ਮੁੱਖ ਮੰਤਰੀ ਮਾਨ ਦੀ ਰਿਹਾਇਸ਼ ਵੱਲ ਵਧ ਰਹੇ ਮਜ਼ਦੂਰਾਂ ’ਤੇ ਪੁਲਿਸ ਨੇ ਵਰ੍ਹਾਈਆਂ ਡਾਗਾਂ 

ਕਈਆਂ ਤੇ ਸੱਟਾਂ ਲੱਗੀਆਂ, ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਜ਼ੋਰਦਾਰ ਖਿੱਚ ਧੂਹ

(ਗੁਰਪ੍ਰੀਤ ਸਿੰਘ/ਨਰੇਸ਼ ਕੁਮਾਰ) ਸੰਗਰੂਰ। ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਦੇ ਨੇੜੇ ਮਜ਼ਦੂਰ ਜਥੇਬੰਦੀਆਂ ਦੇ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵੱਲੋਂ ਜ਼ਬਰਦਸਤ ਤਰੀਕੇ ਨਾਲ ਲਾਠੀਚਾਰਜ ਕੀਤਾ ਗਿਆ ਜਿਸ ਕਾਰਨ ਕਈ ਪ੍ਰਦਰਸ਼ਨਕਾਰੀਆਂ ਦੇ ਸੱਟਾਂ ਲੱਗੀਆਂ ਤੇ ਕਈਆਂ ਦੀਆਂ ਦਸਤਾਰਾਂ ਵੀ ਲਹਿ ਗਈਆਂ।

ਹਾਸਲ ਹੋਈ ਜਾਣਕਾਰੀ ਮੁਤਾਬਕ ਅੱਜ ਪੰਜਾਬ ਦੀਆਂ ਵੱਖ ਵੱਖ ਅੱਧੀ ਦਰਜ਼ਨ ਤੋਂ ਵੱਧ ਮਜ਼ਦੂਰ ਜਥੇਬੰਦੀਆਂ ਜਿਨ੍ਹਾਂ ਵਿੱਚ ਮਜ਼ਦੂਰ ਮੁਕਤੀ ਮੋਰਚਾ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਜਥੇਬੰਦੀ, ਖੇਤ ਮਜ਼ਦੂਰ ਜਥੇਬੰਦੀ ਸਮੇਤ ਅੱਧੀ ਦਰਜ਼ਨ ਤੋਂ ਵੱਧ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਖ਼ਾਤਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਪਟਿਆਲਾ ਰੋਡ ਇਕੱਤਰ ਹੋਏ ਸਨ ਸੈਂਕੜਿਆਂ ਦੀ ਗਿਣਤੀ ਵਿੱਚ ਮਜ਼ਦੂਰ ਜਥੇਬੰਦੀਆਂ ਦੇ ਆਗੂ ਤੇ ਕਾਰਕੁਨਾਂ ਵੱਲੋਂ ਸੜਕਾਂ ਰੋਕੀਆਂ ਹੋਈਆਂ ਸਨ।

ਦੂਜੇ ਪਾਸੇ ਸਥਿਤੀ ਨੂੰ ਭਾਂਪਦਿਆਂ ਸੰਗਰੂਰ ਪੁਲਿਸ ਦੀਆਂ ਵੱਡੀ ਗਿਣਤੀ ਟੁਕੜੀਆਂ ਵੀ ਮੌਕੇ ’ਤੇ ਤਾਇਨਾਤ ਕੀਤੀਆਂ ਗਈਆਂ ਸਨ ਜਿਨ੍ਹਾਂ ਦੀ ਦੇਖ ਰੇਖ ਪੁਲਿਸ ਦੇ ਸੀਨੀਅਰ ਅਧਿਕਾਰੀ ਕਰ ਰਹੇ ਸਨ। ਜਦੋਂ ਪ੍ਰਦਰਸ਼ਨਕਾਰੀਆਂ ਨੇ ਨਾਅਰੇ ਮਾਰਦਿਆਂ ਮੁੱਖ ਮੰਤਰੀ ਦੀ ਕੋਠੀ ਵੱਲ ਨੂੰ ਵਧਣਾ ਆਰੰਭ ਕੀਤਾ ਤਾਂ ਪੁਲਿਸ ਟੁਕੜੀਆਂ ਵੱਲੋਂ ਉਨ੍ਹਾਂ ਨੂੰ ਰਸਤੇ ਵਿੱਚ ਰੋਕਿਆ ਗਿਆ ਅਤੇ ਮਜ਼ਦੂਰ ਆਪਣੀਆਂ ਮੰਗਾਂ ਮੰਨਵਾਉਣ ਲਈ ਮੁੱਖ ਮੰਤਰੀ ਦੀ ਰਿਹਾਇਸ਼ ਤੱਕ ਪੁੱਜਣਾ ਚਾਹੁੰਦੇ ਸਨ, ਕਾਫ਼ੀ ਸਮਾਂ ਹੋਈ ਖਿੱਚਾ ਧੂਹ ਤੋਂ ਪਿੱਛੋਂ ਪੁਲਿਸ ਵੱਲੋਂ ਮਜ਼ਦੂਰ ਪ੍ਰਦਰਸ਼ਨਕਾਰੀਆਂ ਤੇ ਲਾਠੀਚਾਰਜ ਕਰ ਦਿੱਤਾ ਜਿਸ ਕਾਰਨ ਚਾਰੇ ਪਾਸੇ ਹਫੜਾ ਦਫੜਾ ਹੋ ਗਈ।

22 ਪ੍ਰਦਰਸ਼ਨਕਾਰੀ ਮਜ਼ਦੂਰਾਂ ਦੇ ਸੱਟਾਂ ਲੱਗੀਆਂ

ਮਜ਼ਦੂਰ ਆਗੂਆਂ ਨੇ ਕਿਹਾ ਕਿ ਅੱਜ ‘ਆਪ’ ਸਰਕਾਰ ਦਾ ਲੋਕ ਹਿਤੈਸ਼ੀ ਚਿਹਰਾ ਸਾਹਮਣੇ ਆ ਗਿਆ ਜਦੋਂ ਹੱਕ ਮੰਗਦੇ ਮਜ਼ਦੂਰ ਆਗੂਆਂ ਨੂੰ ਛੱਲੀਆਂ ਵਾਂਗ ਕੁੱਟਿਆ ਗਿਆ। ਮਜ਼ਦੂਰ ਆਗੂ ਮੁਕੇਸ਼ ਮਲੌਦ ਨੇ ਕਿਹਾ ਕਿ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਏਨੀ ਬੇਰਹਿਮੀ ਨਾਲ ਕੁੱਟਿਆ ਗਿਆ ਕਿ 22 ਪ੍ਰਦਰਸ਼ਨਕਾਰੀ ਮਜ਼ਦੂਰਾਂ ਦੇ ਸੱਟਾਂ ਲੱਗੀਆਂ ਸਨ।

ਮਜ਼ਦੂਰ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਵਿੱਚ ਅਹਿਮ ਮੰਗਾਂ ਸਨ ਕਿ ਮਜ਼ਦੂਰ ਕਰਜ਼ਿਆਂ ਤੇ ਲੀਕ ਫੇਰੀ ਜਾਵੇ, ਮਨਰੇਗਾ ਤਹਿਤ 700 ਰੁਪਏ ਦਿਹਾੜੀ ਲਾਗੂ ਕੀਤੀ ਜਾਵੇ, ਵਾਧੂ ਜ਼ਮੀਨ ਨਜਾਇਜ਼ ਕਬਜ਼ਾਧਾਰੀਆਂ ਤੋਂ ਛੁਡਵਾ ਕੇ ਉਨ੍ਹਾਂ ਨੂੰ ਬੇਜ਼ਮੀਨੇ ਦਲਿਤਾਂ ਨੂੰ ਵੰਡਿਆ ਜਾਵੇ, ਪੰਚਾਇਤੀ ਜ਼ਮੀਨਾਂ ਦਾ ਤੀਜਾ ਹਿੱਸਾ ਸਸਤੇ ਭਾਅ ਮਜ਼ਦੂਰਾਂ ਨੂੰ ਦਿੱਤਾ ਜਾਵੇ, ਗੁਲਾਬੀ ਸੁੰਡੀ ਕਾਰਨ ਖਰਾਬ ਨਰਮੇ ਦਾ ਮੁਆਵਜ਼ਾ ਮਜ਼ਦੂਰਾਂ ਨੂੰ ਵੀ ਦਿੱਤਾ ਜਾਵੇ, ਬੇਘਰਿਆਂ ਤੇ ਲੋੜਵੰਦਾਂ ਨੂੰ ਪਲਾਟ ਦਿੱਤੇ ਜਾਣ, ਖੁਦਕੁਸ਼ੀ ਪੀੜਤਾਂ ਨੂੰ ਮੁਆਵਜ਼ਾ ਦਿੱਤਾ ਜਾਵੇ,ਅੰਗਹੀਣ ਪੈਨਸ਼ਨਾਂ ਦੀ ਰਕਮ ਪੰਜ ਹਜ਼ਾਰ ਰੁਪੲੈ ਕੀਤੀ ਜਾਵੇ, ਬੁਢਾਪਾ ਪੈਨਸ਼ਨ ਲਈ ਉਮਰ ਹੱਦ ਘਟਾਈ ਜਾਵੇ ਆਦਿ ਮੰਗਾਂ ਸ਼ਾਮਿਲ ਹਨ। ਇਸ ਮੌਕੇ ਪੰਜਾਬ ਖੇਤ ਮਜ਼ਦੂਰ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ, ਹਰਵਿੰਦਰ ਸੇਮਾ, ਭੂਪ ਚੰਦ ਚੰਨੋ, ਮੁਕੇਸ਼ ਮਲੌਦ, ਹਰਭਗਵਾਨ ਸਿੰਘ ਮੂਣਕ, ਘੁਮੰਡ ਸਿੰਘ ਉਗਰਾਹਾਂ, ਲਖਵੀਰ ਲੌਂਗੋਵਾਲ, ਪ੍ਰਗਟ ਸਿੰਘ ਕਾਲਾਝਾੜ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਜ਼ਦੂਰ ਆਗੂ ਮੌਜ਼ੂਦ ਸਨ। ਖ਼ਬਰ ਲਿਖੇ ਜਾਣ ਤੱਕ ਪ੍ਰਦਰਸ਼ਨਕਾਰੀਆਂ ਤੇ ਪੁਲਿਸ ਵਿਚਾਲੇ ਤਣਾਅ ਬਰਕਰਾਰ ਸੀ।

ਭਾਕਿਯੂ (ਉਗਰਾਹਾਂ) ਨੇ ਲਾਠੀਚਾਰਜ ਦੀ ਕਰੜੀ ਆਲੋਚਨਾ:

ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਮੂਹਰੇ ਸ਼ਾਂਤਮਈ ਧਰਨਾ ਸ਼ੁਰੂ ਕਰਨ ਮੌਕੇ ਪੰਜਾਬ ਦੇ ਪੇਂਡੂ/ਖੇਤ ਮਜ਼ਦੂਰਾਂ ਉੱਪਰ ਕੀਤੇ ਗਏ ਲਾਠੀਚਾਰਜ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਸਖ਼ਤ ਨਿੰਦਾ ਕੀਤੀ ਗਈ ਹੈ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੋਸ਼ ਲਾਇਆ ਹੈ ਕਿ ਆਪ ਦੀ ਮਾਨ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫ਼ਰਕ ਹੈ ਕਹਿਣ ਨੂੰ ਤਾਂ ਉਹ ਕਹਿੰਦੇ ਹਨ ਕਿ ਲੋਕਾਂ ਨੂੰ ਆਪਣੇ ਮਸਲੇ ਹੱਲ ਨਾ ਹੋਣ ਦੀ ਸੂਰਤ ਵਿੱਚ ਸੜਕਾਂ ਰੇਲਾਂ ਰੋਕ ਕੇ ਆਮ ਜਨਤਾ ਨੂੰ ਤੰਗ ਪ੍ਰੇਸਾਨ ਕਰਨ ਦੀ ਬਜਾਏ ਸਰਕਾਰ ਦੇ ਵਿਧਾਇਕਾਂ ਜਾਂ ਮੰਤਰੀਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਨੇ ਚਾਹੀਦੇ ਹਨ, ਪ੍ਰੰਤੂ ਉੱਥੇ ਗਿਆਂ ਉੱਤੇ ਡਾਂਗਾਂ ਵਰ੍ਹਾਈਆਂ ਜਾਂਦੀਆਂ ਹਨ ਕਿਸਾਨ ਆਗੂਆਂ ਨੇ ਪੁਲਿਸ ਜਬਰ ਦੇ ਬਾਵਜੂਦ ਧਰਨੇ ਵਿੱਚ ਡਟਣ ਵਾਲੇ ਹਜ਼ਾਰਾਂ ਮਜ਼ਦੂਰਾਂ ਦੇ ਸਿਦਕ ਦੀ ਸ਼ਲਾਘਾ ਕਰਦਿਆਂ ਐਲਾਨ ਕੀਤਾ ਹੈ ਕਿ ਕਿਸਾਨਾਂ ਵੱਲੋਂ ਇਸ ਹੱਕੀ ਧਰਨੇ ਦੀ ਡਟਵੀਂ ਹਮਾਇਤ ਕੀਤੀ ਜਾਵੇਗੀ।

ਮਜ਼ਦੂਰਾਂ ਉੱਤੇ ਲਾਠੀਚਾਰਜ ਨੇ ਕੀਤਾ ਅਖੌਤੀ ਇਨਕਲਾਬੀ ਸਰਕਾਰ ਦਾ ਚਿਹਰਾ ਨੰਗਾ : ਢਿੱਲਵਾਂ

ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੀ ਦਸਤਾਰ ਧਾਰਨ ਕਰਕੇ ਸੱਤਾ ਉੱਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅੱਜ ਅਸਲੀ ਚਿਹਰਾ ਉਸ ਵੇਲੇ ਨੰਗਾ ਹੋ ਗਿਆ ਜਦੋਂ ਭਗਤ ਸਿੰਘ ਦੇ ਵਾਰਸਾਂ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਭਿਆਨਕ ਲਾਠੀ ਚਾਰਜ ਕੀਤਾ ਗਿਆ ਉਕਤ ਵਿਚਾਰ ਬੇਰੁਜ਼ਗਾਰ ਬੀ ਐਡ ਟੈਟ ਪਾਸ ਅਧਿਆਪਕ ਯੂਨੀਅਨ ਦੇ ਸਰਪ੍ਰਸਤ ਸੁਖਵਿੰਦਰ ਸਿੰਘ ਢਿੱਲਵਾਂ ਨੇ ਸਾਂਝੇ ਮਜ਼ਦੂਰ ਮੋਰਚੇ ਉੱਤੇ ਸੰਗਰੂਰ ਵਿਖੇ ਹੋਏ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਹੇ ਉਹਨਾਂ ਕਿਹਾ ਕਿ ਧਰਨੇ ਮੁਜਾਹਰੇ ਕਰਕੇ ਸੱਤਾ ਤੱਕ ਪੁੱਜੀ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਮੰਤਰੀ ਅੱਜ ਧਰਨੇ ਪ੍ਰਦਰਸ਼ਨਾਂ ਨੂੰ ਭੰਡ ਰਹੇ ਹਨ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ