ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News ਦੂਜੇ ਸੂਬੇ ਕੋਵ...

    ਦੂਜੇ ਸੂਬੇ ਕੋਵਿਡ ਨਾਲ ਨਜਿੱਠਣ ਲਈ ਅਪਨਾਉਣ ਪੰਜਾਬ ਦਾ ਮਾਡਲ, ਪ੍ਰਧਾਨ ਮੰਤਰੀ ਨੇ ਕੀਤੀ ਪ੍ਰਸੰਸਾ

    Modi

    ਪੰਜਾਬ ਦੀ ਅਰਥਵਿਵਸਥਾ ਦੀ ਮੁੜ ਬਹਾਲੀ ਲਈ ਕੇਂਦਰ ਤੋਂ ਸਹਿਯੋਗ ਮੰਗਿਆ, ਪ੍ਰਧਾਨ ਮੰਤਰੀ ਨੂੰ ਲਿਖੇ ਮੈਮੋਰੰਡਮ ਵਿੱਚ ਕੀਤੀਆਂ ਮੰਗਾਂ ਨੂੰ ਉਠਾਇਆ

    ਚੰਡੀਗੜ, (ਅਸ਼ਵਨੀ ਚਾਵਲਾ) ਕੋਵਿਡ ਨਾਲ ਨਜਿੱਠਣ ਲਈ ਪੰਜਾਬ ਵੱਲੋਂ ਅਪਣਾਈ ਸੂਖਮ ਪੱਧਰ ‘ਤੇ ਕੰਟਰੋਲ ਦੀ ਵਿਧੀ ਅਤੇ ਘਰ-ਘਰ ਸਰਵੇਖਣ ਦੀ ਨੀਤੀ ਦੀ ਸ਼ਲਾਘਾ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਸਾਰੇ ਸੂਬਿਆਂ ਨੂੰ ਪੰਜਾਬ ਦਾ ਮਾਡਲ ਅਪਣਾਉਣ ਲਈ ਕਿਹਾ ਜਿਸ ਸਦਕਾ ਪੰਜਾਬ ਨੂੰ ਇਸ ਮਹਾਂਮਾਰੀ ਨੂੰ ਰੋਕਣ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ।

    ਪ੍ਰਧਾਨ ਮੰਤਰੀ ਨੇ ਇਹ ਗੱਲ ਉਦੋਂ ਕਹੀ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਵਿਡ ਨਾਲ ਨਜਿੱਠਣ ਲਈ ਸੂਬੇ ਦਾ ਇਹ ਮਾਡਲ ਦੱਸਦੇ ਹੋਏ ਸਾਰੇ ਸੂਬਿਆਂ ਨੂੰ ਇਸ ਰਣਨੀਤੀ ਨੂੰ ਅਪਣਾਉਣ ਦਾ ਸੁਝਾਅ ਦੇ ਰਹੇ ਸਨ ਜਿਸ ਨਾਲ ਇਸ ਮਹਾਂਮਾਰੀ ਦਾ ਮੁਕਾਬਲਾ ਪ੍ਰਭਾਵਸ਼ਾਲੀ ਤਰੀਕੇ ਨਾਲ ਕੀਤਾ ਜਾ ਰਿਹਾ ਹੈ।

    ਸਾਰੇ ਸੂਬਿਆਂ ਵਿੱਚ ਕੋਵਿਡ ਦੀ ਸਥਿਤੀ ਅਤੇ ਇਸ ਨੂੰ ਰੋਕਣ ਲਈ ਅਪਣਾਈ ਜਾ ਰਹੀ ਨੀਤੀ ਦੀ ਸਮੀਖਿਆ ਕਰਨ ਲਈ ਪ੍ਰਧਾਨ ਮੰਤਰੀ ਵੱਲੋਂ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਰੱਖੀ ਦੋ ਰੋਜ਼ਾ ਵੀਡਿਓ ਕਾਨਫਰੰਸ ਮੀਟਿੰਗ ਦੇ ਪਹਿਲੇ ਦਿਨ ਅੱਜ ਪੰਜਾਬ ਸਮੇਤ ਹੋਰ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਪ੍ਰਧਾਨ ਮੰਤਰੀ ਮੀਟਿੰਗ ਕਰ ਰਹੇ ਸਨ।

    ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਇਕ ਗਰੁੱਪ ਬਣਾਉਣ ਦਾ ਸੁਝਾਅ ਦਿੱਤਾ ਜਿਸ ਵਿੱਚ ਕੁੱਝ ਮੁੱਖ ਮੰਤਰੀ ਸ਼ਾਮਲ ਕੀਤੇ ਜਾਣ ਜੋ ਦੇਸ਼ ਭਰ ਵਿੱਚ ਅਰਥ ਵਿਵਸਥਾ ਅਤੇ ਸਰਕਾਰਾਂ ਉਤੇ ਕੋਵਿਡ ਦੇ ਵਿਨਾਸ਼ਕਾਰੀ ਪ੍ਰਭਾਵਾਂ ਬਾਰੇ ਵਿਚਾਰ ਵਟਾਂਦਰਾ ਕਰਦਾ ਹੋਇਆ ਕੇਂਦਰ ਅਤੇ ਸੂਬਿਆਂ ਵਿਚਾਲੇ ਤਾਲਮੇਲ ਸਥਾਪਤ ਕਰੇ।

    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀਡਿਓ ਕਾਨਫਰੰਸ ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੇ ਸਿਹਤ ਮੰਤਰੀ ਡਾ. ਹਰਸ਼ ਵਰਧਨ ਵੀ ਸ਼ਾਮਲ ਸਨ, ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਅਤੇ ਇਸ ਤੋਂ ਬਾਅਦ ਲਗਾਏ ਲੌਕਡਾਊਨ ਕਰਕੇ ਹੋਈ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਕੇਂਦਰ ਨੂੰ ਸੂਬਿਆਂ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ।

    ਕੈਪਟਨ ਅਮਰਿੰਦਰ ਸਿੰਘ ਨੇ ਯਾਦ ਕਰਵਾਇਆ ਕਿ ਜਦੋਂ ਅਪਰੈਲ ਮਹੀਨੇ ਦੇ ਸ਼ੁਰੂ ਵਿੱਚ ਉਨਾਂ ਖੁਦ ਕਿਹਾ ਸੀ ਕਿ ਕੋਵਿਡ ਸਤੰਬਰ ਮਹੀਨੇ ਤੱਕ ਚੱਲੇਗਾ ਤਾਂ ਕੁਝ ਲੋਕਾਂ ਨੇ ਇਸਨੂੰ ਡਰ ਫੈਲਾਉਣ ਦੀ ਵਜਾਂ ਦੱਸਿਆ ਸੀ। ਉਨਾਂ ਜ਼ੋਰ ਦਿੰਦਿਆਂ ਕਿਹਾ ਕਿ ਪਰ ਹੁਣ ਜਦੋਂ ਮਾਹਿਰ ਚਿਤਾਵਨੀ ਦੇ ਰਹੇ ਹਨ ਕਿ ਇਹ ਸਤੰਬਰ ਮਹੀਨੇ ਤੋਂ ਬਾਅਦ ਵੀ ਜਾਰੀ ਰਹਿ ਸਕਦਾ ਹੈ ਤਾਂ ਇਹ ਹੋਰ ਵੀ ਮਹੱਤਤਾ ਰੱਖਦਾ ਹੈ ਕਿ ਅਸੀਂ ਕੋਵਿਡ ਨਾਲ ਰਹਿਣਾ ਸਿੱਖੀਏ ਅਤੇ ਇਸ ਨਾਲ ਵਧੀਆ ਢੰਗ ਨਾਲ ਨਜਿੱਠੀਏ। ਉਨਾਂ ਇਸ ਖਾਤਰ ਕੇਂਦਰ ਅਤੇ ਰਾਜ ਸਰਕਾਰਾਂ ਦੇ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

    ਪੰਜਾਬ ਦੇ ਵਿੱਤੀ ਸੰਕਟ ਨੂੰ ਘਟਾਉਣ ਲਈ ਜ਼ਰੂਰੀ ਕਦਮਾਂ ਲਈ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਕ ਵਿਸਥਾਰਤ ਮੰਗ ਪੱਤਰ ਪਹਿਲਾਂ ਹੀ ਭੇਜਿਆ ਜਾ ਚੁੱਕਿਆ ਹੈ ਜਿਸ ਵਿੱਚ ਕੋਵਿਡ ਦੇ ਅਸਰਾਂ ਦੀ ਸੂਚੀ ਅਤੇ ਵਿੱਤੀ ਅਤੇ ਗ਼ੈਰ-ਵਿੱਤੀ ਸਹਾਇਤਾ ਦੀ ਮੰਗ ਹੈ।

    ਜੂਨ ਮਹੀਨੇ ਦੇ ਸ਼ੂਰੂ ਵਿੱਚ ਜੀ.ਐਸ.ਟੀ ਦੀ 2800 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਭਾਰਤ ਸਰਕਾਰ ਵੀ ਵਿੱਤੀ ਦਬਾਓ ਦਾ ਸਾਹਮਣਾ ਕਰ ਰਹੀ ਸੀ ਤਾਂ ਵੀ ਉਨਾਂ ਵਿੱਤੀ ਸੰਕਟ ਵਿਚੋਂ ਉਭਰਨ ਲਈ ਸੂਬੇ ਦੇ ਕਰਾਂ ਦੇ ਬਕਾਇਆ ਹਿੱਸੇ ਨੂੰ ਜਾਰੀ ਕਰਨ ਲਈ ਅਪੀਲ ਕਰਨੀ ਪਈ ਸੀ।

    ਉਨਾਂ ਕਿਹਾ ਕਿ ਵੱਖ-ਵੱਖ ਸਰੋਤਾਂ ਤੋਂ ਆਮਦਨ ਵਸੂਲੀਆਂ ਵਿੱਚ ਕਰੀਬ  25000 ਤੋਂ 30000 ਕਰੋੜ ਦਾ ਘਾਟਾ ਹੋਣ ਕਾਰਨ ਪੰਜਾਬ ਵਿੱਚ ਸੰਕਟ ਹੋਰ ਡੂੰਘਾ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਸੂਬੇ ਅੰਦਰ ਕੋਵਿਡ ਦੀ ਸਥਿਤੀ ਦੇ ਵੇਰਵੇ ਦਿੰਦਿਆਂ ਕਿਹਾ ਕਿ ਭਾਵੇਂ  ਮੌਜੂਦਾ ਸਮੇਂ ਮੁਲਕ ਵਿਚਲੇ ਕੁੱਲ ਕੇਸਾਂ ਵਿੱਚ ਪੰਜਾਬ ਦਾ ਹਿੱਸਾ 1 ਫੀਸਦ ਤੋਂ ਘੱਟ ਹੈ (3140 ਕੇਸ) ਅਤੇ ਮੌਤ ਦਰ 2.1 ਅਤੇ ਰਿਕਵਰੀ ਰੇਟ 75 ਫੀਸਦ ਹੈ, ਤਾਂ ਵੀ ਬੰਦਸ਼ਾਂ ਵਿੱਚ ਢਿੱਲ, ਲੋਕਾਂ ਦੇ ਮੇਲ-ਮਿਲਾਪ ਵਧਣ ਅਤੇ ਬਾਹਰੋਂ ਸੂਬੇ ਵਿੱਚ ਲੋਕਾਂ ਦੇ ਆਉਣ ਨਾਲ ਕੇਸ ਵਧ ਰਹੇ ਹਨ।

    ਭਾਰਤ ਅੰਦਰ ਪ੍ਰਤੀ ਮਿਲੀਅਨ ਲੋਕਾਂ ਪਿੱਛੇ ਔਸਤਨ 4088 ਟੈਸਟਾਂ ਦੀ ਦਰ ਨਾਲੋ ਵੱਧ ਪੰਜਾਬ ਅੰਦਰ ਪ੍ਰਤੀ ਮਿਲੀਅਨ 5527 ਟੈਸਟਾਂ ਦੀ ਮੌਜੂਦਾ ਦਰ ਦੇ ਬਾਵਜੂਦ ਵਧੇਰੇ ਟੈਸਟ ਕੀਤੇ ਜਾਣ ‘ਤੇ ਜ਼ੋਰ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨੂੰ ਪੰਜਾਬ ਅਤੇ ਚੰਡੀਗੜ ਅੰਦਰ ਕੇਂਦਰ ਸਰਕਾਰ ਦੇ ਸੰਸਥਾਨਾਂ ਨੂੰ ਟੈਸਟ ਸਮਰੱਥਾ ਵਧਾਉਣ ਸਬੰਧੀ ਨਿਰਦੇਸ਼ ਦੇਣ ਲਈ ਆਪਣੀ ਅਪੀਲ ਨੂੰ ਦੁਹਰਾਇਆ।
    ਮਹਾਂਮਾਰੀ ਨੂੰ ਹੋਰ ਵਧਣ ਤੋਂ ਰੋਕਣ ਲਈ ਸੂਬੇ ਦੀਆਂ ਤਿਆਰੀਆਂ ਬਾਰੇ ਮੁੱਖ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਦੂਜਾ ਅਤੇ ਤੀਜੇ ਦਰਜੇ ਦੇ ਸਰਕਾਰੀ ਕੇਂਦਰਾਂ ਵਿੱਚ 5000 ਬੈਡ ਤਿਆਰ ਹਨ ਅਤੇ ਇਸ ਦੇ ਨਾਲ ਹੀ ਘੱਟ ਪ੍ਰਭਾਵਿਤ ਮਰੀਜ਼ਾਂ ਲਈ ਦਰਜਾ ਇਕ ਦੇ ਕੋਵਿਡ ਇਲਾਜ ਕੇਂਦਰਾਂ ਵਿੱਚ 10 ਤੋਂ 15 ਹਜ਼ਾਰ ਬੈਡ ਤਿਆਰ ਕੀਤੇ ਗਏ ਹਨ।

    ਉਨਾਂ ਕਿਹਾ ਕਿ ਜੇਕਰ ਜ਼ਰੂਰਤ ਪਵੇ ਤਾਂ ਦਰਜਾ ਇਕ ਵਾਲੇ ਬੈਡਾਂ ਦੀ ਸੰਖਿਆ 30 ਹਜ਼ਾਰ ਤੱਕ ਵਧਾਈ ਸਕਦੀ ਹੈ। ਉਨਾਂ ਅੱਗੋਂ ਕਿਹਾ ਕਿ ਸਥਾਨਕ ਪੱਧਰ ਦੇ ਇਲਾਜ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਹਸਪਤਾਲਾਂ ਦੀ ਸ਼ਮੂਲੀਅਤ ਕਰਵਾਈ ਜਾ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here