ਪਾਵਰਕੌਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ ਮੁੱਖ ਦਫ਼ਤਰ ਅੱਗੇ ਲਾਇਆ ਸੂਬਾ ਪੱਧਰੀ ਧਰਨਾ

Contract Employees PowerCom

ਮੁੱਖ ਦਫਤਰ ਦੇ ਤਿੰਨੋ ਗੇਟ ਕੀਤੇ ਬੰਦ ਕਰਕੇ ਕੀਤਾ ਜਬਰਦਸਤ ਰੋਸ਼ ਪ੍ਰਦਰਸ਼ਨ, ਦਫਤਰੀ ਕਰਮਚਾਰੀਆਂ ਨੂੰ ਹੱਥਾਂ ਪੈਰਾ ਦੀ ਪਈ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਪਾਵਰਕੌਮ ਅਤੇ ਟ੍ਰਾਂਸਕੋ ਆਊਟਸੋਰਸ਼ਡ ਠੇਕਾ ਮੁਲਾਜ਼ਮ ਤਾਲਮੇਲ ਕਮੇਟੀ ਪੰਜਾਬ ਦੇ ਬੈਨਰ ਹੇਠ ਅੱਜ ਪਾਵਰਕੌਮ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਲੈ ਕੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਪਾਵਰਕੌਮ ਦੇ ਮੁੱਖ ਦਫ਼ਤਰ ਸਾਹਮਣੇ ਦਿੱਤੇ ਸੂਬਾ ਪੱਧਰੀ ਧਰਨਾ ਦਿੱਤਾ ਗਿਆ। ਇਸ ਮੌਕੇ ਇਨ੍ਹਾਂ ਮੁਲਾਜਮਾਂ ਵੱਲੋਂ ਪਾਵਰਕੌਮ ਦੇ ਮੁੱਖ ਦਫਤਰ ਦੇ ਤਿੰਨੇ ਗੇਟ ਬੰਦ ਕਰਕੇ ਜ਼ਬਰਦਸਤ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਤਿੰਨੇ ਗੇਟ ਬੰਦ ਹੋਣ ਕਾਰਨ ਪਾਵਰਕੌਮ ਦੇ ਸਮੂਹ ਦਫਤਰੀ ਕਰਮਚਾਰੀਆਂ ਨੂੰ ਹੱਥਾਂ ਪੈਰਾ ਦੀ ਪੈ ਗਈ ਅਤੇ ਇਨ੍ਹਾਂ ਧਰਨਾਕਾਰੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਕਾਰਨ ਭਾਰੀ ਪੁਲਿਸ ਫੋਰਸ ਨੂੰ ਮੋਰਚਾ ਸੰਭਾਲਣਾ ਪਿਆ।

ਇਸ ਮੌਕੇ ਸੰਬੋਧਨ ਕਰਦਿਆਂ ਕਮੇਟੀ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਜਗਸੀਰ ਸਿੰਘ ਭੰਗੂ, ਖੁਸ਼ਦੀਪ ਸਿੰਘ ਬਠਿੰਡਾ, ਸਿਮਰਨਜੀਤ ਸਿੰਘ ਨੀਲੋਂ ਅਤੇ ਹਰਜੀਤ ਸਿੰਘ ਅਤੇ ਬਲਜਿੰਦਰ ਸਿੰਘ ਆਦਿ ਨੇ ਕਿਹਾ ਕਿ ਅੱਜ ਜਦੋਂ ਸਰਕਾਰੀ ਥਰਮਲ ਪਲਾਂਟਾਂ, ਹਾਈਡਲ ਪ੍ਰੋਜੈਕਟਾਂ, ਗਰਿੱਡਾਂ, ਸਟੋਰਾਂ, ਦਫਤਰਾਂ ਅਤੇ ਫੀਲਡ ਸਮੇਤ ਸਮੁੱਚੇ ਪਾਵਰਕੌਮ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਨ।

 ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਮਜ਼ਬੂਰ ਨਾ ਕੀਤਾ ਜਾਵੇ

ਇਨ੍ਹਾਂ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰਕੌਮ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਠੇਕੇਦਾਰਾਂ,ਕੰਪਨੀਆਂ ਅਤੇ ਪੈਸਕੋ ਕੰਪਨੀ ਦੁਬਾਰਾ ਬਕਾਇਦਾ ਖਾਲੀ ਅਸਾਮੀਆਂ ਵਿਰੁੱਧ ਕੀਤੀ ਹੋਈ ਹੈ ਅਤੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਕੋਲ ਯੋਗਤਾ ਦੇ ਰੂਪ ਵਿੱਚ ਪੜਾਈ ਦੇ ਨਾਲ-ਨਾਲ ਪਾਵਰਕੌਮ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ ਅਤੇ ਪਾਵਰਕੌਮ ਦੇ ਸਮੁੱਚੇ ਆਊਟਸੋਰਸ਼ਡ ਠੇਕਾ ਮੁਲਾਜ਼ਮ ਰੈਗੂਲਰ ਭਰਤੀ ਦੀਆਂ ਸਾਰੀਆਂ ਸ਼ਰਤਾਂ ਵੀ ਪੂਰੀਆਂ ਕਰਦੇ ਹਨ ਤਾਂ ਇਸ ਹਾਲਤ ਵਿੱਚ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਵੱਲੋਂ ਪਾਵਰਕੌਮ ਬਾਹਰੋਂ ਸਿੱਧੀ ਨਵੀਂ ਪੱਕੀ ਭਰਤੀ ਕਰਨਾ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ ਸਰਾਸ਼ਰ ਨੰਗਾ-ਚਿੱਟਾ ਧੋਖਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਨੇ ਬਾਹਰੋਂ ਸਿੱਧੀ ਨਵੀਂ ਭਰਤੀ ਤੋਂ ਪਹਿਲਾਂ ਸਮੂਹ ਆਊਟਸੋਰਸ਼ਡ ਠੇਕਾ ਮੁਲਾਜਮਾਂ ਨੂੰ ਪੱਕਾ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨਾ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਮਜਬੂਰੀ ਹੋਵੇਗੀ।

Contract Employees PowerCom

ਆਗੂਆਂ ਨੇ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪਾਵਰਕੌਮ ਵਿੱਚ ਬਾਹਰੋਂ ਸਿੱਧੀ ਭਰਤੀ ਤੋਂ ਪਹਿਲਾਂ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਪਾਵਰਕੌਮ ਵਿੱਚ ਪੱਕਾ ਕੀਤਾ ਜਾਵੇ, ਲੇਬਰ ਐਕਟ 1948 ਦੇ ਫਾਰਮੂਲੇ ਮੁਤਾਬਿਕ ਇੱਕ ਅਣ-ਸਿੱਖਿਅਤ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਦੇ ਰਹੇ ਸਮੂਹ ਅਣ-ਸਕਿਲਡ ਠੇਕਾ ਮੁਲਾਜ਼ਮਾਂ ਨੂੰ ਪਦ-ਉੱਨਤ ਕੀਤਾ ਜਾਵੇ,ਪਾਵਰਕੌਮ ਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਮਿਲ ਰਹੇ ਮਾਣ-ਭੱਤੇ ਨੂੰ ਵਧਾਕੇ ਘੱਟੋ-ਘੱਟ ਪੰਜ ਹਜ਼ਾਰ ਕੀਤਾ ਜਾਵੇ,

ਪਾਵਰਕੌਮ ਵਿੱਚ ਬਾਹਰੋਂ ਭਰਤੀ ਤੋਂ ਪਹਿਲਾਂ ਸਮੂਹ ਆਊਟਸੋਰਸ਼ਡ ਮੁਲਾਜਮਾਂ ਨੂੰ ਪੱਕਾ ਕਰੇ ਮੈਨੇਜਮੈਂਟ ਅਤੇ ਸਰਕਾਰ-ਆਗੂ

ਫੀਲਡ ਵਿੱਚ ਕੰਮ ਕਰਦੇ ਸਮੂਹ ਠੇਕਾ ਮੁਲਾਜ਼ਮਾਂ ਨੂੰ ਵਾਜ਼ਿਬ ਪੈਟਰੋਲ ਭੱਤਾ ਦਿੱਤਾ ਜਾਵੇ,ਸਮੂਹ ਲੋੜਵੰਦ ਠੇਕਾ ਮੁਲਾਜ਼ਮਾਂ ਨੂੰ ਮਿਲ ਰਹੀ ਤਨਖ਼ਾਹ ਮੁਤਾਬਿਕ ਘੱਟ ਤੋਂ ਘੱਟ ਕਿਰਾਏ ਤੇ ਕੁਵਾਟਰ ਮੁਹਈਆ ਕਰਵਾਏ ਜਾਣ,ਡਿਉੂਟੀ ਦੌਰਾਨ ਆਪਣੀ ਜਾਨ ਗਵਾ ਚੁੱਕੇ ਠੇਕਾ ਮੁਲਾਜ਼ਮਾਂ ਦੇ ਵਾਰਿਸਾਂ ਨੂੰ ਸਰਕਾਰੀ ਨੌਕਰੀ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਪਾਵਰਕੌਮ ਵਿੱਚੋਂ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਨੌਕਰੀ ਤੇ ਬਹਾਲ ਕੀਤਾ ਜਾਵੇ,ਵਧੇ ਹੋਏ ਮਿਨੀਮਮ ਰੇਟਾਂ ਦਾ ਬਕਾਇਆ ਜਲਦ ਦਿੱਤਾ ਜਾਵੇੇ। ਇਸ ਮੌਕੇ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ ਆਗੂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ),ਜਸਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ ਬੀਕੇਯੂ ਏਕਤਾ ਉੱਗਰਾਹਾਂ,ਵਿਜੇਦੇਵ ਟੀ.ਐੱਸ.ਯੂ.ਭੰਗਲ ਆਦਿ ਹਾਜ਼ਿਰ ਆਗੂਆਂ ਨੇ ਵੀ ਸੰਬੋਧਨ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।