ਇੱਕ ਸਾਲ ਦੇ ਅੰਦਰ ਤਿਆਰ ਹੋ ਜਾਵੇਗਾ ਨਵਾਂ ਸੰਸਦ ਭਵਨ

ਨਵੇਂ ਸੰਸਦ ਭਵਨ ’ਤੇ ਲਗਭਗ 971 ਕਰੋੜ ਰੁਪਏ ਹੋਣਗੇ ਖਰਚ

ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਦੇਸ਼ ਦੀ ਨਵੀਂ ਸੰਸਦ ਭਵਨ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਭਾਵ ਅਗਲੇ ਸਾਲ 15 ਅਗਸਤ ਤੋਂ ਪਹਿਲਾਂ ਤਿਆਰ ਹੋਣ ਦੀ ਸੰਭਾਵਨਾ ਹੈ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਤੋਂ ਜਦੋਂ ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਹੋਣ ਤੋਂ ਬਾਅਦ ਪ੍ਰੈਸ ਕਾਨਫਰੰਸ ਵਿੱਚ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸੰਸਦ ਦੀ ਨਵੀਂ ਇਮਾਰਤ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਚੱਲ ਰਿਹਾ ਹੈ। ਅਸੀਂ ਕੋਸ਼ਿਸ਼ ਕਰ ਰਹੇ ਹਾਂ ਕਿ ਨਵੀਂ ਇਮਾਰਤ ਆਜ਼ਾਦੀ ਦੀ 75 ਵੀਂ ਵਰ੍ਹੇਗੰਢ ਭਾਵ 15 ਅਗਸਤ 2022 ਤੋਂ ਪਹਿਲਾਂ ਤਿਆਰ ਹੋ ਜਾਵੇ।

ਪੀਐਮ ਮੋਦੀ ਨੇ 10 ਦਸੰਬਰ ਨੂੰ ਰੱਖਿਆ ਸੀ ਨੀਂਹ ਪੱਥਰ

ਸੰਸਦ ਦੀ ਨਵੀਂ ਇਮਾਰਤ ਕਰੀਬ 971 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10 ਦਸੰਬਰ ਨੂੰ ਇਸ ਦਾ ਨੀਂਹ ਪੱਥਰ ਰੱਖਿਆ ਸੀ। ਲਗਭਗ 60 ਹਜ਼ਾਰ ਵਰਗ ਮੀਟਰ ਵਿੱਚ ਬਣਨ ਵਾਲੀ ਇਹ ਨਵੀਂ ਇਮਾਰਤ ਮੌਜੂਦਾ ਸੰਸਦ ਭਵਨ ਕੰਪਲੈਕਸ ਵਿੱਚ ਹੀ ਬਣਾਈ ਜਾ ਰਹੀ ਹੈ। ਇਸ ਤਿੰਨ ਮੰਜ਼ਿਲਾ ਇਮਾਰਤ ਦਾ ਡਿਜ਼ਾਈਨ ਤਿਕੋਣਾ ਹੈ। ਨੀਂਹ ਪੱਥਰ ਰੱਖਣ ਸਮੇਂ ਇਹ ਟੀਚਾ ਰੱਖਿਆ ਗਿਆ ਸੀ ਕਿ ਨਵੀਂ ਸੰਸਦ ਦੀ ਇਮਾਰਤ ਦਾ ਨਿਰਮਾਣ ਕਾਰਜ ਅਕਤੂਬਰ 2022 ਤੱਕ ਪੂਰਾ ਕਰ ਲਿਆ ਜਾਵੇਗਾ। ਲੋਕ ਸਭਾ ਦੇ ਸਪੀਕਰ ਦਾ ਅੱਜ ਦਾ ਬਿਆਨ ਸਪੱਸ਼ਟ ਕਰਦਾ ਹੈ ਕਿ ਕੋਵਿਡ ਕਾਰਨ ਨਵੀਂ ਸੰਸਦ ਦੇ ਨਿਰਮਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ