਪਟਿਆਲਾ ਦੇ ਵਿਰਾਸਤੀ ਸ਼ੀਸ਼ ਮਹਿਲ ਵਿਖੇ 14 ਫਰਵਰੀ ਤੋਂ 23 ਫਰਵਰੀ 2025 ਤੱਕ ਸਰਸ ਮੇਲਾ ਕਰਵਾਇਆ ਜਾ ਰਿਹਾ ਹੈ। ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਅਧਿਕਾਰੀਆਂ ਦੀਆਂ ਵੱਖ-ਵੱਖ ਕਮੇਟੀਆਂ ਦਾ ਗਠਨ ਕਰਕੇ ਉਨ੍ਹਾਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ।
ਅਧਿਕਾਰੀਆਂ ਨੂੰ ਇਨ੍ਹਾਂ ਜ਼ਿੰਮੇਵਾਰੀਆਂ ਤੋਂ ਜਾਣੂ ਕਰਵਾਉਣ ਅਤੇ ਲੋੜੀਂਦੇ ਦਿਸ਼ਾ ਨਿਰਦੇਸ਼ ਦੇਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਸ ਮੇਲੇ ਲਈ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਅਨੁਪ੍ਰਿਤਾ ਜੌਹਲ ਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ ਸਮੇਤ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਇਹ ਖਬਰ ਵੀ ਪੜ੍ਹੋ : Ludhiana News: ਲੁਧਿਆਣਾ ਨੂੰ ਪਹਿਲੀ ਮਹਿਲਾ ਦੇ ਰੂਪ ’ਚ ਮਿਲਿਆ 7ਵਾਂ ਮੇਅਰ
ਇਸ ਮੌਕੇ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਵਿਰਾਸਤੀ ਮੇਲੇ ਮੁੜ ਸੁਰਜੀਤ ਕੀਤੇ ਜਾ ਰਹੇ ਹਨ ਤੇ ਪਟਿਆਲਾ ਵਿਖੇ ਕਰੀਬ ਛੇ ਸਾਲਾਂ ਬਾਅਦ ਸਰਸ ਮੇਲਾ ਲੱਗਣ ਜਾ ਰਿਹਾ ਹੈ। ਪਟਿਆਲਾ ਦੇ ਸ਼ੀਸ਼ ਮਹਿਲ ਵਿਖੇ 14 ਫਰਵਰੀ ਤੋਂ 23 ਫਰਵਰੀ ਤੱਕ ਸਰਸ ਮੇਲਾ ਲੱਗੇਗਾ, ਜਿਸ ਦੀ ਸਫ਼ਲਤਾ ਲਈ ਜ਼ਿਲ੍ਹਾ ਅਧਿਕਾਰੀ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ ਤਾਂ ਕਿ ਮੇਲੇ ਨੂੰ ਪੂਰੀ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। Patiala News
ਇਸ ਮੌਕੇ ਏਡੀਸੀ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਨੇ ਦੱਸਿਆ ਕਿ ਇਸ ਸਰਸ (ਸੇਲ ਆਫ਼ ਆਰਟੀਕਲਜ ਆਫ਼ ਰੂਰਲ ਆਰਟੀਸਨਸ ਸੁਸਾਇਟੀ) ਮੇਲੇ ’ਚ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚੋਂ ਸ਼ਿਲਪਕਾਰ ਅਤੇ ਕਲਾਕਾਰ ਪੁੱਜਣਗੇ, ਜਿਨ੍ਹਾਂ ਵੱਲੋਂ ਆਪਣੀ ਦਸਤਕਾਰੀ ਰਾਹੀਂ ਬਣਾਈਆਂ ਗਈਆਂ ਵਸਤਾਂ ਲੋਕਾਂ ਦੇ ਖਰੀਦਣ ਅਤੇ ਕਲਾਕਾਰਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਪੇਸ਼ਕਾਰੀਆਂ ਦਰਸ਼ਕਾਂ ਨੂੰ ਕੀਲਣ ਲਈ ਪੇਸ਼ ਕੀਤੀਆਂ ਜਾਣਗੀਆਂ। ਇਸ ਲਈ ਸਮੁੱਚੇ ਪ੍ਰਬੰਧ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹੇ ਜਾਣ ਲਈ ਸਮੁੱਚੇ ਅਧਿਕਾਰੀ ਅਤੇ ਕਰਮਚਾਰੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਆਪਸੀ ਤਾਲਮੇਲ ਨਾਲ ਨਿਭਾਉਣ ਤਾਂ ਕਿ ਸਰਸ ਮੇਲੇ ਨੂੰ ਨਿਰਵਿਘਨਤਾ ਸਹਿਤ ਨੇਪਰੇ ਚੜ੍ਹਾਇਆ ਜਾ ਸਕੇ। Patiala News
ਏਡੀਸੀ ਨੇ ਕਿਹਾ ਕਿ ਇਸ ਮੇਲੇ ਦੌਰਾਨ ਪਟਿਆਲਾ ਹੀ ਨਹੀਂ ਬਲਕਿ ਪੂਰੇ ਪੰਜਾਬ ਸਮੇਤ ਹਰਿਆਣਾ, ਚੰਡੀਗੜ੍ਹ ਅਤੇ ਹੋਰਨਾਂ ਸੂਬਿਆਂ ਤੋਂ ਦਰਸ਼ਕਾਂ ਤੇ ਖਰੀਦਦਾਰਾਂ ਦੇ ਪੁੱਜਣ ਦੀ ਉਮੀਦ ਹੈ, ਜਿਸ ਲਈ ਪੂਰੇ ਪ੍ਰਬੰਧ ਅਜਿਹੇ ਤਰੀਕੇ ਨਾਲ ਕੀਤੇ ਜਾਣ ਤਾਂ ਕਿ ਕਿਸੇ ਦਸਤਕਾਰ, ਕਲਾਕਾਰ ਸਮੇਤ ਆਮ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਵੱਡੀ ਭੀੜ ਦੇ ਜੁਟਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੁਲਿਸ ਵੱਲੋਂ ਆਵਾਜਾਈ ਤੇ ਸੁਰੱਖਿਆ ਦੇ ਪੁੱਖਤਾ ਇੰਤਜ਼ਾਮ ਕੀਤੇ ਜਾਣ, ਜਦੋਂ ਕਿ ਝੂਲਿਆਂ ਆਦਿ ਤੋਂ ਕਿਸੇ ਦੁਰਘਟਨਾ ਤੇ ਅੱਗ ਆਦਿ ਤੋਂ ਬਚਾਉਣ ਲਈ ਅੱਗ ਬੁਝਾਊ ਦਸਤੇ ਅਗੇਤੇ ਮਜ਼ਬੂਤ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਆਮ ਲੋਕਾਂ ਦੇ ਪੀਣ ਵਾਲੇ ਪਾਣੀ ਅਤੇ ਜਨਤਕ ਪਖਾਨਿਆਂ ਆਦਿ ਸਮੇਤ ਹੋਰ ਕਈ ਅਹਿਮ ਪ੍ਰਬੰਧਾਂ ਬਾਬਤ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਤੋਂ ਵੀ ਜਾਣੂ ਕਰਵਾਇਆ।