ਪੰਜਾਬ ਦੇ ਵਿਗੜਦੇ ਹਾਲਾਤਾਂ ’ਤੇ ਸਰਕਾਰ ਨੂੰ ਘੇਰਿਆ

ਪੰਜਾਬ ’ਚ ਕਤਲੋ ਗਾਰਤ ਦੀਆਂ ਘਟਨਾਵਾਂ, ਸਰਕਾਰ ਦੇ ਫੇਲ੍ਹ ਹੋਣ ਦੀ ਨਿਸ਼ਾਨੀ : ਖੰਨਾ

(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਪੰਜਾਬ ਵਿੱਚ ਹਰ ਰੋਜ਼ ਹੋ ਰਹੇ ਕਤਲ ਪੰਜਾਬ ਸਰਕਾਰ ਦਾ ਫੇਲ੍ਹ ਹੋਣਾ ਸਾਬਤ ਕਰ ਰਹੇ ਹਨ ਪੰਜਾਬ ਦੇ ਲੋਕਾਂ ਵਿੱਚ ਸਰਕਾਰ ਦੀ ਇਸ ਢਿੱਲੀ ਕਾਰਗੁਜ਼ਾਰੀ ਕਾਰਨ ਡਰ ਦਾ ਮਾਹੌਲ ਬਣ ਗਿਆ ਹੈ ਇਹ ਪ੍ਰਗਟਾਵਾ ਹਲਕਾ ਸੰਗਰੂਰ ਦੇ ਸਾਬਕਾ ਵਿਧਾਇਕ ਤੇ ਭਾਜਪਾ ਦੇ ਸੀਨੀਅਰ ਆਗੂ ਅਰਵਿੰਦ ਖੰਨਾ ਨੇ ਇਸ ਪ੍ਰਤੀਨਿਧ ਨਾਲ ਗੱਲਬਾਤ ਦੌਰਾਨ ਕੀਤਾ।
Arvind Khanna Sachkahoon
ਸ੍ਰੀ ਖੰਨਾ ਨੇ ਕਿਹਾ ਕਿ ਪਿਛਲੇ ਦਿਨੀਂ ਜਿਸ ਤਰ੍ਹਾਂ ਦਾ ਪੰਜਾਬ ਵਿੱਚ ਮਾਹੌਲ ਬਣਿਆ ਹੋਇਆ ਹੈ, ਉਹ ਕਾਫ਼ੀ ਚਿੰਤਾਜਨਕ ਹੈ ਪੰਜਾਬ ਨੂੰ ਮੁੜ ਅੱਤਵਾਦ ਦੇ ਕਾਲੇ ਦੌਰ ਵੱਲ ਲਿਜਾਣ ਦੇ ਕੋਝੇ ਯਤਨ ਹੋ ਰਹੇ ਹਨ ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਇੰਸਾਂ ਦੇ ਹੋਏ ਕਤਲ ਤੋਂ ਇਲਾਵਾ ਹੋਰ ਕਤਲ ਸਾਬਤ ਕਰ ਰਹੇ ਹਨ ਕਿ ਪੰਜਾਬ ’ਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹੀ। ਉਨ੍ਹਾਂ ਆਖਿਆ ਕਿ ਆਖ਼ਿਰ ਕਿਸ ਦੀ ਸ਼ੈਅ ਹੇਠ ਇਹ ਹਮਲਾਵਰ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਲੱਗੇ ਹਨ, ਇਸ ਬਾਰੇ ਬੁੱਧੀਜੀਵੀ ਧਿਰਾਂ ਨੂੰ ਸੋਚਣ ਦੀ ਲੋੜ ਹੈ ਉਨ੍ਹਾਂ ਆਖਿਆ ਕਿ ਕੁਝ ਮਹੀਨੇ ਪਹਿਲਾਂ ਪੰਜਾਬ ਦੇ ਨਾਮਵਰ ਗਾਇਕ ਸਿੱਧੂ ਮੂਸੇਵਾਲਾ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਦਾ ਕਤਲ ਹੋਣਾ ਉਸ ਪਿੱਛੋਂ ਅੱਗੜ ਪਿੱਛੜ ਵਾਪਰ ਰਹੀਆਂ ਕਤਲੋ-ਗਾਰਤ ਦੀਆਂ ਘਟਨਾਵਾਂ ਤੋਂ ਲੱਗਦਾ ਹੈ ਕਿ ਪੰਜਾਬ ਵਿੱਚ ‘ਗੰਨ ਕਲਚਰ’ ਕਾਇਮ ਹੋ ਚੁੱਕਿਆ ਹੈ ਤੇ ਆਮ ਲੋਕਾਂ ’ਚ ਡਰ ਪਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਨੂੰ ਪੰਜਾਬ ਦੀ ਵਾਗਡੋਰ ਦਿੱਤੀ ਹੈ ਜਦੋਂਕਿ ਉਹ ਪੰਜਾਬ ਛੱਡ ਕੇ ਗੁਜਰਾਤ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਸਥਿਤੀ ਨੂੰ ਸੰਭਾਲੇ ਤੇ ਅਜਿਹੇ ਲੋਕਾਂ ਨੂੰ ਗਿ੍ਰਫਤਾਰ ਕਰਕੇ ਪੰਜਾਬ ਵਿੱਚ ਸ਼ਾਂਤੀ ਦਾ ਮਾਹੌਲ ਬਣਾਏ। ਇਸ ਮੌਕੇ ਉਨ੍ਹਾਂ ਦੇ ਨਾਲ ਹੋਰ ਵੀ ਆਗੂ ਵੱਡੀ ਗਿਣਤੀ ਵਿੱਚ ਮੌਜ਼ੂਦ ਸਨ

ਭਾਜਪਾ ਆਗੂ ਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੱਲੋਂ ਕੋਟਕਪੂਰਾ ਕਾਂਡ ਦੀ ਨਿੰਦਿਆ

(ਰਜਨੀਸ਼ ਰਵੀ) ਫਾਜ਼ਿਲਕਾ। ਭਾਜਪਾ ਆਗੂ ਤੇ ਸਾਬਕਾ ਐੱਮਐੱਲਏ ਅਬੋਹਰ ਅਰੁਣ ਨਾਰੰਗ ਵੱਲੋਂ ਪੰਜਾਬ ਦੇ ਹਾਲਾਤ ’ਤੇ ਚਿੰਤਾ ਜ਼ਾਹਿਰ ਕਰਦਿਆਂ ਬੀਤੇ ਦਿਨੀਂ ਕੋਟਕਪੂਰਾ ’ਚ ਹੋਏ ਡੇਰਾ ਸ਼ਰਧਾਲੂ ਪ੍ਰਦੀਪ ਸਿੰਘ ਦੇ ਕਤਲ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ ਉਨ੍ਹਾਂ ਕਿਹਾ ਕਿ ਹਿੰਦੂ ਆਗੂ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੰਜਾਬ ’ਚ ਇੱਕ ਹੋਰ ਵੱਡੀ ਵਾਰਦਾਤ ਹੋ ਜਾਣਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਪ੍ਰਸ਼ਨ ਚਿੰਨ੍ਹ ਲਾਉਦਾ ਹੈ।

ਤੇ ਪੰਜਾਬ ’ਚ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਉਜਾਗਰ ਕਰਦਾ ਹੈ ਜਦੋਂ ਤੋਂ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਦੇਸ਼ ਤੇ ਸਮਾਜ ਵਿਰੋਧੀ ਤਾਕਤਾਂ ਨੇ ਪੰਜਾਬ ’ਚ ਵੀ ਸਿਰ ਚੁੱਕਣਾ ਸ਼ੁਰੂ ਦਿੱਤਾ ਹੈ ਇਸ ਦੇ ਸਿੱਟੇ ਵਜੋਂ ਸੂਬੇ ਅੰਦਰ ਦਿਨ-ਦਿਹਾੜੇ ਲੁੱਟਾਂ-ਖੋਹਾਂ, ਕਤਲ, ਫਿਰੌਤੀ ਦੀਆਂ ਘਟਨਾਵਾਂ ਤੋਂ ਬਾਅਦ ਮਿੱਥ ਕੇ ਕਤਲ ਕਰਨ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ, ਜਿਸ ਦੇ ਚੱਲਦਿਆਂ ਸੂਬੇ ਦੀ ਜਨਤਾ ਅਸੁਰੱਖਿਅਤ ਤੇ ਦਹਿਸ਼ਤ ਦੇ ਮਾਹੌਲ ’ਚ ਹੈ ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ’ਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾਣ ਤੇ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਹੋ ਸਕੇ

ਪੰਜਾਬ ਬਣ ਚੁੱਕਿਆ ਜੰਗਲ ਰਾਜ : ਰਾਣਾ ਸੋਢੀ

  • ਕਿਹਾ, ਪੰਜਾਬ ’ਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ

(ਵਿਜੈ ਹਾਂਡਾ) ਗੁਰੂਹਰਸਹਾਏ । ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ ਤੇ ਪੰਜਾਬ ਦੇ ਹਾਲਾਤ ਦਿਨ-ਬ-ਦਿਨ ਬਦ ਤੋਂ ਬਦਤਰ ਹੁੰਦੇ ਜਾ ਰਹੇ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਕੀਤਾ ਗਿਆ।

ਉਨ੍ਹਾਂ ਕਿਹਾ ਕੋਟਕਪੂਰਾ ’ਚ ਡੇਰਾ ਸ਼ਰਧਾਲੂ ਪ੍ਰਦੀਪ ਇੰਸਾਂ ’ਤੇ ਦਿਨ-ਦਿਹਾੜੇ ਜੋ ਹਮਲਾਵਰਾਂ ਵੱਲੋਂ ਹਮਲਾ ਕਰਕੇ ਉਸ ਦਾ ਕਤਲ ਕੀਤਾ ਗਿਆ ਹੈ ਉਸ ਤੋਂ ਜਾਪ ਰਿਹਾ ਹੈ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਡਗਮਗਾ ਚੁੱਕੀ ਹੈ। ਉਨ੍ਹਾਂ ਕਿਹਾ ਪੰਜਾਬ ਵਿੱਚ ਆਏ ਦਿਨ ਕਤਲ ਹੋ ਰਹੇ ਹਨ ਤੇ ਪੰਜਾਬ ਸਰਕਾਰ ਗੂੜ੍ਹੀ ਨੀਂਦ ਸੁੱਤੀ ਪਈ ਹੈ ਤੇ ਜੰਗਲ ਰਾਜ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਪਹਿਲਾਂ ਪੰਜਾਬ ਦੇ ਲੋਕਾਂ ਦੀ ਜਾਨ ਤੇ ਮਾਲ ਦੀ ਰਾਖੀ ਕਰੇ ਤੇ ਬਾਕੀ ਕੰਮਾਂ ’ਚ ਬਾਅਦ ’ਚ ਧਿਆਨ ਦੇਵੇ ਕਿਉਂਕਿ ਕਿ ਪੰਜਾਬ ਦੇ ਲੋਕਾਂ ਅੰਦਰ ਸਹਿਮ ਦਾ ਮਾਹੌਲ ਪੈਦਾ ਹੋ ਚੁੱਕਿਆ ਹੈ ਤੇ ਲੋਕ ਪੂਰੀ ਤਰ੍ਹਾਂ ਡਰੇ ਹੋਏ ਹਨ ਤੇ ਸਰਕਾਰ ਹੱਥ ’ਤੇ ਹੱਥ ਧਰ ਕੇ ਬੈਠੀ ਹੋਈ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ