ਚੰਡੀਗੜ੍ਹ (ਅਸ਼ਵਨੀ ਚਾਵਲਾ)। ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਐਪ ਜਾਰੀ ਕਰ ਕੇ ਪੰਜਾਬੀਆਂ ਨੂੰ ਸੰਦੇਸ਼ ਦਿੱਤਾ ਹੈ। ਨਾਲ ਹੀ ਉਨ੍ਹਾਂ ਇਨਾਮ ਜਿੱਤਣ ਦੇ ਮੌਕੇ ਦੀ ਚਰਚਾ ਕੀਤੀ ਹੈ। ਉਨ੍ਹਾਂ ਇਸ ਸਕੀਮ ਨੂੰ ਟੈਕਸ ਚੋਰੀ ਰੋਕਣ ਲਈ ਕਾਰਗਰ ਕਦਮ ਵਜੋਂ ਲਾਂਚ ਕੀਤਾ ਹੈ। ਸਕੀਮ ਦਾ ਨਾਂਅ ਹੈ ‘ਬਿੱਲ ਲਿਆਓ, ਇਨਾਮ ਪਾਓ’। ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਸ ਨਾਲ ਮਾਲੀਆ ਉਗਰਾਹੁਣ ਵਿੱਚ ਮੱਦਦ ਮਿਲੇਗੀ। (Government Scheme)
ਮੁੱਖ ਮੰਤਰੀ ਦਫ਼ਤਰ ਵਿਖੇ ਇਸ ਐਪ ਦੀ ਸ਼ੁਰੂਆਤ ਕਰਨ ਮੌਕੇ ਮੁੱਖ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਦਾ ਉਦੇਸ਼ ਜੀਅੱੈਸਟੀ ਤਹਿਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਮਾਲੀਏ ਦੀ ਉਗਰਾਹੀ ਵਧਾਉਣਾ ਹੈ। ਇਹ ਸਕੀਮ ਖਪਤਕਾਰਾਂ ਨੂੰ ਸੂਬੇ ਵਿਚ ਖਰੀਦ ਕਰਨ ਮੌਕੇ ਡੀਲਰਾਂ ਪਾਸੋਂ ਬਿੱਲ ਹਾਸਲ ਕਰਨ ਲਈ ਉਤਸ਼ਾਹਤ ਕਰਨ ਅਤੇ ਵਿਕਰੀ ਬਦਲੇ ਬਿੱਲ ਹਾਸਲ ਕਰਨ ਲਈ ਡੀਲਰਾਂ ਨੂੰ ਮਜ਼ਬੂਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਖਪਤਕਾਰਾਂ ਨੂੰ ‘ਮੇਰਾ ਬਿੱਲ’ ਐਪ ਉਤੇ ਖਰੀਦ ਕਰਨ ਦਾ ਬਿੱਲ ਅਪਲੋਡ ਕਰਨ ਲਈ ਉਤਸ਼ਾਹਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਇਹ ਖਪਤਕਾਰ ਲੱਕੀ ਡਰਾਅ ਵਿੱਚ ਸ਼ਾਮਲ ਹੋਣ ਦੇ ਯੋਗ ਹੋਵੇਗਾ ਅਤੇ ਇਹ ਲੱਕੀ ਡਰਾਅ ਹਰੇਕ ਮਹੀਨੇ ਦੀ 7 ਤਰੀਕ ਨੂੰ ਨਿਕਲੇਗਾ।
ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ | Government Scheme
ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ 29 ਟੈਕਸੇਸ਼ਨ ਜ਼ਿਲ੍ਹੇ ਹਨ ਅਤੇ ਹਰੇਕ ਜ਼ਿਲ੍ਹੇ ਵਿਚ ਵੱਧ ਤੋਂ ਵੱਧ 10 ਇਨਾਮ ਦਿੱਤੇ ਜਾਣਗੇ, ਜਿਸ ਤਹਿਤ ਹਰੇਕ ਮਹੀਨੇ 290 ਇਨਾਮ ਦਿੱਤੇ ਜਾਣਗੇ। ਇਹ ਇਨਾਮ ਵਸਤ/ਸੇਵਾ ਲਈ ਅਦਾ ਕੀਤੇ ਟੈਕਸ ਦੇ ਪੰਜ ਗੁਣਾ ਦੇ ਬਰਾਬਰ ਹੋਵੇਗਾ ਪਰ ਇਹ ਇਨਾਮ ਵੱਧ ਤੋਂ ਵੱਧ 10 ਹਜ਼ਾਰ ਰੁਪਏ ਤੱਕ ਦੇ ਮੁੱਲ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਜੇਤੂਆਂ ਦੀ ਸੂਚੀ ਟੈਕਸੇਸ਼ਨ ਵਿਭਾਗ ਦੀ ਵੈੱਬਸਾਈਟ ਉਤੇ ਨਸ਼ਰ ਕੀਤੀ ਜਾਵੇਗੀ ਅਤੇ ਜੇਤੂਆਂ ਨੂੰ ਮੋਬਾਇਲ ਐਪ ਜ਼ਰੀਏ ਸੂਚਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜਿਲ੍ਹੇ ‘ਚ ਛੁੱਟੀ ਦਾ ਐਲਾਨ
ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਪੈਟਰੋਲੀਅਮ ਉਤਪਾਦ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਈਂਧਨ ਅਤੇ ਕੁਦਰਤੀ ਗੈਸ) ਅਤੇ ਸ਼ਰਾਬ ਦੇ ਨਾਲ-ਨਾਲ ਬਿਜ਼ਨਸ-ਟੂ-ਬਿਜ਼ਨਸ ਦੇ ਲੈਣ-ਦੇਣ ਦੇ ਵਿਕਰੀ ਬਿੱਲ ਉਕਤ ਸਕੀਮ ਵਿਚ ਹਿੱਸਾ ਲੈਣ ਦੇ ਯੋਗ ਨਹੀਂ ਹੋਣਗੇ। ਇਸ ਮੌਕੇ ਵਿੱਤ, ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੀ ਹਾਜ਼ਰ ਸਨ।