ਰਿਸ਼ਵਤ ਲੈਂਦਾ ਪਟਵਾਰੀ ਆਇਆ ਵਿਜੀਲੈਂਸ ਅੜਿੱਕੇ

Corruption
ਬਠਿੰਡਾ : ਰਿਸ਼ਵਤ ਮਾਮਲੇ ’ਚ ਗ੍ਰਿਫਤਾਰ ਪਟਵਾਰੀ ਵਿਜੀਲੈਂਸ ਟੀਮ ਨਾਲ।

4000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ

(ਸੁਖਜੀਤ ਮਾਨ) ਬਠਿੰਡਾ। ਪੰਜਾਬ ਵਿਜੀਲੈਂਸ ਬਿਊਰੋ ਦੀ ਬਠਿੰਡਾ ਟੀਮ ਵੱਲੋਂ ਅੱਜ ਤਹਿਸੀਲ ਦਫ਼ਤਰ ਗਿੱਦੜਬਾਹਾ-2, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਸ਼ੁਭਮ ਬਾਂਸਲ ਨੂੰ 4,000 ਰੁਪਏ ਦੀ ਰਿਸ਼ਵਤ ਮੰਗਣ ਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ। Corruption

ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਗਿੱਦੜਬਾਹਾ ਦੇ ਪਿੰਡ ਪਿਊਰੀ ਨਿਵਾਸੀ ਦਰਸ਼ਨ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਸਵੇਰੇ ਹੀ ਉਸ ਦੀ ਜ਼ਮੀਨ ਦਾ ਇੰਤਕਾਲ ਕਰਨ ਬਦਲੇ 2,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਸ਼ਾਮ ਤੱਕ ਦੇਣ ਦੀ ਮੰਗ ਕਰ ਰਿਹਾ ਹੈ। Corruption

ਇਹ ਵੀ ਪੜ੍ਹੋ: ਅੰਤਰਰਾਜੀ ਚੋਰ ਗਿਰੋਹ ਕਾਬੂ, 131 ਨਵੇਂ ਮੋਬਾਇਲ ਬਰਾਮਦ

ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕੀਤੀ ਅਤੇ ਇੱਕ ਜਾਲ ਵਿਛਾਇਆ ਜਿਸ ਤਹਿਤ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਵਿਜੀਲੈਂਸ ਟੀਮ ਨੇ ਮੌਕੇ ’ਤੇ ਹੀ ਮੁਲਜ਼ਮ ਦੇ ਕਬਜ਼ੇ ’ਚੋਂ 4,000 ਰੁਪਏ ਦੀ ਰਿਸ਼ਵਤ ਦੀ ਰਕਮ ਬਰਾਮਦ ਕੀਤੀ। ਇਸ ਸਬੰਧੀ ਉਕਤ ਮਾਲ ਪਟਵਾਰੀ ਵਿਰੁੱਧ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਭਲਕੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। Corruption