ਡੇਰਾ ਬੱਸੀ ਬਲਾਕ ’ਚ ਕਬਜ਼ੇ ਛੁਡਾਉਣ ’ਚ ਖ਼ੁਦ ਜੁਟੇ ਹੋਏ ਹਨ ਲਾਲਜੀਤ ਭੁੱਲਰ | Panchayat Minister
ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾ ਬੱਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਜਾਇਜ਼ ਕਬਜ਼ੇ ਹੇਠੋਂ ਖ਼ੁਦ ਟਰੈਕਟਰ ਚਲਾ ਕੇ ਛੁਡਵਾਈ। ਜਿਸ ਨੂੰ ਅਧਿਕਾਰੀ ਵੀ ਮੌਕੇ ’ਤੇ ਦੇਖਦੇ ਹੀ ਰਹੇ, ਕਿਉਂਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਵੱਲੋਂ ਇਸ ਤਰੀਕੇ ਨਾਲ ਖ਼ੁਦ ਟਰੈਕਟਰ ਚਲਾ ਕੇ ਜ਼ਮੀਨ ਖ਼ਾਲੀ ਨਹੀਂ ਕਰਵਾਈ ਸੀ। (Panchayat Minister)
ਜ਼ਮੀਨ ਖ਼ਾਲੀ ਕਰਾਉਣ ਦੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਨੇ ਦੱਸਿਆ ਕਿ 100 ਏਕੜ ਦੇ ਕਰੀਬ ਪੰਚਾਇਤੀ ਜ਼ਮੀਨ ’ਤੇ ਵਸਨੀਕਾਂ ਵੱਲੋਂ ਕਬਜ਼ਾ ਕੀਤਾ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਜ਼ਮੀਨ ਰਿਹਾਇਸ਼ੀ ਅਤੇ ਉਦਯੋਗਿਕ ਖੇਤਰਾਂ ਵਿੱਚ ਆਉਂਦੀ ਹੈ ਅਤੇ ਇਸ ਦੀ ਬਜ਼ਾਰੀ ਕੀਮਤ ਕਰੀਬ 100 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਬਾਕੀ ਦੀ 12 ਏਕੜ ਜ਼ਮੀਨ ਅਦਾਲਤੀ ਸਟੇਅ ਅਧੀਨ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਿਭਾਗ ਦਾ ਹੱਕ ਵਾਪਸ ਦਿਵਾਉਣ ਲਈ ਇਸ ਕੇਸ ਦੀ ਜ਼ੋਰਦਾਰ ਢੰਗ ਨਾਲ ਪੈਰਵੀ ਕਰਨ।
ਕਰੀਬ 100 ਕਰੋੜ ਰੁਪਏ ਬਜ਼ਾਰੀ ਮੁੱਲ ਦੀ 100 ਏਕੜ ਪੰਚਾਇਤੀ ਜ਼ਮੀਨ ਖ਼ੁਦ ਟਰੈਕਟਰ ਚਲਾ ਕੇ ਕਰਵਾਈ ਖ਼ਾਲੀ
ਲਾਲਜੀਤ ਭੁੱਲਰ ਨੇ ਦੱਸਿਆ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਸੂਬੇ ਵਿੱਚ ਕਬਜ਼ਿਆਂ ਵਿਰੁੱਧ ਵਿੱਢੀ ਮੁਹਿੰਮ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਗਈ ਹੈ ਅਤੇ ਹੁਣ ਤੱਕ ਕੁੱਲ 12100 ਏਕੜ ਜ਼ਮੀਨ ਨਜਾਇਜ਼ ਕਬਜ਼ਿਆਂ ਤੋਂ ਵਾਪਸ ਲੈ ਕੇ ਸਬੰਧਿਤ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਸੌਂਪ ਦਿੱਤੀ ਗਈ ਹੈ ਤਾਂ ਜੋ ਇਸ ਨੂੰ ਸਥਾਨਕ ਵਸਨੀਕਾਂ ਨੂੰ ਚਕੌਤੇ ’ਤੇ ਦੇਣ ਦੇ ਨਾਲ-ਨਾਲ ਪੰਚਾਇਤ ਦੀ ਆਮਦਨ ਵਧਾਈ ਜਾ ਸਕੇ।
Also Read : ਮਾਨ ਸਰਕਾਰ ਨੇ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਕੀਤੇ ਤਬਾਦਲੇ
ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਨੂੰ 100 ਫ਼ੀਸਦੀ ਖ਼ਾਲੀ ਕਰਵਾਉਣ ਤੱਕ ਕਬਜ਼ਿਆਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਅਤੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਨਜਾਇਜ਼ ਕਾਬਜ਼ਕਾਰਾਂ ਵੱਲੋਂ ਵੱਖ-ਵੱਖ ਅਦਾਲਤਾਂ ਵਿੱਚ ਦਾਇਰ ਮੁਕੱਦਮਿਆਂ ਦੀ ਵਿਭਾਗ ਦੇ ਦਾਅਵੇ ਨੂੰ ਮਜ਼ਬੂਤ ਕਰਨ ਲਈ ਨਿਯਮਤ ਤੌਰ ’ਤੇ ਪੈਰਵੀ ਕਰਨ ਤੋਂ ਇਲਾਵਾ ਉਨ੍ਹਾਂ ਕੋਲ ਚੱਲ ਰਹੇ ਕੇਸਾਂ ਦਾ ਜਲਦੀ ਤੋਂ ਜਲਦੀ ਨਿਪਟਾਰਾ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜਿਹੜੇ ਅਧਿਕਾਰੀ ਨਾਜਾਇਜ਼ ਕਬਜ਼ਿਆਂ ਨੂੰ ਕਾਇਮ ਰੱਖਣ ਲਈ ਨਜਾਇਜ਼ ਕਾਬਜ਼ਕਾਰਾਂ ਨਾਲ ਮਿਲੀਭੁਗਤ ਕਰ ਰਹੇ ਹਨ, ਉਨ੍ਹਾਂ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ।