ਸਿਹਤ ਵਿਭਾਗ ਦੀ ਟੀਮ ਨੇ ਡੇਂਗੂ ਤੋਂ ਬਚਾਅ ਲਈ ਪਿੰਡ ਜੁਝਾਰਨਗਰ ’ਚ ਕੀਤੀ ਸਪਰੇਅ

Health Department
  • ਡੇਂਗੂ ਤੋਂ ਬਚਾਅ ਲਈ ਕਿਤੇ ਵੀ ਪਾਣੀ ਖੜਾ ਨਾ ਹੋਣ ਦਿਤਾ ਜਾਵੇ : ਡਾ. ਅਲਕਜੋਤ ਕੌਰ

(ਐੱਮ ਕੇ ਸ਼ਾਇਨਾ) ਮੁਹਾਲੀ/ ਬੂਥਗੜ੍ਹ l ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੀ ਟੀਮ ਨੇ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਜੁਝਾਨਗਰ ਦੇ ਵੱਖ-ਵੱਖ ਇਲਾਕਿਆਂ ’ਚ ਮੱਛਰ-ਮਾਰ ਦਵਾਈ ਦੀ ਸਪਰੇਅ ਕੀਤੀ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦੱਸਿਆ ਕਿ ਮਲੇਰੀਆ ਅਤੇ ਡੇਂਗੂ ਜਿਹੀਆਂ ਗੰਭੀਰ ਬੀਮਾਰੀਆਂ ਫੈਲਾਉਣ ਵਾਲੇ ਮੱਛਰਾਂ ਦੀ ਰੋਕਥਾਮ ਲਈ ਸਪਰੇਅ ਕਰਵਾਈ ਗਈ ਹੈ। ਉਨ੍ਹਾਂ ਦਸਿਆ ਕਿ ਪਿੰਡ ਦੀਆਂ ਝੁੱਗੀਆਂ, ਸਰਕਾਰੀ ਸਕੂਲ, ਗਲੀ ਨੰਬਰ 32 ਆਦਿ ਜੋਖਮ ਭਰੇ ਖੇਤਰ ਕਵਰ ਕੀਤੇ ਗਏ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਖ-ਵੱਖ ਪਿੰਡਾਂ ਵਿਚ ਲਗਾਤਾਰ ਦਵਾਈ ਦੀ ਸਪਰੇਅ ਕਰਦੀਆਂ ਰਹਿੰਦੀਆਂ ਹਨ ਤਾਕਿ ਇਨ੍ਹਾਂ ਮਾਰੂ ਬੀਮਾਰੀਆਂ ਦੀ ਅਗਾਊਂ ਰੋਕਥਾਮ ਹੋ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਇਸ ਬੀਮਾਰੀ ਦੀ ਰੋਕਥਾਮ ਲਈ ਪੂਰੀ ਤਨਦੇਹੀ ਨਾਲ ਯਤਨਸ਼ੀਲ ਹੈ ਪਰ ਲੋਕਾਂ ਦਾ ਸਾਥ ਵੀ ਬਹੁਤ ਜ਼ਰੂਰੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਘਰਾਂ ਅਤੇ ਆਲੇ ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਇਨ੍ਹੀਂ ਦਿਨੀਂ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਡੇਂਗੂ, ਚਿਕਨਗੁਨੀਆ ਜਾਂ ਮਲੇਰੀਆ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਇਹ ਸਾਰੇ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਇਸ ਤੋਂ ਇਲਾਵਾ ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਉਨ੍ਹਾਂ ਕਿਹਾ ਕਿ ਇਨ੍ਹਾਂ ਬੀਮਾਰੀਆਂ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਜਿਥੇ ਸਕੂਲਾਂ ਵਿਚ ਜਾ ਕੇ ਡੇਂਗੂ, ਮਲੇਰੀਆ, ਚਿਕਨਗੁਨੀਆ ਦੇ ਲੱਛਣਾਂ, ਸਾਵਧਾਨੀਆਂ ਅਤੇ ਇਲਾਜ ਬਾਰੇ ਬੱਚਿਆਂ ਨੂੰ ਜਾਣਕਾਰੀ ਦੇ ਰਹੀਆਂ ਹਨ, ਉਥੇ ਪਿੰਡ-ਪਿੰਡ ਜਾ ਕੇ ਸਰਪੰਚਾਂ ਅਤੇ ਹੋਰ ਪਤਵੰਤਿਆਂ ਨੂੰ ਨਾਲ ਲੈ ਕੇ ਜਾਗਰੂਕਤਾ ਮੁਹਿੰਮ ਚਲਾ ਰਹੀਆਂ ਹਨ ਅਤੇ ਸਪਰੇਅ ਦਾ ਕੰਮ ਵੀ ਕਰ ਰਹੀਆਂ ਹਨ। ਇਸ ਮੌਕੇ ਡਾ. ਕਿਰਨਜੋਤ ਕੌਰ, ਸੀ.ਐਚ.ਓ. ਡਾ. ਜਯੋਤੀ, ਹੈਲਥ ਇੰਸਪੈਕਟਰ ਸਵਰਨ ਸਿੰਘ, ਭੁਪਿੰਦਰ ਸਿੰਘ, ਪਿੰਡ ਦੇ ਸਰਪੰਚ ਗੁਰਪ੍ਰੀਤ ਸਿੰਘ ਢੀਂਡਸਾ ਦੇ ਭਰਾ ਅਮਰਜੀਤ ਸਿੰਘ ਸੈਣੀ, ਹੈਲਥ ਵਰਕਰ ਜਤਿੰਦਰ ਸਿੰਘ ਸੈਣੀ, ਜਸਪਾਲ ਸਿਘ ਆਦਿ ਵੀ ਮੌਜੂਦ ਸਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here