ਹੁਣ ਚੰਡੀਗੜ੍ਹ ਦੀ ਅਦਾਲਤ ਵਿੱਚ ਚੱਲੇਗਾ ਟਰਾਇਲ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਬੇਅਦਬੀ ਮਾਮਲੇ ਵਿੱਚ ਹੁਣ ਫਰੀਦਕੋਟ ਦੀ ਅਦਾਲਤ ਦੀ ਥਾਂ ’ਤੇ ਸੁਣਵਾਈ ਪੰਜਾਬ ਤੋਂ ਬਾਹਰ ਚੰਡੀਗੜ ਵਿਖੇ ਹੋਏਗੀ। ਬਰਗਾੜੀ ਮਾਮਲੇ ’ਚ ਕਥਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੁਖਜਿੰਦਰ ਸਿੰਘ ਅਤੇ ਸ਼ਕਤੀ ਸਿੰਘ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ (Supreme Court) ਵੱਲੋਂ ਫੈਸਲਾ ਸੁਣਾਇਆ ਗਿਆ ਹੈ। ਇਨਾਂ ਦੋਵਾਂ ਵਿਅਕਤੀਆਂ ਵੱਲੋਂ ਆਪਣੀ ਸੁਰੱਖਿਆ ਨੂੰ ਖਤਰਾ ਦੱਸਿਆ ਗਿਆ ਸੀ, ਕਿਉਂਕਿ ਪੰਜਾਬ ਵਿੱਚ ਕਈ ਕਤਲਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ। ਇਨਾਂ ਦਾ ਪੱਖ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਵੱਲੋਂ ਪੰਜਾਬ ਤੋਂ ਬਾਹਰ ਇਨਾਂ ਮਾਮਲੇ ਦੀ ਸੁਣਵਾਈ ਨੂੰ ਟਰਾਂਸਫਰ ਕਰਨ ਦਾ ਆਦੇਸ਼ ਜਾਰੀ ਕਰ ਦਿੱਤਾ ਹੈ।
ਪਟੀਸ਼ਨਰਾਂ ਨੇ ਸੁਰੱਖਿਆ ’ਤੇ ਪ੍ਰਗਟਾਈ ਸੀ ਸ਼ੰਕਾ | Supreme Court
ਜਾਣਕਾਰੀ ਅਨੁਸਾਰ ਸੁਖਜਿੰਦਰ ਸਿੰਘ ਅਤੇ ਸ਼ਕਤੀ ਸਿੰਘ ਦੇ ਸੀਨੀਅਰ ਵਕੀਲ ਰਣਜੀਤ ਸਿੰਘ ਅਤੇ ਆਰ. ਬਸੰਤ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਗਈ ਸੀ ਕਿ ਬੇਅਦਬੀ ਮਾਮਲੇ ਵਿੱਚ ਉਨਾਂ ’ਤੇ ਝੂਠੇ ਦੋਸ਼ ਲਾਏ ਗਏ ਹਨ ਅਤੇ ਉਨਾਂ ਵੱਲੋਂ ਟਰਾਇਲ ਅਦਾਲਤ ਵਿੱਚ ਆਪਣਾ ਪੱਖ ਰੱਖਿਆ ਜਾ ਰਿਹਾ ਹੈ ਪਰ ਪੰਜਾਬ ਵਿੱਚ ਇਨਾਂ ਕਥਿਤ ਦੋਸ਼ਾਂ ਦਾ ਸਾਹਮਣਾ ਕਰ ਰਹੇ ਕਥਿਤ ਮੁਲਜ਼ਮਾਂ ਨੂੰ ਕਤਲ ਕੀਤਾ ਜਾ ਰਿਹਾ ਹੈ। ਦੇਸ਼ ਦਾ ਸੰਵਿਧਾਨ ਹਰ ਕਿਸੇ ਨੂੰ ਕਾਨੂੰਨੀ ਪ੍ਰਕਿਰਿਆ ਵਿੱਚ ਆਪਣਾ ਪੱਖ ਰੱਖਣ ਦਾ ਹੱਕ ਦਿੰਦਾ ਹੈ ਪਰ ਪੰਜਾਬ ਵਿੱਚ ਅਦਾਲਤੀ ਫੈਸਲੇ ਤੋਂ ਪਹਿਲਾਂ ਹੀ ਕਤਲ ਕੀਤੇ ਜਾ ਰਹੇ ਹਨ, ਜਿਸ ਨਾਲ ਇਨਸਾਫ਼ ਨਹੀਂ ਹੋ ਰਿਹਾ ਹੈ ਅਤੇ ਇਨਾਂ ਮਾਮਲਿਆਂ ਵਿੱਚ ਬਾਕੀ ਰਹਿੰਦੇ ਕਥਿਤ ਮੁਲਜ਼ਮਾ ਨੂੰ ਵੀ ਸੁਰੱਖਿਆ ਸਬੰਧੀ ਸ਼ੰਕਾ ਹੈ। ਇਸ ਲਈ ਇਨ੍ਹਾਂ ਮਾਮਲਿਆਂ ਨੂੰ ਪੰਜਾਬ ਤੋਂ ਬਾਹਰ ਟਰਾਂਸਫਰ ਕੀਤਾ ਜਾਵੇ ਤਾਂ ਕਿ ਉਨਾਂ ਦੀ ਸੁਰੱਖਿਆ ਨੂੰ ਕੋਈ ਖ਼ਤਰਾ ਨਾ ਹੋ ਸਕੇ।
ਸੁਪਰੀਮ ਕੋਰਟ ਵਿੱਚ ਪੰਜਾਬ ਸਰਕਾਰ ਦੇ ਸੀਨੀਅਰ ਵਕੀਲ ਸ਼ਾਮ ਦੀਵਾਨ ਵੱਲੋਂ ਆਪਣਾ ਪੱਖ ਰੱਖਿਆ ਗਿਆ ਅਤੇ ਪੰਜਾਬ ਤੋਂ ਬਾਹਰ ਕੇਸਾਂ ਨੂੰ ਟਰਾਂਸਫ਼ਰ ਕਰਨ ਦਾ ਵਿਰੋਧ ਕੀਤਾ ਗਿਆ ਪਰ ਸੁਪਰੀਮ ਕੋਰਟ ਵੱਲੋਂ ਪਟੀਸ਼ਨਰ ਦੀ ਸੁਰੱਖਿਆ ਨੂੰ ਲੈ ਕੇ ਸ਼ੰਕਾ ਨੂੰ ਜਾਇਜ਼ ਕਰਾਰ ਦਿੰਦੇ ਹੋਏ ਪੰਜਾਬ ਤੋਂ ਬਾਹਰ ਚੰਡੀਗੜ੍ਹ ਅਦਾਲਤ ਵਿੱਚ ਕੇਸ ਨੂੰ ਟਰਾਂਸਫਰ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।